ਐੱਨਪੀਐੱਸ ਮੁਲਾਜ਼ਮਾਂ ਵੱਲੋਂ ਪਿੰਡਾਂ ’ਚ ਰੋਸ ਮਾਰਚ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਅਕਤੂਬਰ
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ 18 ਨਵੰਬਰ 2022 ਨੂੰ ਜਾਰੀ ਨੋਟੀਫਿਕੇਸ਼ਨ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਐੱਨ.ਪੀ.ਐੱਸ ਮੁਲਾਜ਼ਮਾਂ ਨੇ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਰੋਸ ਮਾਰਚ ਕੀਤਾ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਵਰਗ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਆਸ ਨਾਲ ‘ਆਪ’ ਸਰਕਾਰ ਨੂੰ ਚੁਣਿਆ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇਗੀ। ਇਸ ਸਬੰਧੀ ਚੋਣ ਵਾਅਦਿਆਂ ਵਿਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਸਮੇਤ ਸਭ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਅਦੇ ਵੀ ਕੀਤੇ ਪਰ ਇਹ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੋਟੀਫਿਕੇਸ਼ਨ ਤੁਰੰਤ ਲਾਗੂ ਕਰੇ। ਮੁਲਾਜ਼ਮ ਆਗੂ ਗੁਰਦਿਆਲ ਸਿੰਘ ਮਾਨ, ਗੁਰਿੰਦਰਪਾਲ ਸਿੰਘ ਖੇੜੀ, ਪਰਮਿੰਦਰ ਪਾਲ ਸਿੰਘ ਤੇ ਮਨਪ੍ਰੀਤ ਸਿੰਘ ਮੁਹਾਲੀ ਨੇ ਇਸ ਸਰਕਾਰ ਨੂੰ ਅਨਾੜੀ ਦੱਸਦਿਆਂ ਕਿਹਾ ਕਿ ਸਰਕਾਰ ਸਿਰਫ ਨੋਟੀਫਿਕੇਸ਼ਨ ਨਾਲ ਨਹੀ ਚੱਲਦੀ, ਉਸ ਨੂੰ ਅਮਲੀ ਜਾਮਾ ਵੀ ਪਾਉਣਾ ਪੈਂਦਾ ਹੈ।
ਪੈਨਸ਼ਨਰਾਂ ਵੱਲੋਂ ਰੋੋੋਸ ਵਿਖਾਵਾ
ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਭਲਕੇ ਸੋਮਵਾਰ ਨੂੰ ਭਲਕੇ ਅਰਥੀ ਫੂਕ ਵਿਖਾਵਾ ਕੀਤਾ ਜਾਵੇਗਾ| ਇਸ ਰੋਸ ਵਿਖਾਵੇ ਦੀਆਂ ਤਿਆਰੀਆਂ ਵਜੋਂ ਅੱਜ ਸਥਾਨਕ ਗਾਂਧੀ ਮਿਉਂਸਿਪਲ ਪਾਰਕ ਵਿੱਚ ਸਤਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੀਟਿੰਗ ’ਚ ਜਥੇਬੰਦੀਆਂ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਕਾਰਜ ਸਿੰਘ ਕੈਰੋਂ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਦੇ ਰਾਜ ਵਿੱਚ ਹਰੇਕ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਪਿਛਲੇ ਢਾਈ ਸਾਲ ਤੋਂ ਝੂਠੇ ਲਾਰੇ ਲਗਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਘਟੀਆ ਵਤੀਰੇ ਕਰਕੇ ਮਹਿੰਗਾਈ ਭੱਤੇ ਦੀਆਂ 15 ਪ੍ਰਤੀਸ਼ਤ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਾਰਨ ਪੈਨਸ਼ਨਰਾਂ ’ਚ ਰੋਸ ਹੈ।