For the best experience, open
https://m.punjabitribuneonline.com
on your mobile browser.
Advertisement

ਅਨਏਡਿਡ ਸਟਾਫ਼ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ

08:27 AM Sep 15, 2024 IST
ਅਨਏਡਿਡ ਸਟਾਫ਼ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਦੇ ਹੋਏ ਪੁਲੀਸ ਮੁਲਾਜ਼ਮ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਸਤੰਬਰ
ਅਨਏਡਿਡ ਸਟਾਫ ਫਰੰਟ ਪੰਜਾਬ ਏਡਿਡ ਸਕੂਲਜ਼ ਦੇ ਪੰਜਾਬ ਭਰ ਤੋਂ ਪੁੱਜੇ ਅਨਏਡਿਡ ਸਟਾਫ਼ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਪੁਲੀਸ ਵਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ। ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਏਡਿਡ ਸਕੂਲਾਂ ਦੇ ਅਨਏਡਿਡ ਮੁਲਾਜ਼ਮ ਇੱਥੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ-7 ਦੇ ਪਟਿਆਲਾ ਬਾਈਪਾਸ ਓਵਰਬ੍ਰਿੱਜ ਨੇੜੇ ਇਕੱਠੇ ਹੋਏ, ਜਿਥੋਂ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਤਾਂ ਉਥੇ ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਬੈਰੀਕੇਡਿੰਗ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਲਿਆ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਸੜਕ ’ਤੇ ਹੀ ਧਰਨਾ ਲਗਾ ਦਿੱਤਾ। ਇਸ ਮੌਕੇ ਫਰੰਟ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ, ਮੀਤ ਪ੍ਰਧਾਨ ਸੁਖਚੈਨ ਸਿੰਘ ਗੁਰਦਾਸਪੁਰ, ਪ੍ਰੈੱਸ ਸਕੱਤਰ ਵਰਿੰਦਰ ਸਿੰਘ ਸੰਗਰੂਰ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਲਿਖ਼ਤੀ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਮੀਟਿੰਗ ਨਹੀਂ ਕਰਵਾਈ ਗਈ। ਦੋ ਵਾਰ ਸਿੱਖਿਆ ਮੰਤਰੀ ਅਤੇ ਦੋ ਵਾਰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਏਡਿਡ ਸਕੂਲਾਂ ਦੀ ਗਿਣਤੀ 484 ਸੀ ਪਰੰਤੂ ਹੁਣ ਘੱਟ ਕੇ 437 ਰਹਿ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਲੰਮੇ ਸਮੇਂ ਤੋਂ ਸਟਾਫ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਸਟਾਫ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਨਿਗੂਣੀਆਂ ਤਨਖਾਹਾਂ ’ਤੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਨਿਸ਼ਚਿਤ ਨਾ ਕਰਵਾਈ ਤਾਂ ਉਹ ਪੱਕਾ ਮੋਰਚਾ ਲਗਾ ਕੇ ਇਥੇ ਹੀ ਬੈਠਣਗੇ। ਇਸ ਮੌਕੇ ਰਵਿੰਦਰ ਭਾਰਦਵਾਜ ਹੁਸ਼ਿਆਰਪੁਰ, ਸਤਨਾਮ ਸਿੰਘ ਤਲਵੰਡੀ ਸਾਬੋ, ਮੇਵਾ ਸਿੰਘ ਮਾਨਸਾ, ਗੁਰਪ੍ਰੀਤ ਸਿੰਘ ਬਠਿੰਡਾ, ਪ੍ਰਭਜੋਤ ਕੌਰ ਤਰਨ ਤਾਰਨ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ 27 ਸਤੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਅਤੇ ਰੋਸ ਧਰਨਾ ਸਮਾਪਤ ਕੀਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement