For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਹਿੰਦੂ ਪਰਿਸ਼ਦ ਤੇ ਭਾਜਪਾ ਆਗੂਆਂ ਵੱਲੋਂ ਰੋਸ ਮਾਰਚ

07:22 AM Apr 16, 2024 IST
ਵਿਸ਼ਵ ਹਿੰਦੂ ਪਰਿਸ਼ਦ ਤੇ ਭਾਜਪਾ ਆਗੂਆਂ ਵੱਲੋਂ ਰੋਸ ਮਾਰਚ
ਡੀਸੀ ਦਫ਼ਤਰ ਅੱਗੇ ਮਾਰਚ ਕਰਦੇ ਹੋਏ ਵਿਸ਼ਵ ਪਰਿਸ਼ਦ ਤੇ ਭਾਜਪਾ ਆਗੂ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਅਪਰੈਲ
ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ ਦੇ ਰੋਸ ਵਜੋਂ ਅੱਜ ਲੁਧਿਆਣਾ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਤੇ ਭਾਜਪਾ ਆਗੂਆਂ ਨੇ ਰੋਸ ਮਾਰਚ ਕੀਤਾ। ਇਸ ਦੌਰਾਨ ਆਗੂਆਂ ਨੇ ਡੀਸੀ ਦਫ਼ਤਰ ਅੱਗੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਮਗਰੋਂ ਡੀਸੀ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਦਿੱਤਾ। ਆਗੂਆਂ ਨੇ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹ ਪੰਜਾਬ ਵਿੱਚ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ।
ਰੋਸ ਮਾਰਚ ਦੌਰਾਨ ਭਾਜਪਾ ਆਗੂ ਰਜਨੀਸ਼ ਧੀਮਾਨ ਤੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਦਾਅਵਾ ਕਰਦੀ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸ਼ਥਾ ਬਿਲਕੁੱਲ ਠੀਕ ਹੈ ਪਰ ਸੂਬੇ ਵਿੱਚ ਰੋਜ਼ਾਨਾ ਕਿਸੇ ਨਾ ਕਿਸੇ ਦਾ ਕਤਲ ਕੀਤਾ ਜਾ ਰਿਹਾ ਹੈ। ਹਿੰਦੂ ਸੱਰਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਨੰਗਲ ਵਿੱਚ ਵੀ ਸਮਾਜ ਲਈ ਕੰਮ ਕਰਨ ਵਾਲੇ ਵਿਕਾਸ ਬੱਗਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਦੇ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੋ ਵੀ ਹਿੰਦੂ ਧਰਮ ਦੇ ਗੱਲ ਕਰਦਾ ਹੈ, ਉਸ ਨੂੰ ਮਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਕਰਨਾ ਤੇ ਆਪਣੇ ਧਰਮ ਦੀ ਗੱਲ ਕਰਨਾ ਹੁਣ ਸੂਬੇ ਵਿੱਚ ਗੁਨਾਹ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕ ਅਸੁਰੱਖਿਅਤ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਹੋਰ ਸੂਬਿਆਂ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।
ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਵਿਸ਼ਵ ਹਿੰਦੂ ਪਰਿਸ਼ਦ ਤੇ ਭਾਜਪਾ ਸਾਂਝੇ ਤੌਰ ’ਤੇ ਸੂਬੇ ਵਿੱਚ ਸੰਘਰਸ਼ ਸ਼ੁਰੂ ਕਰੇਗੀ। ਇਸ ਮੌਕੇ ’ਤੇ ਵੱਡੀ ਗਿਣਤੀ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਤੇ ਭਾਜਪਾ ਦੇ ਆਗੂ ਸ਼ਾਮਲ ਸਨ।

Advertisement

Advertisement
Author Image

Advertisement
Advertisement
×