For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ

09:04 AM May 24, 2024 IST
ਅਧਿਆਪਕਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ
ਸੰਗਰੂਰ ਵਿੱਚ ਆਪਣੀਆਂ ਮੰਗਾਂ ਦੇ ਹੱਕ ’ਚ ਰੋਸ ਮਾਰਚ ਕਰਦੇ ਹੋਏ ਅਧਿਆਪਕ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਮਈ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਰੋਸ ਮਾਰਚ ਕਰਦਿਆਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਦੌਰਾਨ ਜਥੇਬੰਦੀ ਨੇ ਅਧਿਆਪਕਾਂ ਨੂੰ ਆਪਣੇ ਹੱਕਾਂ ਵਾਸਤੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਜਾਣਕਾਰੀ ਅਨੁਸਾਰ ਡੀਟੀਐੱਫ਼ ਦੀ ਅਗਵਾਈ ਹੇਠ ਅਧਿਆਪਕ ਬੱਸ ਸਟੈਂਡ ਨੇੜੇ ਮੰਦਿਰ ਪਾਰਕ ਵਿਚ ਇਕੱਠੇ ਹੋਏ ਜਿਥੋਂ ਰੋਸ ਰੈਲੀ ਕਰਨ ਮਗਰੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ, ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ, ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਸਾਬਕਾ ਆਗੂ ਵਿਸ਼ਵ ਕਾਂਤ, ਰਘਵਿੰਦਰ ਸ਼ੇਰਪੁਰ ਅਤੇ ਬਲਾਕਾਂ ਦੇ ਆਗੂਆਂ ਜਗਦੇਵ ਕੁਮਾਰ, ਸੁਖਪਾਲ ਧੂਰੀ, ਮਹਿੰਦਰ ਪ੍ਰਤਾਪ, ਰਾਜਵੀਰ ਨਾਗਰਾ, ਪਵਨ ਕੁਮਾਰ, ਸੁਖਜਿੰਦਰ ਸੰਗਰੂਰ, ਕੁਲਵਿੰਦਰ ਸਿੰਘ, ਸਤਵੀਰ ਭੁਪਾਲ ਅਤੇ ਜਸਬੀਰ ਨਮੋਲ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਮੰਗਾਂ ਮਸਲੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਤੋਂ ਲਟਕ ਰਹੇ ਹਨ। ਮੁਲਾਜ਼ਮਾਂ ਨੇ ਕਾਂਗਰਸ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਉਸ ਨੂੰ ਸੱਤਾ ਵਿੱਚੋਂ ਬਾਹਰ ਕਰਕੇ ਜ਼ਾਹਿਰ ਕੀਤੀ ਸੀ ਪਰਮੁਲਾਜ਼ਮਾਂ ਦੀਆਂ ਆਸਾਂ ਦੇ ਉਲਟ ਮੌਜੂਦਾ ‘ਆਪ’ ਸਰਕਾਰ ਵੀ ਨਿਰੰਤਰ ਦੋ ਸਾਲਾਂ ਤੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਵੋਟਾਂ ਦੇ ਰਾਜ ਰੌਲੇ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਕਿਸੇ ਪਾਰਟੀ ਦੇ ਏਜੰਡੇ ’ਤੇ ਨਹੀਂ ਹਨ। ਅਜਿਹੇ ਵਿੱਚ ਜਥੇਬੰਦੀ ਇਹ ਰੈਲੀ ਕਰਕੇ ਆਪਣੀਆਂ ਮੰਗਾਂ ਸਰਕਾਰ ਸਮੇਤ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸੁਣਾਉਣ ਲਈ ਮਜਬੂਰ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ, 37 ਤਰ੍ਹਾਂ ਦੇ ਕੱਟੇ ਭੱਤਿਆਂ, ਏ.ਸੀ.ਪੀ. ਸਕੀਮ ਦੀ ਬਹਾਲੀ, ਕੰਪਿਊਟਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ, ਐਸੋਸੀਏਟ ਅਧਿਆਪਕਾਂ ਨੂੰ ਸਹੀ ਅਰਥਾਂ ਵਿੱਚ ਪੂਰੇ ਲਾਭਾਂ ਸਮੇਤ ਰੈਗੂਲਰ ਕਰਨ, ਅਖੌਤੀ ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, 6ਵੇਂ ਪੇ ਕਮਿਸ਼ਨ ਅਤੇ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ ਤੇ ਸਿੱਖਿਆ ਦੇ ਨਿੱਜੀਕਰਨ ਸਮੇਤ ਕਈ ਮੰਗਾਂ ਲਟਕ ਰਹੀਆਂ ਹਨ। ਆਗੂਆਂ ਨੇ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਚੁਣੌਤੀਆਂ ਦੇ ਮੱਦੇਨਜ਼ਰ ਕਰੜੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×