ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ
ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਅਕਤੂਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਲਗਾਏ ਤਿੰਨ ਰੋਜ਼ਾ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਆਖ਼ਰੀ ਦਿਨ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਨੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਨਵੀਂ ਪੈਨਸ਼ਨ ਯੋਜਨਾ ਨੂੰ ਵਾਅਦਾਖ਼ਿਲਾਫ਼ੀ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਜੀਪੀਐੱਫ਼ ਖਾਤੇ ਖੋਲ੍ਹਣ ਅਤੇ ਐੱਨਪੀਐੱਸ ਕਟੌਤੀ ਬੰਦ ਕਰਨ ਦਾ ਫੈਸਲਾ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।
ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ’ਤੇ ਤਿੰਨ ਰੋਜ਼ਾ ਮੋਰਚੇ ਦੇ ਆਖ਼ਰੀ ਦਿਨ ਅੱਜ ਵੈਟਰਨਰੀ ਇੰਸਪੈਕਟਰ ਯੂਨੀਅਨ, ਐਂਪਲਾਈਜ਼ ਫੈਡਰੇਸ਼ਨ (ਚਾਹਲ), ਲਾਇਬ੍ਰੇਰੀਅਨ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ, 6635 ਈਟੀਟੀ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫਰੰਟ ਅਤੇ ਡੀਐੱਮਐੱਫ ਨਾਲ ਜੁੜੇ ਮੁਲਾਜ਼ਮ ਸ਼ਾਮਲ ਹੋਏ। ਇਸ ਦੌਰਾਨ ਤਿੰਨ ਘੰਟੇ ਚੱਲੀ ਸੂਬਾਈ ਰੈਲੀ ’ਚ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਨ ਦੀ ਮੰਗ ਮੁੱਖ ਰੂਪ ਵਿੱਚ ਉੱਭਰ ਕੇ ਸਾਹਮਣੀ ਆਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ, ਜ਼ੋਨ ਕਨਵੀਨਰ ਗੁਰਬਿੰਦਰ ਖਹਿਰਾ, ਇੰਦਰ ਸੁਖਦੀਪ ਸਿੰਘ ਅਤੇ ਦਲਜੀਤ ਸਫੀਪੁਰ ਨੇ ਕਿਹਾ ਕਿ ਫਰੰਟ ਦੀ ਅਗਵਾਈ ਹੇਠ ਲਗਾਏ ਮੋਰਚੇ ਨਾਲ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ 2022 ਨੂੰ ‘ਆਪ’ ਸਰਕਾਰ ਵੱਲੋਂ ਜਾਰੀ ਕੀਤੇ ‘ਕਾਗਜ਼ੀ ਨੋਟੀਫਿਕੇਸ਼ਨ’ ਦੇ ਸਵਾ ਸਾਲ ਬੀਤਣ ਮਗਰੋਂ ਵੀ ਪੰਜਾਬ ਦੇ ਕਿਸੇ ਮੁਲਾਜ਼ਮ ’ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ। ਮੁਲਾਜ਼ਮ ਆਗੂ ਰਮਨਦੀਪ ਸਿੰਗਲਾ, ਜਗਦੀਸ਼ ਸੱਪਾਂਵਾਲੀ ਤੇ ਲਖਵਿੰਦਰ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤੀਆਂ ਭਰਤੀਆਂ ’ਤੇ ਵੀ ਨਵੀਂ ਪੈਨਸ਼ਨ ਸਕੀਮ ਹੀ ਲਾਗੂ ਹੈ ਜੋ ਮੁਲਾਜ਼ਮਾਂ ਨਾਲ ਵੱਡੀ ਵਾਅਦਾਖਿਲਾਫੀ ਹੈ। ਰੈਲੀ ਨੂੰ ਜਰਮਨਜੀਤ ਸਿੰਘ, ਵਿਕਰਮ ਦੇਵ, ਗੁਰਦੀਪ ਸਿੰਘ ਬਾਸੀ, ਰਜਿੰਦਰ ਸਿੰਘ ਤੂਰ, ਖੁਸ਼ਦੀਪ ਸਿੰਘ, ਜਸਵਿੰਦਰ ਔਜਲਾ, ਦਵਿੰਦਰ ਡਿੱਖ, ਮਿਲਖਾ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਛਹਿਬਰ ਸਿੰਘ, ਸੁਖਦੀਪ ਹਥਨ ਜਗਜੀਤ ਸਿੰਘ, ਰਛਪਾਲ ਸਿੰਘ, ਬਲਕਾਰ ਸਿੰਘ ਮਘਾਣੀਆਂ ਤੇ ਅਮਰਜੀਤ ਮੰਗਲੀ ਆਦਿ ਨੇ ਸੰਬੋਧਨ ਕੀਤਾ। ਇਸ ਮਗਰੋਂ ਮੁਲਾਜ਼ਮ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਜਿਥੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ।
ਪ੍ਰਸ਼ਾਸਨ ਵੱਲੋਂ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਦਾ ਭਰੋਸਾ
ਸੰਗਰੂਰ ਪ੍ਰਸ਼ਾਸਨ ਵੱਲੋਂ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਵਾਲੀ ਸਬ-ਕਮੇਟੀ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ ਹੈ।