ਕਿਸਾਨਾਂ ਵੱਲੋਂ ਵਿਧਾਇਕਾ ਦੀ ਕੋਠੀ ਨੇੜੇ ਰੋਸ ਧਰਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਨੇੜੇ ਰੋਸ ਧਰਨਾ ਦਿੱਤਾ ਗਿਆ ਅਤੇ ਵਿਧਾਇਕ ਭਰਾਜ ਨੂੰ ਮੰਗ ਪੱਤਰ ਸੌਂਪਿਆ ਗਿਆ।
ਧਰਨਾਕਾਰੀ ਕਿਸਾਨ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ, ਡੀਏਪੀ ਖਾਦ ਦਾ ਤੁਰੰਤ ਪ੍ਰਬੰਧ ਕਰਨ ਅਤੇ ਹੋਰ ਕਿਸਾਨੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ‘ਆਪ’ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ।
ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਹੇਠ ਕਿਸਾਨ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿੱਚ ਇਕੱਠੇ ਹੋਏ ਜਿਥੋਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਨੇੜੇ ਪੁੱਜੇ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇ, ਡੀਏਪੀ ਖਾਦ ਦੀ ਕਿੱਲਤ ਦੂਰ ਕੀਤੀ ਜਾਵੇ, ਡੀਏਪੀ ਖਾਦ ਤੁਰੰਤ ਕੋਆਪ੍ਰੇਟਿਵ ਸੁਸਾਇਟੀਆਂ ਵਿੱਚ ਭੇਜੀ ਜਾਵੇ, ਝੋਨੇ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕੀਤਾ ਜਾਵੇ, ਜੇ ਪ੍ਰਬੰਧ ਨਾ ਕੀਤਾ ਗਿਆ ਤਾਂ ਕਿਸਾਨ ਝੋਨੇ ਦੀ ਪਰਾਲੀ ਸਾੜਨ ਲਈ ਮਜਬੂਰ ਹੋਣਗੇ। ਇਸ ਦੌਰਾਨ ਕਿਸਾਨਾਂ ਵਲੋਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਕਿਸਾਨਾਂ ਨੇ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਹੜਤਾਲ ਨੂੰ ਲੈਕੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਇਕਾਈ ਸੁਨਾਮ ਨੇ ਰੋਸ ਜ਼ਾਹਿਰ ਕੀਤਾ। ਵਫ਼ਦ ਵੱਲੋਂ ਕਾਰਜਕਾਰੀ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਡੀਆਂ ’ਚ ਝੋਨੇ ਦੀ ਖਰੀਦ ਨੂੰ ਸਚਾਰੂ ਬਣਾਉਣ, ਕਿਸਾਨਾਂ ਨੂੰ ਸਮੇ ਸਿਰ ਲੋੜੀਂਦਾ ਡੀਏਪੀ ਖਾਦ ਮੁਹੱਈਆ ਕਰਵਾਉਣ ਅਤੇ ਪਰਾਲੀ ਸਾੜਨ ’ਤੇ ਕਿਸਾਨਾਂ ’ਤੇ ਦਰਜ ਕੀਤੇ ਜਾ ਰਹੇ ਕੇਸ ਬੰਦ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਸਿੰਘ ਬਿਗੜਵਾਲ, ਮਲਕੀਤ ਸਿੰਘ ਲਖਮੀਰਵਾਲਾ, ਸੁਖਵੀਰ ਸਿੰਘ ਮਹਿਲਾਂ, ਦਰਸ਼ਨ ਸਿੰਘ ਚੀਮਾ, ਗੁਰਲਾਲ ਸਿੰਘ, ਜਗਸੀਰ ਸਿੰਘ ਮੌਜੂਦ ਸਨ।