ਇਸਤਰੀ ਜਾਗ੍ਰਿਤੀ ਮੰਚ ਵੱਲੋਂ ਰੋਸ ਮੁਜ਼ਾਹਰਾ
ਖੇਤਰੀ ਪ੍ਰਤੀਨਿਧ
ਪਟਿਆਲਾ, 1 ਅਕਤੂਬਰ
ਕੋਲਕਾਤਾ ਦੇ ਇਕ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਮਗਰੋਂ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ ਦਿਵਾਉਣ ਤੇ ਦੇਸ਼ ਭਰ ਵਿੱਚ ਵਧ ਰਹੀਆਂ ਜਬਰ-ਜਨਾਹ ਦੀਆਂ ਘਟਨਾਵਾਂ ਖ਼ਿਲਾਫ਼ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਮੰਚ ਆਗੂ ਅਮਨ ਦਿਓ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਪੁੱਡਾ ਗਰਾਊਂਡ ਵਿੱਚ ਹੋਈ ਇਕੱਤਰਤਾ ਮਗਰੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰਦਾ ਹੋਇਆ ਇਹ ਕਾਫਲਾ ਡੀਸੀ ਦਫ਼ਤਰ ਪੁੱਜਿਆ ਤੇ ਏਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦੇ ਕੇ ਪੀੜਤਾ ਲਈ ਇਨਸਾਫ਼ ਮੰਗਿਆ। ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੀ ਸਕੱਤਰ ਅਮਨਦੀਪ ਕੌਰ ਅਤੇ ਜ਼ਿਲ੍ਹਾ ਆਗੂ ਸਪਨਾ ਨੇ ਕਿਹਾ ਦੇਸ਼ ਅੰਦਰ ਔਰਤਾਂ ਖ਼ਿਲਾਫ਼ ਜਬਰ-ਜਨਾਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਲਕਾਤਾ ਵਿੱਚ ਮਹਿਲਾ ਡਾਕਟਰ ਦੇ ਹੱਤਿਆ ਮਾਮਲੇ ਵਿਚ ਡੇਢ ਮਹੀਨੇ ਤੋਂ ਵੱਧ ਹੋ ਗਿਆ ਪਰ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਅਮਨਦੀਪ ਕੌਰ, ਕੁਲਜੀਤ ਕੌਰ, ਪਰਮਜੀਤ ਕੌਰ ਅਤੇ ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਸਤਬੀਰ ਕੌਰ ਆਦਿ ਨੇ ਸੰਬੋਧਨ ਕੀਤਾ।