ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਰੋਸ ਰੈਲੀਆਂ
ਜਤਿੰਦਰ ਬੈਂਸ
ਗੁਰਦਾਸਪੁਰ, 15 ਸਤੰਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਰੋਸ ਰੈਲੀਆਂ ਕੀਤੀਆਂ ਗਈਆਂ। ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ 18 ਸਤੰਬਰ ਨੂੰ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਆਗੂਆਂ ਰਸ਼ਪਾਲ ਸਿੰਘ, ਬੂਟਾ ਰਾਮ, ਮਹਿੰਦਰੋ, ਬਿੰਦੂ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੇ ਸੰਬੋਧਨ ਕਰਦੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਲੋਕ ਖਾਸ ਕਰਕੇ ਦਲਿਤ ਅੱਜ ਵੀ ਸਾਧਨਹੀਣ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਜਾਤੀ-ਪਾਤੀ ਦਾਬਾ ਬਰਕਰਾਰ ਹੈ। ਉਨ੍ਹਾਂ ਕਿਹਾ ਮਗਨਰੇਗਾ ਕਾਨੂੰਨ ਤਹਿਤ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ ਹੋਣ ਦੇ ਬਾਵਜੂਦ ਕੰਮ ਸਿਰਫ਼ ਨਾਮਾਤਰ ਹੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੰਮਕਾਰ ਨਾ ਦੇਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤਾ ਦੇਣ ਦੀ ਗਾਰੰਟੀ ਦਾ ਨਿਯਮ ਮਜ਼ਦੂਰਾਂ ਲਈ ਕੌਝਾ ਮਜ਼ਾਕ ਬਣ ਕੇ ਰਹਿ ਚੁੱਕਾ ਹੈ।
ਬੁਲਾਰਿਆਂ ਕਿਹਾ ਕਿ ਪੰਜ-ਪੰਜ ਮਰਲੇ ਪਲਾਟ, ਨਾ ਕਰਜ਼ੇ ਮੁਆਫ਼, ਨਾ ਦਿਹਾੜੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਤਿੱਖੇ ਸੰਘਰਸ਼ਾਂ ਦੇ ਰਾਹ ਪੈਣ ਦੀ ਅਹਿਮ ਲੋੜ ਹੈ। ਆਗੂਆਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ 18 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ।