ਦਾਨ ਸਿੰਘ ਵਾਲਾ ’ਚ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਰੋਸ ਰੈਲੀ
ਮਨੋਜ ਸ਼ਰਮਾ
ਬਠਿੰਡਾ, 17 ਜਨਵਰੀ
ਪਿੰਡ ਦਾਨ ਸਿੰਘ ਵਾਲਾ ਵਿੱਚ ਹਾਲ ਹੀ ਵਿੱਚ ਵਾਪਰੀ ਅੱਗ ਲਾਉਣ ਦੀ ਘਟਨਾ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਰੋਸ ਰੈਲੀ ਕੀਤੀ ਗਈ। ਬੁਲਾਰਿਆਂ ਨੇ ਦਲਿਤ ਬਸਤੀ ਦੇ 8 ਘਰਾਂ ਨੂੰ ਪੈਟਰੋਲ ਬੰਬਾਂ ਨਾਲ ਸਾੜਨ ਦੀ ਘਟਨਾ ਦੀ ਨਿੰਦਾ ਕੀਤੀ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਆਗੂ ਕਾਮਰੇਡ ਅਮੀ ਲਾਲ, ਏਕਟੂ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਰਾਣਾ, ਗੁਰਨਾਮ ਸਿੰਘ ਦਾਊਦ (ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ) ਅਤੇ ਹੋਰ ਆਗੂਆਂ ਨੇ ਪੰਜਾਬ ਪੁਲੀਸ ਅਤੇ ਪਿੰਡ ਦੇ ਸਰਪੰਚ ਬੰਤਾ ਸਿੰਘ ਨੂੰ ਨਿਸ਼ਾਨਾ ਬਣਾਇਆ ਅਤੇ ਘਟਨਾ ’ਤੇ ਰੋਸ ਪ੍ਰਗਟਾਇਆ। ਬੁਲਾਰਿਆਂ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਇਸ ਘਟਨਾ ਲਈ ਜ਼ਿੰਮੇਵਾਰ ਹੈ, ਕਿਉਂਕਿ ਉਨ੍ਹਾਂ ਬਸਤੀ ਦੇ ਮਸਲਿਆਂ ਦੀ ਜਾਣਕਾਰੀ ਹੋਣ ਦੇ ਬਾਵਜੂਦ ਢਿੱਲਾ ਵਿਹਾਰ ਕੀਤਾ। ਉਨ੍ਹਾਂ ਕਿਹਾ ਕਿ ਜੇ ਪੁਲੀਸ ਨੇ ਸਮੇਂ ’ਤੇ ਕਾਰਵਾਈ ਕੀਤੀ ਹੁੰਦੀ, ਤਾਂ ਇਹ ਕੰਮ ਨਾ ਹੁੰਦਾ। ਰੈਲੀ ਦੌਰਾਨ ਇਹ ਮੰਗ ਕੀਤੀ ਗਈ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਮਾਲੀ ਸਹਾਇਤਾ ਦਿੱਤੀ ਜਾਵੇ, ਉਨ੍ਹਾਂ ਦੇ ਘਰ ਬਣਾਉਣ ਲਈ ਗਰਾਂਟ ਜਾਰੀ ਕੀਤੀ ਜਾਵੇ ਅਤੇ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਭਰਿਆ ਜਾਵੇ। ਦੋਸ਼ੀਆਂ ਨੂੰ ਸਖਤ ਧਾਰਾਵਾਂ ਤਹਿਤ ਜੇਲ੍ਹ ਭੇਜਿਆ ਜਾਵੇ। ਅਖੀਰ ਵਿੱਚ ਐਕਸ਼ਨ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ 28 ਜਨਵਰੀ ਨੂੰ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਬਠਿੰਡਾ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ 50,000 ਪ੍ਰਤੀ ਘਰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਧਾਰਾ 307 ਦਾ ਵਾਧਾ ਕੀਤਾ ਗਿਆ ਹੈ।