ਯੂਟੀ ਮੁਲਾਜ਼ਮਾਂ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਰੋਸ ਰੈਲੀ
ਕੁਲਦੀਪ ਸਿੰਘ
ਚੰਡੀਗੜ੍ਹ, 8 ਅਕਤੂਬਰ
ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੇ ਬੈਨਰ ਹੇਠ ਅੱਜ ਯੂਟੀ ਦੇ ਸੈਂਕੜੇ ਵਰਕਰਾਂ ਨੇ ਸੈਕਟਰ-17 ਵਿੱਚ ਪ੍ਰਸ਼ਾਸਨ ਖ਼ਿਲਾਫ਼ ਰੋਸ ਰੈਲੀ ਅਤੇ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਕੋਆਰਡੀਨੇਸ਼ਨ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਮੰਗਾਂ ਦੇ ਹੱਲ ਲਈ ਜਲਦ ਹੀ ਉੱਚ ਪੱਧਰੀ ਮੀਟਿੰਗ ਬੁਲਾਈ ਜਾਵੇਗੀ।
ਰੈਲੀ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਚੇਅਰਮੈਨ ਸੁਰੇਸ਼ ਕੁਮਾਰ, ਜਨਰਲ ਸਕੱਤਰ ਰਾਕੇਸ਼ ਕੁਮਾਰ, ਚੀਫ ਪੈਟਰਨ ਅਨਿਲ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਕੁਮਾਰ ਅਤੇ ਸੁਖਬੀਰ ਸਿੰਘ, ਪੈਟਰਨ ਅਸ਼ੋਕ ਬੈਨੀਵਾਲ ਨੇ ਕਿਹਾ ਕਿ ਇੱਕ ਪਾਸੇ ਪ੍ਰਸ਼ਾਸਨ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕਰ ਰਿਹਾ ਹੈ ਅਤੇ ਦੂਜੇ ਪਾਸੇ ਉਨ੍ਹਾਂ ਮੰਗਾਂ ’ਤੇ ਮੀਟਿੰਗ ਵੀ ਕਰਨ ਨੂੰ ਤਿਆਰ ਨਹੀਂ ਹੈ।
ਉਨ੍ਹਾਂ ਮੰਗ ਕੀਤੀ ਕਿ ਦਿਵਾਲੀ ਤੋਂ ਪਹਿਲਾਂ ਬਕਾਇਆ ਤਨਖ਼ਾਹ ਅਤੇ ਅਤੇ ਬੋਨਸ ਦਿੱਤਾ ਜਾਵੇ, ਆਊਟ ਸੋਰਸਡ ਵਰਕਰਾਂ ਦੀ ਤਨਖ਼ਾਹ ਬਰਾਬਰ ਕੰਮ ਦੇ ਫਾਰਮੂਲੇ ਦੇ ਆਧਾਰ ’ਤੇ ਨਿਸ਼ਚਿਤ ਕੀਤੀ ਜਾਵੇ ਅਤੇ ਉਨ੍ਹਾਂ ਦੇ ਲਈ ਸੁਰੱਖਿਅਤ ਨੀਤੀ ਬਣਾਈ ਜਾਵੇ, ਕੱਢੇ ਗਏ ਵਰਕਰਾਂ ਨੂੰ ਕੰਮ ’ਤੇ ਵਾਪਸ ਲਿਆ ਜਾਵੇ ਆਦਿ।
ਪੁਤਲਾ ਫੂਕ ਮੁਜ਼ਾਹਰੇ ਦੀ ਚਿਤਾਵਨੀ
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਚੰਡੀਗੜ੍ਹ ਪ੍ਰਸ਼ਾਸਨ ਮੰਗਾਂ ਦੇ ਹੱਲ ਦੇ ਲਈ ਸਾਰਥਕ ਯਤਨ ਨਹੀਂ ਕਰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। 10 ਅਕਤੂਬਰ ਨੂੰ ਪੁਤਲਾ ਫੂਕ ਮੁਜ਼ਾਹਰਾ ਕੀਤਾ ਜਾਵੇਗਾ ਤੇ 23 ਅਕਤੂਬਰ ਨੂੰ ਚੰਡੀਗੜ੍ਹ ਸਕੱਤਰੇਤ ਦੇ ਸਾਹਮਣੇ ਹੱਥਾਂ ਵਿੱਚ ਮੰਗਾਂ ਦੇ ਬੈਨਰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।