ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਵੱਲੋਂ ਰੋਸ ਰੈਲੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਨਵੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਸੈਂਕੜੇ ਮੁਲਾਜ਼ਮਾਂ ਨੇ ਇੱਥੇ ਕਾਲੇ ਚੋਲੇ ਪਾ ਕੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕਰਨਾ ਸੀ ਪਰ ਵਿੱਤ ਮੰਤਰੀ ਨਾਲ 28 ਨਵੰਬਰ ਦੀ ਮੀਟਿੰਗ ਤੈਅ ਹੋਣ ਕਾਰਨ ਉਨ੍ਹਾਂ ਮਾਰਚ ਮੁਲਤਵੀ ਕਰ ਦਿੱਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ ਸਬੰਧੀ ਲਿਖਤੀ ਪੱਤਰ ਵੀ ਸੌਂਪਿਆ ਗਿਆ।
ਇਸ ਤੋਂ ਪਹਿਲਾਂ ਸਿਵਲ ਹਸਪਤਾਲ ਕੰਪਲੈਕਸ ਵਿਚ ਰੋਸ ਰੈਲੀ ਨੂੰ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਕਾਰਜਕਾਰੀ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਅੱਜ ਤੋਂ ਇੱਕ ਸਾਲ ਪਹਿਲਾਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ 1 ਜਨਵਰੀ 2004 ਤੋਂ ਬਾਅਦ ਭਰਤੀ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ਼ ਖਾਤਾ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ, ਝਾਰਖੰਡ ਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਐਨ.ਪੀ.ਐਸ. ਦੀ ਕਟੌਤੀ ਬੰਦ ਕਰਕੇ ਜੀ.ਪੀ.ਐਫ਼. ਦੀ ਕਟੌਤੀ ਵੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ’ਚ ਟਾਲ ਮਟੋਲ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ’ਚ ਸ਼ਾਮਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਵੀ ਪੱਲੇ ਨਹੀਂ ਪਿਆ। ਜੇਕਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਪੰਜਾਬ ਸਰਕਾਰ ਨੂੰ ਲਗਪਗ 4000 ਕਰੋੜ ਦਾ ਸਾਲਾਨਾ ਮਾਲੀਆ ਇਕੱਠਾ ਹੋਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਯੋਜਨਾ ਤੁਰੰਤ ਲਾਗੂ ਕੀਤੀ ਜਾਵੇ। ਇਸ ਮੌਕੇ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ, ਪ੍ਰੇਮ ਚਾਵਲਾ ਤੇ ਗੁਰਪ੍ਰੀਤ ਮਾੜੀ ਆਦਿ ਨੇ ਵੀ ਸੰਬੋਧਨ ਕੀਤਾ।