ਪੰਜਾਬ ਭਰ ’ਚੋਂ ਆਏ ਈਟੀਟੀ ਅਧਿਆਪਕਾਂ ਵੱਲੋਂ ਰੋਸ ਰੈਲੀ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 13 ਅਕਤੂਬਰ
ਸਿੱਖਿਆ ਵਿਭਾਗ ਵਿੱਚ ਪਿਛਲੇ ਅੱਠ ਸਾਲ ਤੋਂ ਸੇਵਾਵਾਂ ਨਿਭਾਅ ਰਹੇ ਰੈਗੂਲਰ 180 ਈਟੀਟੀ ਅਧਿਆਪਕਾਂ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇੱਥੇ ਪੁੱਜ ਕੇ ਆਪਣੀਆਂ ਮੰਗਾਂ ਸਬੰਧੀ ਸ਼ਹਿਰ ਵਿੱਚ ਰੋਸ ਰੈਲੀ ਕੀਤੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਦੇ ਲਾਰਿਆਂ ਤੋਂ ਅੱਕ ਕੇ ਉਹ ਸੰਘਰਸ਼ ਦੇ ਰਾਹ ਪਏ ਹਨ। ਸੋਹਣ ਸਿੰਘ ਬਰਨਾਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਗੈਰਕਾਨੂੰਨੀ ਢੰਗ ਨਾਲ ਪੰਜ ਸਾਲ ਦੀਆਂ ਰੈਗੂਲਰ ਸੇਵਾਵਾਂ ਖ਼ਤਮ ਕਰ ਕੇ ਮੁੜ ਨਵੇਂ ਸਿਰੇ ਤੋਂ ਨਿਯੁਕਤੀ ਪੱਤਰ ਦੇ ਕੇ ਉਨ੍ਹਾਂ ਨਾਲ ਧੱਕਾ ਕੀਤਾ ਹੈ। ਇਸ ਤਰ੍ਹਾਂ ਜਿੱਥੇ ਉਨ੍ਹਾਂ ਦੀ ਪਿਛਲੀ ਸੇਵਾ ਖ਼ਤਮ ਕਰ ਦਿੱਤੀ ਗਈ ਹੈ ਉੱਥੇ ਹੀ ਉਨ੍ਹਾਂ ’ਤੇ ਜਬਰੀ ਨਵਾਂ ਤਨਖਾਹ ਸਕੇਲ ਲਾਗੂ ਕੀਤਾ ਗਿਆ ਹੈ। ਅਧਿਆਪਕਾਂ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਅੱਜ ਦੀ ਰੋਸ ਰੈਲੀ ਦੌਰਾਨ ਅਧਿਆਪਕਾਂ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਬਾਜ਼ਾਰ ਵਿੱਚ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਮੁਖ ਸਿੰਘ, ਜਸਵਿੰਦਰ ਸਿੰਘ ਸਿੱਧੂ, ਰਾਕੇਸ਼ ਗੁਰਦਾਸਪੁਰ, ਵਿਕਰਮਜੀਤ ਸਿੰਘ, ਗੁਰਪ੍ਰੀਤ ਸਿੱਧੂ, ਗੁਰਸਾਹਿਬ ਸਿੰਘ, ਪ੍ਰਦੀਪ ਬਰਨਾਲਾ, ਮਨਦੀਪ ਸਿੱਧੂ, ਹਰਪ੍ਰੀਤ, ਗੌਰਵ ਤੇ ਇਕਬਾਲ ਖਾਨ ਹਾਜ਼ਰ ਸਨ।