ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਰੈਲੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਦਸੰਬਰ
ਆਲ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ ਸ਼ਰਮਾ, ਪ੍ਰਧਾਨ ਸੁਰਿੰਦਰ ਕੁਮਾਰ ਬਾਲੀਆਂ, ਪਵਨ ਕੁਮਾਰ ਬਡਰੁੱਖਾਂ ਅਤੇ ਅਜਮੇਰ ਸਿੰਘ ਦੇ ਪ੍ਰਧਾਨਗੀ ਮੰਡਲ ਹੇਠ ਹੋਈ ਰੈਲੀ ਦੌਰਾਨ ਪੈਨਸ਼ਨਰਾਂ ਵੱਲੋਂ ਸਰਕਾਰ ’ਤੇ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਅਤੇ ਤੁਰੰਤ ਮੰਗਾਂ ਹੱਲ ਕਰਨ ਦੀ ਮੰਗ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂ ਜਗਦੀਸ ਸ਼ਰਮਾ, ਸੁਰਿੰਦਰ ਕੁਮਾਰ ਬਾਲੀਆਂ, ਬਿੱਕਰ ਸਿੰਘ ਸਿਬੀਆ, ਭਰਥਰੀ ਸ਼ਰਮਾ, ਬਲਵੰਤ ਸਿੰਘ ਢਿੱਲੋਂ ਅਤੇ ਪੁਲੀਸ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨਸੁਰ ਪੈਨਸਨਰਾਂ ਨੂੰ ਪੈਨਸਨ ਫਿਕਸ ਕਰਨ ਲਈ 2.59 ਗੁਣਾਂਕ, 1-1-2016 ਤੋਂ 30-08-2021 ਤੱਕ ਦੇ ਬਕਾਏ, ਡੀਏ ਦੀਆਂ 11 ਫ਼ੀਸਦੀ ਕਿਸ਼ਤਾਂ, 249 ਮਹੀਨਿਆਂ ਦੇ ਡੀਏ ਦੇ ਬਕਾਏ ਅਤੇ ਕੈਸਲੈਸ਼ ਮੈਡੀਕਲ ਸਹਾਇਤਾਂ ਸਕੀਮ ਲਾਗੂ ਕਰਨ, ਸਰਕਾਰ ਦੀ ਪੈਨਸਨਰਾਂ ਪ੍ਰਤੀ ਦਿਖਾਈ ਜਾ ਰਹੀ ਲਾਪ੍ਰਵਾਹੀ, ਅਣਦੇਖੀ ਅਤੇ ਧੱਕੇਸ਼ਾਹੀ ਕਾਰਨ ਪੈਨਸ਼ਨਰਾਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਈਏਐੱਸ, ਆਈਪੀਐੱਸ ਅਤੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਸਾਰੇ ਲਾਭ ਦਿੱਤੇ ਗਏ ਹਨ ਪਰ ਪੈਨਸ਼ਨਰਾਂ ਨੂੰ ਇਨ੍ਹਾਂ ਲਾਭਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ, ਹਿਮਾਚਲ, ਯੂਪੀ, ਬਿਹਾਰ ਵੱਲੋਂ ਪੈਨਸ਼ਨਰਾਂ ਨੂੰ ਕੇਂਦਰ ਬਰਾਬਰ 53 ਫ਼ੀਸਦੀ ਡੀਏ ਦੇ ਦਿੱਤੇ ਹਨ ਪਰ ਪੰਜਾਬ ਸਰਕਾਰ ਵੱਲੋਂ ਪੈਨਸਨਰਾਂ ਨੂੰ ਅਣਗੌਲਿਆਂ ਕਰਕੇ ਬੇਇਨਸਾਫੀ ਅਤੇ ਧੱਕਾ ਕੀਤਾ ਜਾ ਰਿਹਾ ਹੈ। ਰੈਲੀ ਵਿੱਚ ਐਲਾਨ ਕੀਤਾ ਕਿ ਜੇਕਰ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝੇ ਫਰੰਟ ਦੇ ਫ਼ੈਸਲੇ ਅਨੁਸਾਰ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਦਿ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਪ੍ਰਧਾਨ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿਖੇ ਹੋਈ। ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਭਖਵੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਚਾਰਾਂ ਹੋਈਆਂ। ਮੀਟਿੰਗ ਚ ਹਾਜ਼ਰੀਨ ਪੈਨਸ਼ਨਰਾਂ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸੇ ਦੌਰਾਨ ਆਉਂਦੀ 17 ਦਸੰਬਰ ਨੂੰ ਮਨਾਏ ਜਾ ਰਹੇ ਪੈਨਸ਼ਨ ਦਿਵਸ ਸਬੰਧੀ ਵਿਚਾਰ ਚਰਚਾ ਕੀਤੀ ਗਈ।