ਮਾਰਕੀਟ ਕਮੇਟੀ ਦਫ਼ਤਰ ਅੱਗੇ ਆੜ੍ਹਤੀਆਂ ਦਾ ਧਰਨਾ ਜਾਰੀ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਅਪਰੈਲ
ਆੜ੍ਹਤੀ ਐਸੋਸੀਏਸ਼ਨ ਦੇ ਬੈਨਰ ਹੇਠ ਆੜ੍ਹਤੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਲਗਾਇਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਹਰਿਆਣਾ ਵਪਾਰ ਮੰਡਲ ਨੇ ਆੜ੍ਹਤੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਆੜ੍ਹਤੀਆਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਆਪਣੇ ਸੰਘਰਸ਼ ਨੂੰ ਤਿੱਖਾ ਕਰਨ ਅਤੇ ਪੰਜ ਅਪਰੈਲ ਨੂੰ ਦਾਣਾ ਮੰਡੀਆਂ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਧਰਨੇ ’ਤੇ ਬੈਠੇ ਆੜ੍ਹਤੀਆਂ ਨੂੰ ਸੰਬੋਧਨ ਕਰਦਿਆਂ ਹਰਿਆਣਾ ਵਪਾਰ ਮੰਡਲ ਦੇ ਆਗੂ ਬਜਰੰਗ ਗਰਗ, ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਮਨੋਹਰ ਮਹਿਤਾ ਨੇ ਕਿਹਾ ਕਿ ਸਰਕਾਰ ਕਮਿਸ਼ਨ ਏਜੰਟਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਾਰੋਬਾਰ ਬੰਦ ਕਰਵਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਜਿਵੇਂ ਕਪਾਹ, ਸਰ੍ਹੋਂ, ਸੂਰਜਮੁਖੀ, ਬਾਜਰਾ ਆਦਿ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਸਿਰਫ਼ ਕਮਿਸ਼ਨ ਏਜੰਟਾਂ ਰਾਹੀਂ ਹੀ ਖ਼ਰੀਦੀਆਂ ਜਾਣ।