ਪੀਟੀਏ ਫੰਡ ਵਸੂਲਣ ਖ਼ਿਲਾਫ਼ ਧਰਨਾ ਦੂਜੇ ਦਿਨ ਵੀ ਜਾਰੀ
ਜੋਗਿੰਦਰ ਸਿੰਘ ਮਾਨ
ਮਾਨਸਾ, 20 ਅਗਸਤ
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਵਸੂਲੇ ਜਾ ਰਹੇ ਜ਼ਬਰਦਸਤੀ ਪੀਟੀਏ ਫੰਡ ਖ਼ਿਲਾਫ਼ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਤੱਕ ਪੀਟੀਏ ਫੰਡ ਮੁਆਫ਼ ਨਹੀਂ ਕੀਤਾ ਜਾਂਦਾ, ਉਨਾ ਚਿਰ ਤੱਕ ਸੰਘਰਸ਼ ਜਾਰੀ ਰਹੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਪੀਟੀਏ ਫੰਡ ਦੀ ਮੁਆਫ਼ੀ ਬਾਰੇ ਕੋਈ ਗੱਲ ਕਰਨ ਲਈ ਤਿਆਰ ਨਹੀਂ ਹੈ,ਜਿਸ ਕਾਰਨ ਧਰਨਾ ਜਾਰੀ ਹੈ। ਉਨ੍ਹਾਂ ਤ ਕਿ ਅੱਜ ਰਾਤ ਨੂੰ ਪ੍ਰਦੀਪ ਗੁਰੂ, ਗੁਰਵਿੰਦਰ ਨੰਦਗੜ੍ਹ, ਅਭੀ ਮਾਨਸਾ, ਜਗਤਾਰ ਫਤਿਹਪੁਰ ਅਤੇ ਬਲਜੀਤ ਮਾਨਸਾ ਧਰਨੇ ’ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇ ਕਾਲਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੁਕੰਮਲ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਮਾਨਸਾ, ਰੀਤੂ ਕੌਰ ਰਮਦਿੱਤੇ ਵਾਲਾ ਹਾਜ਼ਰ ਸਨ।