ਪਿੰਡਾਂ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਮਨੋਜ ਸ਼ਰਮਾ
ਬਠਿੰਡਾ, 23 ਮਾਰਚ
ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੰਜਾਬ ਦੀ ‘ਆਪ’ ਸਰਕਾਰ ਦੇ ਹੁਕਮਾਂ ਅਨੁਸਾਰ ਪੁਲੀਸ ਵੱਲੋਂ ਕੀਤੇ ਜ਼ੁਲਮ, ਟਰੈਕਟਰਾਂ ਦੀ ਤੋੜ-ਫੋੜ, ਕਿਸਾਨਾਂ ਦੀ ਜ਼ਬਰਦਸਤੀ ਗ੍ਰਿਫਤਾਰੀ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਅੱਜ ਪਿੰਡ ਮਹਿਮਾ ਸਰਜਾ, ਕੋਠੇ ਨਾਥੀਆਣਾ, ਕੋਠੇ ਲੱਖੀ ਜੰਗਲ ਆਦਿ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਰੋਸ ਪ੍ਰਗਟਾਇਆ ਗਿਆ।
ਇਸ ਮੌਕੇ ਬੀਕੇਯੂ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਮਹਿਮਾ ਸਰਜਾ, ਅੰਗਰੇਜ ਸਿੰਘ ਗੇਜਾ ਲੱਖੀ ਜੰਗਲ ਅਤੇ ਕਾਲਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਗੁਰਦੀਪ ਸਿੰਘ ਮਹਿਮਾ ਸਰਜਾ ਨੇ ਕਿਹਾ ਕਿ ਭਾਰਤ ਵਿਚ ਹਰ ਵਿਅਕਤੀ ਨੂੰ ਆਪਣੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ।
ਉਨ੍ਹਾਂ ਕਿਹਾ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ਲੋਕਾਂ ਉੱਤੇ ਜ਼ੁਲਮ ਕਰਨ ਦਾ ਕੋਈ ਹੱਕ ਨਹੀਂ ਹੈ, ਸਗੋਂ ਲੋਕਾਂ ਨੂੰ ਇਨਸਾਫ਼ ਦੇਣ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕੇ ਜੇਕਰ ਸਰਕਾਰਾਂ ਹੀ ਲੋਕਾਂ ਉੱਤੇ ਇਸ ਤਰ੍ਹਾਂ ਜ਼ੁਲਮ ਢਾਹੁਣਗੀਆਂ ਤਾਂ ਦੇਸ਼ ਵਿੱਚ ਕਾਨੂੰਨ ਅਤੇ ਨਿਆਂ ਪ੍ਰਣਾਲੀ ਦੀ ਕੀ ਇੱਜ਼ਤ ਰਹਿ ਜਾਵੇਗੀ। ਇਸ ਮੌਕੇ ਯੂਨੀਅਨ ਆਗੂ ਗੋਰਾ ਸਿੰਘ ਮਹਿਮਾ ਸਰਜਾ, ਸਤਨਾਮ ਸਿੰਘ ਸੱਤੂ, ਮਲਕੀਤ ਸਿੰਘ ਗੱਦੂ, ਭੂਰਾ ਸਿੰਘ, ਸੋਨੀ ਸਿੰਘ ਆਦਿ ਹਾਜ਼ਰ ਸਨ।