ਸੇਵੇਵਾਲਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਜ਼ਾਹਰੇ
ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਅਗਸਤ
ਪਿੰਡ ਚੰਗਾਲੀਵਾਲਾ, ਗੰਢੂਆਂ ਅਤੇ ਕਲਰਭੈਣੀ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਗ੍ਰਿਫ਼ਤਾਰੀ ਖਿਲਾਫ਼ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਸੇਵੇਵਾਲਾ ਦੀ ਗ੍ਰਿਫ਼ਤਾਰੀ ਪਿੰਡ ਸਿੱਠੜੀ ਵਿੱਚ ਚੱਲ ਰਹੇ ਸੰਘਰਸ਼ ਨੂੰ ਤਾਰੋਪੀੜ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿੰਡ ਸਿੱਠੜੀ ਦੀ 14 ਸਾਲ ਦੀ ਬਾਲੜੀ ਨਾਲ ਜਬਰ ਜਨਾਹ ਦੀ ਘਟਨਾ ਵਾਪਰੀ ਸੀ ਅਤੇ ਕਥਿਤ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਥਾਣੇ ਦਾ ਘਿਰਾਓ ਕਰਨ ਦੀ ਯੋਜਨਾ ਸੀ ਜਿਸ ਨੂੰ ਲੈੈ ਕੇ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਸ ਅਰਥੀ ਫੂਕ ਰੋਸ ਮੁਜ਼ਾਹਰੇ ’ਚ ਨੌਜਵਾਨ ਭਾਰਤ ਸਭਾ ਲਲਕਾਰ ਦੇ ਵਰਕਰਾਂ ਨੇ ਸ਼ਿਰਕਤ ਕਰਦਿਆਂ ਸੂਬਾ ਸਰਕਾਰ ਅਤੇ ਪੁਲੀਸ ਦੀ ਆਲੋਚਨਾ ਕੀਤੀ।
ਸੇਵੇਵਾਲਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਖੇਤ ਮਜ਼ਦੂਰ ਦੇ ਆਗੂ ਲਛਮਣ ਸਿੰਘ ਸੇਵੇਵਾਲਾ ਨੂੰ ਬਠਿੰਡਾ ਪੁਲੀਸ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਆਗੂ ਮੁਕੇਸ਼ ਮਲੌਦ ਅਤੇ ਪੇਂਡੂ ਮਜ਼ਦੂਰ ਯੂਨੀਅਨ ਆਗੂ ਤਰਸੇਮ ਪੀਟਰ ਨੇ ਦੱਸਿਆ ਕਿ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੂੰ ਬਠਿੰਡਾ ਪੁਲੀਸ ਵੱਲੋਂ ਬਿਨਾਂ ਕਾਰਨ ਦੱਸੇ ਗ੍ਰਿਫ਼ਤਾਰ ਕੀਤਾ ਗਿਆ ਸੀ ਜਿੱਥੇ ਕਿ ਉਹ ਇੱਕ ਨਬਾਲਿਗ ਜਬਰ-ਜਨਾਹ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਥਾਣੇ ਅੱਗੇ ਧਰਨਾ ਦੇਣ ਜਾ ਰਹੇ ਸਨ।