ਮਨੀਪੁਰ ਵਿੱਚ ਔਰਤਾਂ ਦੀ ਬੇਪੱਤੀ ਖ਼ਿਲਾਫ਼ ਰੋਸ ਮੁਜ਼ਾਹਰੇ
ਪ੍ਰਭੂ ਦਿਆਲ
ਸਿਰਸਾ, 25 ਮਾਰਚ
ਮਨੀਪੁਰ ਮਾਮਲੇ ਸਬੰਧੀ ਖੱਬੇ ਪੱਖੀਆਂ ਵੱਲੋਂ ਕੇਂਦਰ ਤੇ ਮਨੀਪੁਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਧਰਨਕਾਰੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ। ਆਗੂ ਕਾਮਰੇਡ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਮਨੀਪੁਰ ’ਚ ਲਗਾਤਾਰ ਹਿੰਸਾ ਹੋ ਰਹੀ ਹੈ। ਪ੍ਰਦਰਸ਼ਨ ’ਚ ਸਰਵ ਕਰਮਚਾਰੀ ਸੰਘ ਨਾਲ ਜੁੜੇ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਜਨਵਾਦੀ ਮਹਿਲਾ ਸਮਿਤੀ ਦੀ ਜ਼ਿਲ੍ਹਾ ਸਕੱਤਰ ਬਲਬੀਰ ਕੌਰ ਗਾਂਧੀ, ਇੰਦਰਜੀਤ ਸਿੰਘ ਤੇ ਅਸ਼ੋਕ ਪਟਵਾਰੀ ਨੇ ਵਿਚਾਰ ਪ੍ਰਗਟ ਕੀਤੇ।
ਭੀਖੀ (ਕਰਨ ਭੀਖੀ): ਇੱਥੇ ਸੀਪੀਆਈ (ਐੱਮਐੱਲ) ਲਬਿਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਸਕੱਤਰ ਕਾਮਰੇਡ ਨੀਟਾ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਿਜੈ ਕੁਮਾਰ ਭੀਖੀ ਤੇ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਕਿਰਨਾ ਰਾਣੀ ਨੇ ਕਿਹਾ ਕਿ ਦੇਸ਼ ਵਿੱਚ ਆਰਐਸਐਸ ਦੇ ਫਾਸੀਵਾਦੀ ਏਜੰਡੇ ਨੂੰ ਲਾਗੂ ਕਰਵਾਉਣ ਲਈ ਮਨੀਪੁਰ ਵਿੱਚ ਫ਼ਿਰਕੂ ਫਸਾਦ ਕਰਵਾਏ ਜਾ ਰਹੇ ਹਨ।