ਕੱਚੇ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਸ਼ਗਨ ਕਟਾਰੀਆ
ਬਠਿੰਡਾ, 22 ਜੁਲਾਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਆਊਟਸੋਰਸਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਅੱਜ ਇੱਥੇ ਆਪਣੀਆਂ ਮੰਗਾਂ ਦੇ ਸਬੰਧ ’ਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਸ ਪ੍ਰਦਰਸ਼ਨ ਨੂੰ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਨਾਲ ਮੁੱਖ ਮੰਤਰੀ ਦੀ 24 ਜੁਲਾਈ ਨੂੰ ਹੋਣ ਜਾ ਰਹੀ ਮੀਟਿੰਗ ’ਤੇ ਦਬਾਅ ਦੇ ਰੂਪ ਵਜੋਂ ਵੇਖਿਆ ਜਾ ਰਿਹਾ ਹੈ। ਇਸ ਮੌਕੇ ਮੁਲਜ਼ਾਮ ਆਗੂ ਗੁਰਵਿੰਦਰ ਸਿੰਘ ਪਨੂੰ, ਬਿਕਰਮਜੀਤ ਸਿੰਘ, ਖੁਸ਼ਦੀਪ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਵੇਂ ਵਿਧਾਨ ਸਭਾ ਵਿੱਚ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਅਮਲੀ ਰੂਪ ’ਚ ਅਜੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਅਰਸੇ ਤੋਂ ਘੱਟ ਤਨਖਾਹਾਂ ’ਤੇ ਸੇਵਾਵਾਂ ਦਿੰਦੇ ਆ ਰਹੇ ਹਨ। ਉਨ੍ਹਾਂ ਸਰਕਾਰ ’ਤੇ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰਨ ਤੋਂ ਇਲਾਵਾ ਸਰਕਾਰੀ ਅਦਾਰਿਆਂ ’ਤੇ ਨਿੱਜੀਕਰਨ ਦਾ ਕੁਹਾੜਾ ਚਲਾਏ ਜਾਣ ਦਾ ਵੀ ਦੋਸ਼ ਲਾਇਆ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਿਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ 15ਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਤੈਅ ਕੀਤੀ ਜਾਵੇ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸੂਬਾਈ ਆਗੂ ਜਸਪ੍ਰੀਤ ਸਿੰਘ ਗਗਨ, ਸੂਬਾ ਪ੍ਰਧਾਨ ਪੀਡਬਲਯੂਡੀ ਇਲੈਕਟ੍ਰਿਕਲ ਆਊਟ ਸੋਰਸ ਮੁਲਾਜ਼ਮ ਯੂਨੀਅਨ, ਸੁਰਿੰਦਰ ਕੁਮਾਰ ਸੂਬਾ ਪ੍ਰਧਾਨ ਸਿਹਤ ਵਿਭਾਗ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਨਿਸ਼ਾਨ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਕਾਮਿਆਂ ਨੂੰ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ‘ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ ਆਪਣਾ ਸਮਾਂ ਲੰਘਾ ਰਹੀ ਹੈ। ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ।
ਭੁੱਚੋ ਮੰਡੀ (ਪਵਨ ਗੋਇਲ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ‘ਆਪ’ ਦੀ ਵਾਅਦਾ ਖਿਲਾਫ਼ੀ ਦੇ ਵਿਰੋਧ ਵਿੱਚ ਥਰਮਲ ਦੇ ਮੁੱਖ ਗੇਟ ਨੂੰ ਬੰਦ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਕੀਤਾ ਜਾਵੇ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ‘ਆਪ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ।