ਕਿਸਾਨਾਂ ਵੱਲੋਂ ਮੋਰਚੇ ਹਟਾਉਣ ਕਾਰਨ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਹਰਦੀਪ ਸਿੰਘ
ਧਰਮਕੋਟ, 22 ਮਾਰਚ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪਿੰਡ ਧਰਮ ਸਿੰਘ ਵਾਲਾ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਅਵਤਾਰ ਸਿੰਘ ਧਰਮ ਸਿੰਘ ਵਾਲਾ ਤੇ ਹਰਬੰਸ ਸਿੰਘ ਸਾਹ ਵਾਲਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਿਸਾਨ ਮੋਰਚਿਆਂ ਖ਼ਿਲਾਫ਼ ਕਾਰਵਾਈ ਸਹਿਣਯੋਗ ਨਹੀਂ ਹੈ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੇ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਜਿਸ ਤਰ੍ਹਾਂ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੈ ਇਸ ਦੀ ਕੀਮਤ ਭਗਵੰਤ ਮਾਨ ਤੇ ‘ਆਪ’ ਨੂੰ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਮੰਤਰੀਆਂ ਵਿਧਾਇਕਾਂ ਤੇ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਕਿਸਾਨ ਆਗੂਆਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਕਿਸਾਨ, ਮਜ਼ਦੂਰ ਤੇ ਬੀਬੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਸ਼ਹਿਣਾ (ਪੱਤਰ ਪ੍ਰੇਰਕ): ਇਸੇ ਦੌਰਾਰ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਕਿਸਾਨਾਂ ਵੱਲੋਂ ਪਿੰਡ ਜੋਧਪੁਰ ਅਤੇ ਸੁਖਪੁਰਾ ’ਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਸ਼ਹਿਣਾ ਵਿੱਚ ਭਾਰਤ ਮਾਲਾ ਸੜਕ ਦੇ ਕੋਲ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਥੇਬੰਦੀ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਪੰਜਾਬ ’ਚ ਕਿਸੇ ਰਾਜਸੀ ਪਾਰਟੀ ਦਾ ਰਾਜ ਨਹੀਂ ਹੈ ਸਗੋਂ ਤਾਨਾਸ਼ਾਹੀ ਰਾ ਦਾ ਰਾਜ ਹੈ।