ਜਾਅਲੀ ਸਰਟੀਫਿਕੇਟ ਮਾਮਲੇ ਵਿੱਚ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਪੱਤਰ ਪ੍ਰੇਰਕ
ਬਠਿੰਡਾ, 12 ਜੂਨ
ਜਾਅਲੀ ਸਰਟੀਫਿਕੇਟ ਧਾਰਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਦਲਿਤ ਭਾਈਚਾਰੇ ਦੇ ਆਗੂਆਂ ਨੇ ਅੱਜ ਦਲਿਤ ਮਹਾ ਪੰਚਾਇਤ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਅਤੇ ਗੁਰਬਚਨ ਸਿੰਘ ਸਿਵੀਆ ਦੀ ਅਗਵਾਈ ਹੇਠ ਬਠਿੰਡਾ ਵਿੱਚ ਇਕੱਠ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਗਲੇ ਐਕਸ਼ਨ ਲਈ ਕਮੇਟੀ ਕਾਇਮ ਕੀਤੀ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਗਹਿਰੀ ਨੇ ਕਿਹਾ ਕਿ ਦਲਿਤ ਭਾਈਚਾਰਾ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਾਅਲੀ ਸਰਟੀਫਿਕੇਟ ਧਾਰਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਸਜ਼ਾਵਾਂ ਦੇਣ ਵਿੱਚ ਦੇਰੀ ਕੀਤੀ ਤਾਂ ਉਨ੍ਹਾਂ ਵੱਲੋਂ ਹਰ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਐਕਸ਼ਨ ਕਮੇਟੀਆਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭ ਦੇਣ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਤੀ ਰੰਜਿਸ਼ ਤਹਿਤ ਚੰਨੀ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ।
ਉਨ੍ਹਾਂ ਕਿਹਾ ਕਿ ‘ਰਿਜ਼ਰਵੇਸ਼ਨ ਚੋਰ ਫੜੋ’ ਮੋਰਚੇ ਵੱਲੋਂ ਮੁਹਾਲੀ ਵਿੱਚ ਲਾਏ ਪੱਕੇ ਧਰਨੇ ਦੌਰਾਨ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਭਾਵੇਂ ਵਾਪਸ ਲੈ ਲਿਆ ਗਿਆ ਹੈ ਪਰ ਜੇ ਸਰਕਾਰ ਨੇ ਜਾਅਲੀ ਸਰਟੀਫਿਕੇਟ ਧਾਰਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਸਜ਼ਾਵਾਂ ਦੇਣ ‘ਚ ਦੇਰੀ ਕੀਤੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਮਾਨਸਾ (ਪੱਤਰ ਪ੍ਰੇਰਕ): ਪਿਛਲੇ ਲਗਭਗ ਦੋ ਮਹੀਨੇ ਤੋਂ ਮੁਹਾਲੀ ਵਿੱਚ ਚੱਲ ਰਹੇ ‘ਰਿਜ਼ਵਰਵੇਸ਼ਨ ਚੋਰ ਫੜੋ’ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਮੰਗ ਕੀਤੀ ਗਈ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਲੈਣ ਵਾਲਿਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੋਰਚਾ ਮਾਨਸਾ ਦੇ ਜ਼ਿਲ੍ਹਾ ਆਗੂ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਵੱਲੋਂ ਜਾਅਲੀ ਐੱਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਕਰਨ ਦਾ ਮਸਲਾ ਚਰਚਾ ਵਿੱਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 1300 ਅਜਿਹੇ ਕੇਸ ਮੋਰਚੇ ਵੱਲੋਂ ਮੁੱਖ ਮੰਤਰੀ ਦਫ਼ਤਰ ਨੁੂੰ ਸੌਂਪੇ ਜਾ ਚੁੱਕੇ ਆ ਅਤੇ ਅਜਿਹੇ ਹੋਰ ਹਜ਼ਾਰਾਂ ਕੇਸ ਸਾਹਮਣੇ ਆਉਣ ਦੀ ਸੰਭਾਵਨਾ ਹੈ।