ਬਾਸਮਤੀ ਦੀ ਐੱਮਐੱਸਪੀ ’ਤੇ ਖਰੀਦ ਲਈ ਵੱਖ-ਵੱਖ ਥਾਈਂ ਮੁਜ਼ਾਹਰੇ
ਪਰਮਜੀਤ ਸਿੰਘ
ਫਾਜ਼ਿਲਕਾ, 25 ਸਤੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਬਾਸਮਤੀ ਦਾ ਐੱਮਐੱਸਪੀ ਨਿਰਧਾਰਤ ਕਰ ਕੇ ਖਰੀਦ ਕਰਨ, ਡੀਏਪੀ ਅਤੇ ਯੂਰੀਆ ਦੀ ਘਾਟ ਨੂੰ ਦੂਰ ਕਰਕੇ ਕਾਲਾਬਾਜ਼ਾਰੀ ਨੂੰ ਨੱਥ ਪਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਦੇਣ ਅਤੇ ਖੰਡ ਮਿੱਲਾਂ ਇੱਕ ਨਵੰਬਰ ਤੋਂ ਚਾਲੂ ਕਰਨ, ਸ਼ੈੱਲਰਾਂ ਅਤੇ ਗੋਦਾਮਾਂ ਵਿੱਚੋਂ ਲਿਫਟਿੰਗ ਦਾ ਮਾਮਲਾ ਹੱਲ ਕਰਕੇ ਝੋਨੇ ਦੀ ਖਰੀਦ ਦਾ ਪ੍ਰਬੰਧ ਕਰਨ, ਮੋਟਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਸਹਿਕਾਰੀ ਸੁਸਾਇਟੀਆਂ ’ਚ ਨਵੇਂ ਖਾਤੇ ਅਤੇ ਨਵੀਂ ਮੈਂਬਰਸ਼ਿਪ ਖੋਲ੍ਹਣ ਆਦਿ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਦੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਤੇ ਮਹਿਲਾ ਵਿੰਗ ਦੀ ਕਨਵੀਨਰ ਰਾਜ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬਾ ਲਗਾਤਾਰ ਵਧ ਰਿਹਾ ਹੈ। ਬੁਲਾਰਿਆਂ ਨੇ ਬਾਸਮਤੀ ਅਤੇ ਹੋਰ ਵਸਤਾਂ ਦੇ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਵਿੱਚ ਭਾਰਤ-ਪਾਕਿਸਤਾਨ ਸਰਹੱਦੀ ਲਾਂਘਿਆਂ ਨੂੰ ਖੋਲ੍ਹਣ ਦੀ ਮੰਗ ਕੀਤੀ।
ਗੁਰੂਹਰਸਹਾਏ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਵੱਲੋਂ ਬੁੱਧਵਾਰ ਨੂੰ ਗੁਰੂਹਰਸਹਾਏ ’ਚ ਸਥਿਤ ਐੱਸਡੀਐੱਮ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਬਾਸਮਤੀ ਦੀ ਖਰੀਦ ਐੱਮਐੱਸਪੀ ਨਿਰਧਾਰਤ ਕਰਕੇ ਕੀਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਰਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਸਵੰਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬਾ ਲਗਾਤਾਰ ਵਧ ਰਿਹਾ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਬਾਸਮਤੀ ਦਾ ਐੱਮਐੱਸਪੀ ਨਿਰਧਾਰਤ ਕਰਕੇ ਖਰੀਦ ਕਰਨ ਤੋਂ ਟਾਲਾ ਵੱਟ ਰਹੀਆਂ ਹਨ।
‘ਬਾਸਮਤੀ ਦੀ ਵਿਦੇਸ਼ ਵਿਚ ਭਾਰੀ ਮੰਗ’
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਕਿਰਤੀ ਕਿਸਾਨ ਯੂਨੀਅਨ ਨੇ ਇਥੇ ਡੀਸੀ ਦਫਤਰ ਮੂਹਰੇ ਧਰਨਾ ਦਿੰਦਿਆਂ ਬਾਸਮਤੀ ਤੇ ਹੋਰ ਵਸਤਾਂ ਦੇ ਵਪਾਰ ਲਈ ਪਾਕਿਸਤਾਨ ਰਸਤਿਓਂ ਵਪਾਰ ਕਰਨ ਲਈ ਹੁਸੈਨੀਵਾਲਾ ਅਤੇ ਵਾਹਗਾ ਬਾਰਡਰ ਖੁੱਲਵਾਉਣ ਦੀ ਮੰਗ ਕੀਤੀ ਹੈ। ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ ਨੇ ਕਿਹਾ ਕਿ ਬਾਸਮਤੀ ਚੌਲਾਂ ਦੀ ਵਿਦੇਸ਼ਾਂ ’ਚ ਬਹੁਤ ਮੰਗ ਹੈ। ਜੇਕਰ ਬਾਂਸਮਤੀ ਦੇ ਨਿਰਯਾਤ ਅਤੇ ਹੋਰ ਵਸਤਾਂ ਦੇ ਵਪਾਰ ਲਈ ਹਸੈਨੀ ਵਾਲਾ ਤੇ ਵਾਹਗਾ ਬਾਰਡਰ ਖੋਲ੍ਹ ਦਿੱਤੇ ਜਾਣ ਤਾਂ ਹੋਰ ਮੁਲਕਾਂ ਤੱਕ ਬਾਸਮਤੀ ਤੇ ਹੋਰ ਖੇਤੀ ਉਪਜਾਂ ਪਹੁੰਚ ਸਕਦੀਆਂ ਹਨ। ਇਸਦਾ ਪੰਜਾਬ ਦੀ ਕਿਸਾਨੀ ਨੂੰ ਭਰਵਾਂ ਹੁਲਾਰਾ ਮਿਲੇਗਾ।