ਸੰਵਿਧਾਨ ਨਿਰਮਾਤਾ ਖ਼ਿਲਾਫ਼ ਟਿੱਪਣੀ ਕਰਨ ’ਤੇ ਵੱਖ-ਵੱਖ ਥਾਈਂ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਦਸੰਬਰ
ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ ਭੜਕੇ ਕਾਂਗਰਸੀਆਂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ਨੇੜੇ ਅਮਿਤ ਸ਼ਾਹ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੀਪੀਸੀਸੀ ਦੇ ਜਨਰਲ ਸਕੱਤਰ ਕਿਰਨਜੀਤ ਗਹਿਰੀ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਅਤੇ ਹਰਪਾਲ ਬਾਜਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਬੁਖਲਾਹਟ ਵਿੱਚ ਡਾ. ਅੰਬੇਦਕਰ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ, ਜੋ ਬਰਦਾਸ਼ਤਯੋਗ ਨਹੀਂ। ਉਨ੍ਹਾਂ ਮੰਗ ਕੀਤੀ ਕਿ ਅਮਿਤ ਸ਼ਾਹ ਨੂੰ ਕੇਂਦਰੀ ਮੰਤਰੀ ਮੰਡਲ ’ਚੋਂ ਬਾਹਰ ਕੀਤਾ ਜਾਵੇ ਅਤੇ ਉਹ ਆਪਣੀ ਕਥਿਤ ਬਦਕਲਾਮੀ ਬਦਲੇ ਲੋਕਾਂ ਤੋਂ ਮੁਆਫ਼ੀ ਮੰਗਣ।
ਯੂਥ ਆਗੂ ਬਲਜੀਤ ਸਿੰਘ, ਐਸਸੀ ਵਿੰਗ ਦੇ ਚੇਅਰਮੈਨ ਸੁਨੀਲ ਕੁਮਾਰ, ਰੂਪ ਸਿੰਘ, ਹਰਵਿੰਦਰ ਸਿੱਧੂ ਅਤੇ ਸਾਜਨ ਸ਼ਰਮਾ ਨੇ ਕਿਹਾ ਕਿ ਅਮਿਤ ਸ਼ਾਹ ਹੰਕਾਰ ਵਿੱਚ ਬੋਲ ਰਹੇ ਹਨ, ਜੋ ਲੋਕਤੰਤਰ ਵਿੱਚ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਮੰਗ ਕੀਤੀ ਕਿ ਗ੍ਰਹਿ ਮੰਤਰੀ ਬਗ਼ੈਰ ਦੇਰੀ ਤੋਂ ਦੇਸ਼ ਵਾਸੀਆਂ ਤੋਂ ਮੁਆਫੀ ਮੰਗਣ।
ਧਰਮਕੋਟ (ਹਰਦੀਪ ਸਿੰਘ): ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਦੇ ਰੋਸ ਵਜੋਂ ਇੱਥੇ ਕਾਂਗਰਸ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਨੇ ਉਪ ਮੰਡਲ ਸਿਵਲ ਦਫਤਰ ਦੇ ਬਾਹਰ ਰੋਹ ਭਰਪੂਰ ਮੁਜ਼ਾਹਰਾ ਕੀਤਾ ਅਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ।
ਮਮਦੋਟ (ਜਸਵੰਤ ਸਿੰਘ ਥਿੰਦ): ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਕਾਂਗਰਸੀ ਵਰਕਰਾਂ ਨੇ ਮਮਦੋਟ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਹੱਥਕੰਢੇ ਅਪਣਾਉਂਦੀ ਰਹਿੰਦੀ ਹੈ।