ਅਕਾਲੀ ਦਲ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਆਤਿਸ਼ ਗੁਪਤਾ
ਚੰਡੀਗੜ੍ਹ, 5 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੇ ਡੀਏਪੀ ਖਾਦ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਵਿਧਾਨ ਸਭਾ ਹਲਕਾ ਪੱਧਰ ’ਤੇ ਪੰਜਾਬ ਦੀ ‘ਆਪ’ ਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਰੁਲਣ ਲਈ ਸੂਬਾ ਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਝੋਨੇ ਨੂੰ ਸਮੇਂ ਸਿਰ ਤੇ ਐੱਮਐੱਸਪੀ ’ਤੇ ਯਕੀਨੀ ਖਰੀਦ ਅਤੇ ਕਣਕ ਦੇ ਆਉਂਦੇ ਸੀਜ਼ਨ ਲਈ ਲੋੜੀਂਦੀ ਡੀਏਪੀ ਦੀ ਸਪਲਾਈ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮਜ਼ ਨੂੰ ਮੰਗ ਪੱਤਰ ਸੌਂਪੇ।
ਅਕਾਲੀ ਆਗੂ ਨੇ ਕਿਹਾ ਕਿ ਅੱਜ ਸੂਬਾ ਸਰਕਾਰ ਪਿਛਲੇ ਸਾਲ ਦੇ ਅਨਾਜ ਦੀ ਚੁਕਾਈ ਨਾ ਕਰਨ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ, ਜਦਕਿ ਇਸ ਲਈ ਸੂਬਾ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪੀਆਰ-126 ਕਿਸਮ ਦਾ ਝੋਨਾ ਲਗਾਉਣ ਲਈ ਉਤਸ਼ਾਹਿਤ ਕੀਤਾ ਸੀ, ਪਰ ਇਸ ਦੀ ਐੱਮਐੱਸਪੀ ’ਤੇ ਖਰੀਦ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 2320 ਰੁਪਏ ਦੀ ਐੱਮਐੱਸਪੀ ਦੀ ਥਾਂ 2100 ਤੋਂ 2200 ਰੁਪਏ ਪ੍ਰਤੀ ਕੁਇੰਟਲ ਮਿਲ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਘਾਟਾ ਪੈ ਰਿਹਾ ਹੈ। ਅਕਾਲੀ ਆਗੂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਕੀਤੀ ਜਾਵੇ। ਇਸ ਤੋਂ ਇਲਾਵਾ ਖਰੀਦ ਤੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਕਣਕ ਦੀ ਫਸਲ ਲਈ ਹਾਲਾਤ ਹੋਰ ਖ਼ਤਰੇ ਵਾਲੇ ਬਣ ਸਕਦੇ ਹਨ ਤੇ ਸੂਬੇ ਵਿਚ ਕਣਕ ਦੀ ਬਿਜਾਈ ਪਛੜ ਸਕਦੀ ਹੈ ਤੇ ਕਣਕ ਦੇ ਝਾੜ ’ਤੇ ਅਸਰ ਪੈ ਸਕਦਾ ਹੈ।
ਇਸ ਲਈ ਸੂਬਾ ਸਰਕਾਰ ਨੂੰ ਕਣਕ ਦੀ ਆਉਣ ਵਾਲੀ ਫ਼ਸਲ ਲਈ ਡੀਏਪੀ ਖਾਦ ਦੇ ਲੋੜੀਂਦੇ ਪ੍ਰਬੰਧ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਪਾਰਟੀ ਵੱਲੋਂ ਅਗਾਮੀ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਨ੍ਹਾਂ ਮੁਜ਼ਾਹਰਿਆਂ ਵਿੱਚ ਹਲਕਾ ਪੱਧਰ ਦੇ ਅਕਾਲੀ ਆਗੂਆਂ ਨੇ ਅਗਵਾਈ ਕੀਤੀ।