ਬੀਕੇਯੂ ਏਕਤਾ ਡਕੌਂਦਾ ਵੱਲੋਂ 13 ਜ਼ਿਲ੍ਹਿਆਂ ’ਚ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ
ਆਤਿਸ਼ ਗੁਪਤਾ
ਚੰਡੀਗੜ੍ਹ, 12 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਐਲਾਨ ਕੀਤਾ ਕਿ ਪਿਛਲੇ 38 ਦਿਨਾਂ ਤੋਂ ਚੱਲ ਰਿਹਾ ਇਹ ਪੱਕਾ ਮਰਚਾ ਇਨਸਾਫ ਮਿਲਣ ਤੱਕ ਜਾਰੀ ਰਹੇਗਾ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕੁੱਲਰੀਆਂ ਦੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਪਿਛਲੇ ਦਸ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਚੱਲ ਰਿਹਾ ਹੈ, ਪਰ ਖ਼ੁਦ ਨੂੰ ਇਨਕਲਾਬੀ ਕਹਾਉਣ ਵਾਲੀ ‘ਆਪ’ ਸਰਕਾਰ ਨੇ ਹੁਣ ਤੱਕ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 14 ਫਰਵਰੀ ਨੂੰ ਬੁਢਲਾਡਾ ਵਿੱਚ ਪੱਕੇ ਮੋਰਚੇ ਵਾਲੇ ਸਥਾਨ ’ਤੇ ਸੂਬਾਈ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਘੋਲ ਨੂੰ ਹੋਰ ਤੇਜ਼ ਕਰਨ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਮੌਕੇ ਮੀਤ ਪ੍ਰਧਾਨ ਹਰੀਸ਼ ਨੱਢਾ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਸੂਬਾ ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ, ਔਰਤ ਵਿੰਗ ਦੀ ਆਗੂ ਬੀਬੀ ਅੰਮ੍ਰਿਤਪਾਲ ਕੌਰ ਅਤੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਮੁਹਾਲੀ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।