ਕਾਂਗਰਸ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਗਗਨ ਅਰੋੜਾ
ਲੁਧਿਆਣਾ, 6 ਸਤੰਬਰ
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਸੱਤ ਕਿੱਲੋ ਵਾਟ ਤੋਂ ਉੱਪਰ ਦੇ ਕੁਨੈਕਸ਼ਨਾਂ ’ਤੇ ਬਿਜਲੀ ਸਬਸਿਡੀ ਖ਼ਤਮ ਕਰਨ ਦੇ ਫ਼ੈਸਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਕਾਂਗਰਸੀਆਂ ਨੇ ‘ਆਪ’ ਦੀ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਹਿਲਾਂ ਸਾਰੇ ਪ੍ਰਦਰਸ਼ਨਕਾਰੀ ਟਿੱਬਾ ਰੋਡ ਕਾਂਗਰਸ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਫਿਰ ਡੀਸੀ ਦਫ਼ਤਰ ਦੇ ਬਾਹਰ ਮਾਨ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਸਰਕਾਰ ਨੇ ਬਿਜਲੀ ’ਤੇ ਸਬਸਿਡੀ ਹਟਾ ਕੇ ਜਨਤਾ ’ਤੇ ਵਾਧੂ ਬੋਝ ਪਾਇਆ ਹੈ। ਜਦੋਂ ਸਰਕਾਰ ਲੋਕ ਹਿੱਤ ਵਿੱਚ ਕੋਈ ਸਕੀਮ ਸ਼ੁਰੂ ਕਰਦੀ ਹੈ ਤਾਂ ਉਸ ਨੂੰ ਵਾਪਸ ਲੈਣਾ ਲੋਕਾਂ ਨਾਲ ਬੇਇਨਸਾਫ਼ੀ ਹੈ। ਤਲਵਾੜ ਨੇ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਾਂਗਰਸ ਬਲਾਕ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਸੰਘਰਸ਼ ਕਰੇਗੀ। ਤਲਵਾੜ ਨੇ ਕਿਹਾ ਕਿ ਅੱਜ ਸਰਕਾਰ ਮਾਲੀਏ ਦੀ ਗੱਲ ਕਰ ਰਹੀ ਹੈ, ਪਰ ਸਰਕਾਰ ਬਣਨ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ-ਵੱਡੇ ਦਾਅਵੇ ਕਰਦੇ ਸਨ। ਹੁਣ ਸਾਰੇ ਦਾਅਵੇ ਹਵਾ ਹੋ ਗਏ ਹਨ।
ਪਾਇਲ (ਦੇਵਿੰਦਰ ਸਿੰਘ ਜੱਗੀ): ਪੰਜਾਬ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੇ ਰੇਟਾਂ ’ਚ ਕੀਤੇ ਵਾਧੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਨੇ ਪਾਇਲ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਪੁਤਲਾ ਫੂਕਿਆ। ਇਹ ਰੋਸ ਪ੍ਰਦਰਸ਼ਨ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਕੀਤਾ ਗਿਆ ਅਤੇ ਐੱਸਡੀਐਮ ਪਾਇਲ ਨੂੰ ਮੰਗ ਪੱਤਰ ਸੌਂਪਿਆਂ ਗਿਆ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਿਤ ਹੋਈ ਹੈ ਕਿਉਂਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ, ਕਤਲੋਗਾਰਦ, ਗੁੰਡਾਗਰਦੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। ਇਸ ਸਮੇਂ ਕਾਂਗਰਸੀ ਵਰਕਰਾਂ ਨੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਰੋਸ ਮਾਰਚ ਕੀਤਾ।
ਅਕਾਲੀ ਦਲ ਦੇ ਆਗੂਆਂ ਨੇ ਗੱਡੇ ’ਤੇ ਸਵਾਰ ਹੋ ਕੇ ਰੋਸ ਪ੍ਰਗਟਾਇਆ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਗੱਡੇ ’ਤੇ ਚੜ੍ਹ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਹ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਬੌਬੀ ਗਰਚਾ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਮਾੜੀਆਂ ਅਤੇ ਲੋਕ ਮਾਰੂ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਪਹਿਲਾਂ ਹੀ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਤੇ ਹੁਣ ਸਰਕਾਰ ਨੇ ਪੈਟਰੋਲ, ਡੀਜ਼ਲ ਸਮੇਤ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਚੀਜ਼ਾਂ ਦੇ ਭਾਅ ਵੀ ਵਧ ਜਾਣਗੇ। ਇਸੇ ਦੌਰਾਨ ਭਾਜਪਾ ਨੇ 25 ਮੰਡਲਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕਰਕੇ ਪੈਟਰੋਲ, ਡੀਜ਼ਲ ਅਤੇ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਪੰਜਾਬ ਵਿੱਚ ਸੱਤਾ ਹਾਸਲ ਕੀਤੀ ਸੀ ਪਰ ਇਸ ਵੱਲੋਂ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਥਾਂ ਉਲਟਾ ਟੈਕਸਾਂ ਦੇ ਭਾਰ ਹੇਠ ਦਬਾਇਆ ਜਾ ਰਿਹਾ ਹੈ, ਜਿਸ, ਖਿਲਾਫ਼ ਸੰਘਰਸ਼ ਜਾਰੀ ਰਹੇਗਾ।