For the best experience, open
https://m.punjabitribuneonline.com
on your mobile browser.
Advertisement

ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮੁਜ਼ਾਹਰੇ

07:35 AM Sep 07, 2024 IST
ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮੁਜ਼ਾਹਰੇ
ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਆਗ
Advertisement

ਸ਼ਗਨ ਕਟਾਰੀਆ
ਬਠਿੰਡਾ, 6 ਸਤੰਬਰ
ਪੰਜਾਬ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦਰਾਂ ’ਚ ਕੀਤੇ ਗਏ ਵਾਧੇ ਖ਼ਿਲਾਫ਼ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਮਿਨੀ ਸਕੱਤਰੇਤ ਸਾਹਮਣੇ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ ਕੀਤਾ। ਉਪਰੰਤ ਡਿਪਟੀ ਕਮਿਸ਼ਨਰ ਦੀ ਗ਼ੈਰ-ਮੌਜੂਦਗੀ ’ਚ ਐੱਸਡੀਐੱਮ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਮੌਕੇ ਇੰਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਨਗਰ ਨਿਗਮ ਬਠਿੰਡਾ ਦੇ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਅਤੇ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਬਿਜਲੀ, ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿੱਚ ਕੀਤੇ ਬੇਤਹਾਸ਼ੇ ਵਾਧੇ ਦੀ ਨਿੰਦਾ ਕਰਦੇ ਹੋਏ, ਇਸ ਕਦਮ ਨੂੰ ਲੋਕ ਵਿਰੋਧੀ ਕਰਾਰ ਦਿੱਤਾ। ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਰੁਪਿੰਦਰ ਬਿੰੰਦਰਾ, ਕਿਰਨਜੀਤ ਸਿੰਘ ਗਹਿਰੀ ਅਤੇ ਦਰਸ਼ਨ ਸਿੰਘ ਜੀਦਾ ਨੇ ਕਿਹਾ ਕਿ ਕਾਂਗਰਸੀ ਰਾਜ ਵੇਲੇ ਹਮੇਸ਼ਾ ਹੀ ਲੋਕਾਂ ਨੂੰ ਵੱਡੀਆਂ ਰਾਹਤਾਂ ਮਿਲੀਆਂ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ‘ਖਾਸ’ ਬਣ ਕੇ ਆਮ ਆਦਮੀ ’ਤੇ ਵੱਡਾ ਬੋਝ ਪਾ ਰਹੀ ਹੈ। ਵਿਖਾਵਾਕਾਰੀਆਂ ਨੇ ਵਧਾਈਆਂ ਗਈਆਂ ਕੀਮਤਾਂ ਨੂੰ ਮਨਸੂਖ਼ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਵੰਤ ਰਾਏ ਨਾਥ, ਨੱਥੂ ਰਾਮ, ਪ੍ਰਕਾਸ਼ ਚੰਦ ਸੋਨੂੰ, ਐਮਸੀ ਮਹਿੰਦਰ ਸਿੰਘ ਭੋਲਾ, ਭੁਪਿੰਦਰ ਸ਼ਰਮਾ, ਸਰਪੰਚ ਮਨਜੀਤ ਸਿੰਘ, ਸਾਧੂ ਸਿੰਘ ਐਮਸੀ, ਵਿਪਨ ਮਿੱਤੂ, ਮੱਖਣ ਠੇਕੇਦਾਰ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ ਭੋਲਾ, ਅਵਤਾਰ ਸਿੰਘ ਗੋਨਿਆਣਾ, ਦਿਲਪ੍ਰੀਤ ਸਿੰਘ, ਹਰਬੰਸ ਸਿੰਘ, ਰਜਿੰਦਰ ਸਿੰਘ, ਸੁਖਮੰਦਰ ਸਿੰਘ, ਸਾਜਨ ਸ਼ਰਮਾ, ਨਿਰੰਜਨ ਸਿੰਘ, ਦੇਵਰਾਜ ਪੱਕਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਹਾਜ਼ਰ ਸਨ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਉਪਰ ਸੈੱਸ ਲਾ ਕੇ ਕੀਤੇ ਵਾਧੇ ਖਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਡੀਸੀ ਦਫਤਰ ਮੂਹਰੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਡੀਸੀ ਨੂੰ ਸੈੱਸ ਵਾਪਸ ਲੈਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਰਕਾਰ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਅਤੇ ਡੀਜ਼ਲ ’ਤੇ ਵੈੱਟ ਵਧਾਉਣ ਦੇ ਫੈਸਲੇ ਖਿਲਾਫ਼ ਕਾਂਗਰਸ ਦੇ ਆਗੂ ਭੜਕ ਗਏ ਹਨ। ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਕੀਮਤਾਂ ਵਧਾਉਣ ਖਿਲਾਫ਼ ਇਥੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਸਰਕਾਰ ਦੀ ਅਰਥੀ ਸਾੜੀ ਗਈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫ਼ਰ ਨੇ ਵਰਕਰਾਂ ਦੀ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਪ ਨੇ ਸਭ ਤੋਂ ਵੱਧ ਰੌਲਾ ਮਹਿੰਗੀ ਬਿਜਲੀ ਦਾ ਹੀ ਪਾਇਆ ਸੀ ਪਰ ਹੁਣ ਸੱਤਾ ’ਚ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਲਏ ਲੋਕ ਪੱਖੀ ਫੈਸਲੇ ਨੂੰ ਵਾਪਸ ਲੈਕੇ ਲੋਕਾਂ ’ਤੇ ਬੋਝ ਪਾਇਆ ਜਾ ਰਿਹਾ ਹੈ।

ਮੋਗਾ ਵਿੱਚ ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਇਕ ਆਗੂ।

ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਪੰਜਾਬ ਕਾਂਗਰਸ ਦੇ ਸੱਦੇ ਉੱਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਤੇਲ ਕੀਮਤਾਂ ’ਚ ਵੈਟ ਵਾਧੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਵੱਲੋਂ ਦਿੱਤੇ ਗਏ ਧਰਨੇ ’ਚ ਕਾਂਗਰਸ ਆਗੂਆਂ ਸਮੇਤ ਨਿਗੂਣੀ ਹਾਜ਼ਰੀ ਕੋਈ ਵਿਸ਼ੇਸ਼ ਪ੍ਰਭਾਵ ਨਾ ਛੱਡ ਸਕੀ। ਇਸ ਧਰਨੇ ਵਿਚ ਸ਼ਹਿਰੀ ਹਲਕੇ ਤੋਂ ਇੰਚਾਰਜ ਮਾਲਵਿਕਾ ਸੂਦ ਤੇ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ’ਚ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਤੇ ਦੋ ਦਿਨ ਪਹਿਲਾਂ ਹੀ ਕਾਂਗਰਸ ’ਚ ਮੁੜ ਸ਼ਾਮਲ ਕੀਤੇ ਗਏ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਤੇ ਹੋਰ ਆਗੂਆਂ ਦੀ ਗੈਰ-ਹਾਜ਼ਰੀ ਚਰਚਾ ਦਾ ਵਿਸ਼ਾ ਰਹੀ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਨਾ ਸਿਰਫ਼ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਬਲਕਿ ਮਹਿੰਗਾਈ ਵੀ ਵਧੇਗੀ।
ਫ਼ਤਹਿਗੜ੍ਹ ਪੰਜਤੂਰ (ਹਰਦੀਪ ਸਿੰਘ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਇੱਥੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ’ਤੇ ਵਾਧੂ ਬੋਝ ਪਾਇਆ ਹੈ।

Advertisement

ਭਾਪਜਾ ਆਗੂਆਂ ਨੇ ਗੱਡੇ ’ਤੇ ਚੜ੍ਹ ਕੇ ਕੀਤਾ ਪ੍ਰਦਰਸ਼ਨ

ਪਿੰਡ ਵੈਰੋ ਕੇ ਵਿੱਚ ਗੱਡੇ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰ।

ਜਲਾਲਾਬਾਦ (ਮਲਕੀਤ ਸਿੰਘ): ਪੰਜਾਬ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਅੱਜ ਭਾਪਜਾ ਆਗੂਆਂ ਨੇ ਗੱਡੇ ’ਤੇ ਚੜ੍ਹ ਕੇ ਰੋਸ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਵਿੱਚ ਪਿੰਡ ਵੈਰੋ ਕੇ ਵਿੱਚ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੱਲੇ ਕੁਝ ਨਹੀਂ ਹੈ ਅਤੇ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਵੇਚ ਕੇ ਮੁੱਖ ਮੰਤਰੀ ਪੰਜਾਬ ਨੂੰ ਚਲਾ ਰਹੇ ਹਨ।

Advertisement
Author Image

sukhwinder singh

View all posts

Advertisement