ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ
ਪਾਵਰਕੌਮ ਪੀਐੱਸਈਬੀ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਸਥਾਨਕ ਡਿਵੀਜ਼ਨ ਦਫ਼ਤਰ ਦੇ ਮੁੱਖ ਗੇਟ ਅੱਗੇ ਆਪਣੀਆਂ ਮੰਗਾਂ ਮੰਨਵਾਉਣ ਲਈ ਮੁਜ਼ਾਹਰਾ ਕੀਤਾ। ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਜਥੇਬੰਦੀ ਦੇ ਕਾਰਕੁਨਾਂ ਨੇ ਸੂਬਾ ਸਰਕਾਰ ਅਤੇ ਵਿਭਾਗ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ ਕਰਨ ਦਾ ਦੋਸ਼ ਲਾਇਆ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਇੰਦਰਜੀਤ ਸਿੰਘ ਢਿੱਲੋਂ, ਸਰਕਲ ਆਗੂ ਲਖਵਿੰਦਰ ਸਿੰਘ, ਕ੍ਰਿਸ਼ਨ ਕਾਂਤ, ਨਵੀਨ ਮਦਾਨ, ਪ੍ਰਿਤਪਾਲ ਸਿੰਘ, ਅਜੇ ਕੁਮਾਰ, ਬਲਜੀਤ ਸਿੰਘ ਤੇ ਨਰਿੰਦਰ ਪ੍ਰਸ਼ਾਦ ਆਦਿ ਨੇ ਸੰਬੋਧਨ ਕੀਤਾ।
ਇਸ ਦੌਰਾਨ ਉਨ੍ਹਾਂ ਮੰਗ ਰੱਖੀ ਕਿ ਮੁਲਾਜ਼ਮਾਂ ਦੇ ਪੇਅ ਸਕੇਲਾਂ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਕਰੰਟ ਲੱਗਣ ਕਾਰਨ ਡਿਊਟੀ ’ਤੇ ਫੌਤ ਹੋਣ ਵਾਲਿਆਂ ਨੂੰ ਕਾਮਿਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਵਿਭਾਗ ਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਬਿਜਲੀ ਮੁਲਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ (ਏਟਕ) ਅਤੇ ਪੀਐੱਸਈਬੀ ਪੈਨਸ਼ਨ ਯੂਨੀਅਨ (ਏਟਕ ) ਪੰਜਾਬ ਨੇ ਬਿਜਲੀ ਕਾਮਿਆਂ ਦੀਆਂ ਮੰਗਾਂ ਮੰਨਵਾਉਣ ਲਈ ਦੂਜੇ ਦਿਨ ਵੀ ਸਾਂਝੇ ਤੌਰ ’ਤੇ ਰੈਲੀਆਂ ਕੀਤੀਆਂ। ਮਾਲੇਰਕੋਟਲਾ ਡਵੀਜ਼ਨ ਵਿਚ ਵੀ ਪਾਵਰਕੌਮ ਦੇ ਦਫ਼ਤਰ ਅੱਗੇ ਨਰਿੰਦਰ ਕੁਮਾਰ ਅਗਵਾਈ ਵਿੱਚ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਗੁਰਧਿਆਨ ਸਿੰਘ ,ਕੌਰ ਸਿੰਘ, ਰਾਜਵੰਤ ਸਿੰਘ ਅਤੇ ਗੁਰਜੰਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਾਵਰਕੌਮ ਦੀਆਂ ਮੁਲਾਜ਼ਮ ਜਥੇਬੰਦੀਆਂ ਨੂੰ ਵਾਰ ਵਾਰ ਮੀਟਿੰਗਾਂ ਦੇ ਕੇ ਕਿਸੇ ਸਿੱਟੇ ਤਾਂ ਨਾ ਪਹੁੰਚਣਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਟਾਲ-ਮਟੋਲ ਵਾਲੀ ਨੀਤੀ ਵਰਤੀ ਜਾ ਰਹੀ ਹੈ। ਜੇਕਰ ਸਰਕਾਰ ਨੇ ਟਾਲ ਮਟੋਲ ਵਾਲੀ ਨੀਤੀ ਜਾਰੀ ਰੱਖੀ ਤਾਂ ਮੁਲਾਜ਼ਮ ਜਥੇਬੰਦੀਆਂ ਨੂੰ ਤਿੱਖੇ ਸੰਘਰਸ਼ ਲਈ ਮਜਬੂਰ ਹੋਣਾ ਪੈਣਾ ਹੈ। ਇਸ ਮੌਕੇ ਗੁਰਜੀਤ ਸਿੰਘ , ਕ੍ਰਿਪਾਲ ਸਿੰਘ, ਭੁਪਿੰਦਰ ਸਿੰਘ ਲਸੋਈ, ਜਗਮੇਲ ਸਿੰਘ ਕੁੱਪ ਕਲਾਂ, ਕੁਲਦੀਪ ਸਿੰਘ ਕੁੱਪ ਕਲਾਂ, ਹਰਜੀਤ ਸਿੰਘ, ਗੁਰਜੀਤ ਸਿੰਘ ਤੇ ਜਗਦੇਵ ਸਿੰਘ ਆਦਿ ਵੀ ਹਾਜ਼ਰ ਸਨ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ) ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਡਿਵੀਜ਼ਨ ਦਿੜ੍ਹਬਾ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਡਿਵੀਜ਼ਨ ਦਫ਼ਤਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਕੁਲਵਿੰਦਰ ਸਿੰਘ ਢਿੱਲੋਂ ਜਨਰਲ ਸਕੱਤਰ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ, ਗੁਰਧੀਰ ਸਿੰਘ ਸਟੇਟ ਕਮੇਟੀ ਆਗੂ ਐਂਪਲਾਈਜ਼ ਫੈਡਰੇਸ਼ਨ (ਫਲਜੀਤ) ਤੇ ਸਤਪਾਲ ਸਿੰਘ, ਆਦਿ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਡਿਵੀਜ਼ਨ ਲਹਿਰਾਗਾਗਾ ਦੀ ਲੀਡਰਸ਼ਿਪ ਵਲੋਂ ਕਰਮਜੀਤ ਸਿੰਘ ਨੰਗਲਾ, ਰਾਮ ਚੰਦਰ ਖਾਈ ਤੇ ਜੰਗੀਰ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ। ਇਸ ਮੌਕੇ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੂਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਅਤੇ ਜਸਵਿੰਦਰ ਸਿੰਘ ਜੱਸਾ ਨੇ ਸੰਬੋਧਨ ਕੀਤਾ।