ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਅਗਸਤ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਇੱਥੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ। ਵਿਖਾਵਾਕਾਰੀਆਂ ਦਾ ਦੋਸ਼ ਸੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਬੇਰੁਖ਼ੀ ਦਿਖਾ ਰਹੀ ਹੈ। ਬੁਲਾਰਿਆਂ ਨੇ ਮੁੱਖ ਮੰਤਰੀ ’ਤੇ ਫਰੰਟ ਦੇ ਆਗੂਆਂ ਨਾਲ ਵਾਰ-ਵਾਰ ਵਾਅਦਾ ਕਰ ਕੇ ਮੀਟਿੰਗ ਨਾ ਕਰਨ ਦਾ ਦੋਸ਼ ਲਾਇਆ। ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਮੁੱਖ ਮੰਤਰੀ ਪੰਜਾਬ ਵੱਲੋਂ ਤੈਅ ਕੀਤੀਆਂ ਮੀਟਿੰਗਾਂ ਦਾ ਸਮਾਂ ਵਾਰ-ਵਾਰ ਬਦਲਣ ਅਤੇ ਮੁਲਾਜ਼ਮ ਮੰਗਾਂ ਪ੍ਰਤੀ ਡੰਗ ਟਪਾਊ ਵਤੀਰਾ ਅਪਣਾਉਣ ਖਿਲਾਫ਼ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਇਥੇ ਪੰਜਾਬ ਮੁਲਾਜ਼ਮ ਅਤੇ ਪੈਨਸਨਰਜ਼ ਸਾਂਝਾ ਫਰੰਟ ਨੇ ਪੰਜਾਬ ਸਰਕਾਰ ਦੀ ਲਾਰਿਆਂ ਦੀ ਪੰਡ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 10 ਅਗਸਤ ਤੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਪੱਧਰੀ ਸੱਦੇ ’ਤੇ ਅੱਜ ਮੁਲਾਜ਼ਮ ਅਤੇ ਪੈਨਸ਼ਨਰਜ ਜਥੇਬੰਦੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗ ਦਾ ਸੱਦਾ ਦੇ ਕੇ ਮੁਲਤਵੀ ਕਰਨ ਦੇ ਰੋਸ ਵਜੋਂ ਡੀਸੀ ਕੰਪਲੈਕਸ ਵਿਖੇ ਰੈਲੀ ਕੀਤੀ। ਉਪਰੰਤ ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ ਫੂਕੀ।