ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨਾਂ ਵੱਲੋਂ ਮੁਜ਼ਾਹਰੇ
ਸ਼ਗਨ ਕਟਾਰੀਆ
ਬਠਿੰਡਾ, 20 ਸਤੰਬਰ
ਸੀਆਈਏ ਸਟਾਫ ਮੁਹਾਲੀ ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਗਏ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਲਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਕੇ ਮਿਨੀ ਸਕੱਤਰੇਤ ਕੋਲ ਧਰਨਾ ਦਿੱਤਾ। ਉਨ੍ਹਾਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਕੇਸ ਰੱਦ ਕਰਨ ਅਤੇ ਮਾਲੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਹਰਿੰਦਰ ਬਿੰਦੂ ਨੇ ਕਿਹਾ ਕਿ ਪੁਲੀਸ ਕੇਸ ਵਿੱਚ ਦਰਜ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਬਿਲਕੁਲ ਝੂਠਾ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਕਾਰਵਾਈ ਬਦਲਾ ਲਊ ਭਾਵਨਾ ਤਹਿਤ ਕੀਤੀ ਹੈ।
ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਸਥਾਨਕ ਡੀਸੀ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਜ ਜਥੇਬੰਦੀ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਡੀਸੀ ਦਫ਼ਤਰ ਬਰਨਾਲਾ ਅੱਗੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਗਿਆ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਨੂੰ ਨਾਗਰਿਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਦੀ ਉਲੰਘਣਾ ਕਰਾਰ ਦਿੱਤਾ ਹੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਨ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਮਾਨਸਾ ਵਿਚ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਮੰਗ ਪੱਤਰ ਸੌਂਪਿਆ।
ਲੰਬੀ (ਇਕਬਾਲ ਸਿੰਘ ਸ਼ਾਂਤ): ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਖਿਲਾਫ਼ ਭਾਕਿਯੂ (ਏਕਤਾ) ਉਗਰਾਹਾਂ ਬਲਾਕ ਲੰਬੀ ਵੱਲੋਂ ਸੂਬਾਈ ਸੱਦੇ ‘ਤੇ ਅੱਜ ਲੰਬੀ ਵਿਚ ਵੀ ਰੋਸ ਮਾਰਚ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਅੱਜ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ ਕੀਤਾ ਹੈ।