ਕਿਸਾਨਾਂ ਵੱਲੋਂ ਭਾਜਪਾ ਸਰਕਾਰ ਵਿਰੁੱਧ ਮੁਜ਼ਾਹਰੇ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 1 ਅਗਸਤ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਭਾਜਪਾ ਸਰਕਾਰ ਦੇ ਪੁਤਲੇ ਸਾੜੇ ਗਏ ਤੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਐਲਾਨਿਆ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਦੀ ਹਰਿਆਣਾ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਨਿਹੱਥੇ ਬੇਕਸੂਰ ਕਿਸਾਨਾਂ ’ਤੇ ਜ਼ੁਲਮ ਕਰਨ ਵਾਲੇ ਅਤੇ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਅਫ਼ਸਰਾਂ ਦੇ ਨਾਂ ਰਾਸ਼ਟਰਪਤੀ ਐਵਾਰਡ ਲਈ ਸਿਫ਼ਾਰਿਸ਼ ਕਰਨ ਦੇ ਰੋਸ ਵਜੋਂ ਪੁਤਲੇ ਫੂਕੇ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹੀ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਜਾ ਰਹੇ ਆਪਣੇ ਹੀ ਦੇਸ਼ ਦੇ ਨਾਗਰਿਕਾਂ ’ਤੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ 13, 14 ਅਤੇ 21 ਫਰਵਰੀ ਨੂੰ ਅਣਮਨੁੱਖੀ ਵਤੀਰਾ ਅਪਣਾਉਂਦਿਆਂ ਉਨ੍ਹਾਂ ’ਤੇ ਅਜਿਹੇ ਕੈਮੀਕਲ ਵਾਲੇ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ, ਜਿਨ੍ਹਾਂ ਦੇ ਇਸਤੇਮਾਲ ਦੀ ਇਜਾਜ਼ਤ ਕੋਈ ਵੀ ਕੌਮਾਂਤਰੀ ਕਾਨੂੰਨ ਵੀ ਨਹੀਂ ਦਿੰਦਾ।
ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਵਿੱਚ ਭਾਜਪਾ ਸਰਕਾਰ ਵੱਲੋਂ ਲੋਕਤੰਤਰ ਅਤੇ ਸੰਵਿਧਾਨ ਦਾ ਘਾਣ ਕਰਦੇ ਹੋਏ ਆਪਣੇ ਹੀ ਦੇਸ਼ ਦੇ ਨਾਗਰਿਕਾਂ ’ਤੇ ਜ਼ੁਲਮ ਢਾਹੁਣ ਵਾਲੇ ਪੁਲੀਸ ਅਫ਼ਸਰਾਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੇਸ਼ ਦੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖ਼ੁਦ ਇਸ ਮੁੱਦੇ ਦਾ ਨੋਟਿਸ ਲੈਂਦੇ ਹੋਏ ਜੁਡੀਸ਼ਲ ਜਾਂਚ ਕਰਵਾਉਣ।