For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ

11:09 AM Apr 08, 2024 IST
ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਗੁਰਦਾਸਪੁਰ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਜਤਿੰਦਰ ਬੈਂਸ
ਗੁਰਦਾਸਪੁਰ, 7 ਅਪਰੈਲ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸਾਂਝੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਜਹਾਜ਼ ਚੌਕ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਹਰਿਆਣਾ ਵਿੱਚ ਗ੍ਰਿਫ਼ਤਾਰ ਕਿਸਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਇਲਾਕੇ ਦੇ ਕਿਸਾਨ ਨਹਿਰੂ ਪਾਰਕ ਵਿੱਚ ਇਕੱਠੇ ਹੋਏ ਅਤੇ ਰੋਸ ਮਾਰਚ ਆਰੰਭ ਕੀਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾਹ, ਸੂਬਾ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਸੁਖਦੇਵ ਸਿੰਘ ਭੋਜਰਾਜ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫ਼ੌਜੀ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦਾ ਗਾਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕਰਵਾਉਣ, ਕਿਸਾਨ ਮਜ਼ਦੂਰ ਦੀ ਕਰਜ਼ਾ ਮੁਕਤੀ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜ਼ਗਾਰ ਅਤੇ ਦਿਹਾੜੀ 700 ਰੁਪਏ ਸਮੇਤ 10 ਅਹਿਮ ਮੰਗਾਂ ਨੂੰ ਲਾਗੂ ਕਰਵਾਉਣ ਲਈ ਚੱਲ ਰਹੇ ਇਸ ਅੰਦੋਲਨ ਦੀਆਂ ਮੰਗਾਂ ਪ੍ਰਤੀ ਜਾਗਰੂਕਤਾ ਵਧ ਰਹੀ ਹੈ।
ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਅੱਜ ਗੋਲਡਨ ਗੇਟ ਅੰਮ੍ਰਿਤਸਰ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੇ ਆਗੂਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਸੈਂਕੜੇ ਕਿਸਾਨਾਂ ਤੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਕਾਰਜ ਸਿੰਘ ਰਾਮਪੁਰਾ, ਸਤਨਾਮ ਸਿੰਘ ਜੰਡਿਆਲਾ, ਸੋਨੂ ਮਾਹਲ ਸੁਲਤਾਨਵਿੰਡ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਲੀਡਰਾਂ ਨੂੰ ਘੇਰ ਕੇ ਕਿਸਾਨੀ ਅੰਦੋਲਨ ਦੀਆਂ ਮੰਗਾਂ ਸਬੰਧੀ ਸਵਾਲ ਜਵਾਬ ਕੀਤੇ ਜਾਣਗੇ।
ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸਾਂਝੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਕਾਰਕੁਨਾਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦੇ ਕੇ ਹਰਿਆਣਾ ਸਰਕਾਰ ਦੀ ਅਰਥੀ ਸਾੜੀ ਗਈ| ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਬਰਿੰਦਰ ਸਿੰਘ ਕੰਗ ਅਤੇ ਫਤਿਹ ਸਿੰਘ ਪਿੱਦੀ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ-ਮਜ਼ਦੂਰਾਂ ਨੂੰ ਨਵਤੇਜ ਸਿੰਘ ਏਕਲ ਗੱਡਾ, ਭੁਪਿੰਦਰ ਸਿੰਘ ਭਿੰਦਾ, ਇਕਬਾਲ ਸਿੰਘ ਵੜਿੰਗ, ਸੁਖਵਿੰਦਰ ਸਿੰਘ ਦੁਗਲਵਾਲਾ, ਬੀਬੀ ਦਵਿੰਦਰ ਕੌਰ ਪਿੱਦੀ ਤੇ ਪਿਆਰਾ ਸਿੰਘ ਬਾਣੀਆਂ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ|
ਮੁਕੇਰੀਆਂ (ਜਗਜੀਤ ਸਿੰਘ): ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਕੀਤੇ ਜਾ ਰਹੇ ਸਰਕਾਰੀ ਜਬਰ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ। ਨਵਾਂ ਭੰਗਾਲਾ ਵਿੱਚ ਕੀਤੇ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਕਾਰ ਸਿੰਘ ਪੁਰਾਣਾ ਭੰਗਾਲਾ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਕਿਸਾਨ ਸ਼ਾਂਤਮਈ ਤਰੀਕੇ ਨਾਲ ਪੰਜਾਬ ਤੋਂ ਦਿੱਲੀ ਵੱਲ ਜਾ ਰਹੇ ਕਿਸਾਨਾਂ ਮਜ਼ਦੂਰਾਂ ਉੱਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਭਾਰੀ ਜਬਰ ਕੀਤਾ ਹੈ।

Advertisement

Advertisement
Author Image

Advertisement
Advertisement
×