ਸ਼ੁਭਕਰਨ ਨੂੰ ਇਨਸਾਫ ਦਿਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਰੋਸ ਮੁਜ਼ਾਹਰੇ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਫਰਵਰੀ
ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਮਾਰਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਸੂਬਾ ਕਮੇਟੀ ਮੈਂਬਰ ਹਰਦੀਪ ਕੌਰ ਕੋਟਲਾ ਤੇ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਦੀ ਅਗਵਾਈ ਵਿੱਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭੰਡਾਰੀ ਪੁਲ ’ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਹਾਲ ਗੇਟ , ਹਾਲ ਬਜ਼ਾਰ ਤੋਂ ਕੋਤਵਾਲੀ ਤੱਕ ਰੋਸ ਮਾਰਚ ਕੀਤਾ।
ਜਲੰਧਰ (ਪੱਤਰ ਪ੍ਰੇਰਕ): ਅੱਜ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਜਲੰਧਰ ਡੀ ਸੀ ਦਫ਼ਤਰ ਮੂਹਰੇ ਰੋਸ ਪ੍ਰਦਰਸਨ ਕਰਕੇ ਇਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਦੌਰਾਨ ਕੇਂਦਰ ਅਤੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਤਰਨ ਤਾਰਨ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿਚ ਇਕ ਰੈਲੀ ਕਰਕੇ ਖਨੌਰੀ ਬਾਰਡਰ ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਕੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ|
ਧਾਰੀਵਾਲ (ਪੱਤਰ ਪ੍ਰੇਰਕ): ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੇ ਬਲਾਕ ਧਾਰੀਵਾਲ ਦੇ ਪ੍ਰਧਾਨ ਗੁਰਨਾਮ ਸਿੰਘ ਚਾਹਲ ਅਤੇ ਸ਼ਹਿਰੀ ਪ੍ਰਧਾਨ ਸਰਦਾਰੀ ਲਾਲ ਰਣੀਆਂ ਦੀ ਅਗਵਾਈ ਹੇਠ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਹਿਰ ਅੰਦਰ ਕੈਂਡਲ ਮਾਰਚ ਕੱਢਿਆ ਗਿਆ ਅਤੇ ਰੋਸ ਪ੍ਰਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।