For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ

07:47 AM Dec 19, 2023 IST
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ
ਬਠਿੰਡਾ ਵਿੱਚ ਸਰਕਾਰੀ ਰਾਜਿੰਦਰਾ ਕਾਲਜ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। -ਫੋਟੋ: ਸ਼ਗਨ ਕਟਾਰੀਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ/ਖੇਤਰੀ ਪ੍ਰਤੀਨਿਧ
ਚੰਡੀਗੜ੍ਹ/ਪਟਿਆਲਾ, 18 ਦਸੰਬਰ
ਸੰਸਦ ਵਿੱਚ ਰੰਗਦਾਰ ਕੈਨਿਸਟਰ ਨਾਲ ਧੂੰਆਂ ਕਰਨ ਵਾਲੇ ਨੌਜਵਾਨਾਂ ’ਤੇ ਕੇਂਦਰ ਸਰਕਾਰ ਵੱਲੋਂ ਯੂਏਪੀਏ ਦੇ ਤਹਿਤ ਕੇਸ ਦਰਜ ਕੀਤੇ ਜਾਣ ਦਾ ਗੰਭੀਰ ਨਟਿਸ ਲੈਂਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਯੂਨੀਅਨ ਵੱਲੋਂ ਇਹ ਰੋਸ ਮੁਜ਼ਾਹਰੇ ਪਟਿਆਲਾ, ਨਾਭਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਰੀਦਕੋਟ, ਰੂਪਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਬੇਨੜਾ ਆਦਿ ਥਾਵਾਂ ’ਤੇ ਕੀਤੇ ਗਏ।
ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਨੇ ਦੱਸਿਆ ਕਿ ਪੀਐੱਸਯੂ ਦੇ ਸੂਬਾਈ ਪ੍ਰਧਾਨ ਰਣਵੀਰ ਕੁਰੜ ਦੀ ਅਗਵਾਈ ਹੇਠ ਕੀਤੇ ਗਏ ਪ੍ਰਦਰਸ਼ਨ ਨੂੰ ਸੂਬਾਈ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਅਤੇ ਹੋਰਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਅਜਿਹੀ ਕਾਰਵਾਈ ਕਰਨ ਵਾਲੇ ਨੌਜਵਾਨ ਪੜ੍ਹੇ-ਲਿਖੇ ਸਨ ਅਤੇ ਬੇਰੁਜ਼ਗਾਰੀ ਤੋਂ ਪੀੜਤ ਸਨ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਆਪਣੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਤਾਨਾਸ਼ਾਹੀ ਰਵੱਈਏ ਨਾਲ ਦਬਾਅ ਰਹੀ ਹੈ। ਇਸੇ ਤਾਨਾਸ਼ਾਹੀ ਖ਼ਿਲਾਫ਼ ਇਨ੍ਹਾਂ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੀ ਤਰਜ਼ ’ਤੇ ਆਪਣੀ ਆਵਾਜ਼ ਸੁਣਾਉਣ ਲਈ ਇਹ ਤਰੀਕਾ ਅਪਣਾਇਆ ਸੀ। ਇਨ੍ਹਾਂ ਨੌਜਵਾਨਾਂ ਨੇ ਹੋਲੀ ਦੇ ਦਿਨ ਵਰਤਿਆ ਜਾਣ ਵਾਲਾ ਰੰਗ ਹੀ ਵਰਤਿਆ ਹੈ। ਉਨ੍ਹਾਂ ਅਜਿਹਾ ਕਰਨ ਸਮੇਂ ‘ਤਾਨਾਸ਼ਾਹੀ ਨਹੀਂ ਚਲੇਗੀ’ ਅਤੇ ‘ਜੈ ਭੀਮ ਜੈ ਭਾਰਤ’ ਦੇ ਨਾਅਰੇ ਲਗਾਏ।
ਯੂਨੀਅਨ ਨੇ ਉਨ੍ਹਾਂ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨਾਂ ’ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪੀਐੱਸਯੂ ਦੇ ਆਗੂਆਂ ਨੇ ਕਿਹਾ ਕਿ ਜੰਤਰ-ਮੰਤਰ ਅਤੇ ਜੇਐੱਨਯੂ ਵਿੱਚ ਵੀ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਨੀਪੁਰ ਨੂੰ ਬਲਦੀ ਦੇ ਮੂੰਹ ਵਿੱਚ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਦੀ ਆਵਾਜ਼ ਨਹੀਂ ਸੁਣ ਰਹੀ ਹੈ, ਇਸ ਵਾਸਤੇ ਲੋਕ ਆਪਣੀਆਂ ਮੰਗਾਂ ਮਨਵਾਉਣ ਅਤੇ ਵਿਰੋਧ ਦੀ ਆਵਾਜ਼ ਦਰਜ ਕਰਵਾਉਣ ਲਈ ਪ੍ਰਦਰਸ਼ਨ ਦੇ ਵੱਖ-ਵੱਖ ਤਰੀਕੇ ਲੱਭ ਰਹੇ ਹਨ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਨਾਅਰੇ ਵੀ ਦੇਸ਼ ਵਿਰੋਧੀ ਜਾਂ ਫਿਰਕੂ ਨਹੀਂ ਸਨ। ਆਗੂਆਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਅਜਿਹਾ ਕਿਉਂ ਕੀਤਾ ਇਸ ਦਾ ਕਾਰਨ ਜਾਣਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਯੂਏਪੀਏ ਲਗਾ ਦਿੱਤਾ ਗਿਆ ਜੋ ਕਿ ਸਰਾਸਰ ਗ਼ਲਤ ਹੈ। ਇਸ ਦੌਰਾਨ ਪੀਐੱਸਯੂ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਵੀ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਆਗੂ ਰਾਜਵੀਰ, ਗੁਰਧਿਆਨ, ਅਰਵਿੰਦਰ ਕੌਰ ਅਤੇ ਮਨਪ੍ਰੀਤ ਸਮੇਤ ਗਗਨ ਤੇ ਲਵਪ੍ਰੀਤ ਸ਼ਾਮਲ ਸਨ।

Advertisement

Advertisement
Author Image

joginder kumar

View all posts

Advertisement
Advertisement
×