ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਲਈ ਮੁਜ਼ਾਹਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਅਕਤੂਬਰ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਵੱਲੋਂ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਿੱਖਿਆ ਮੰਤਰੀ ਪੰਜਾਬ ਖ਼ਿਲਾਫ਼ ਬਣਦੀ ਕਾਰਵਾਈ ਕਰਾਉਣ ਦੀ ਮੰਗ ਨੂੰ ਲੈ ਕੇ ਇਥੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸੰਬੋਧਨ ਕਰਦਿਆ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਫਕੀਰ ਸਿੰਘ ਟਿੱਬਾ, ਮਾਲਵਿੰਦਰ ਸਿੰਘ ਸੰਧੂ, ਭੁਪਿੰਦਰ ਖਿਲਰੀਆਂ , ਬਲਦੇਵ ਬਡਰੁੱਖਾਂ, ਰਾਮ ਕਿਸਨ, ਸਵਰਨ ਅਕਬਰਪੁਰ, ਰਾਜਿੰਦਰ ਅਕੋਈ ਆਦਿ ਆਗੂਆਂ ਨੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਖੁਦਕੁਸ਼ੀ ਨੋਟ ਵਿਚ ਸਿੱਖਿਆ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪੁਲੀਸ ਵਲੋਂ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਹੀ ਕਾਰਵਾਈ ਕੀਤੀ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਸਿੱਖਿਆ ਮੰਤਰੀ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਅਤੇ ਰੋਪੜ ਵਿੱਚ ਅੰਦੋਨਲਕਾਰੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ।
ਪਟਿਆਲਾ(ਸਰਬਜੀਤ ਸਿੰਘ ਭੰਗੂ): ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਸਥਾਨਕ ਮਨਿੀ ਸਕੱਤਰੇਤ ਦੇ ਬਾਹਰ ਸਿੱਖਿਆ ਮੰਤਰੀ ਦਾ ਪੁਤਲਾ ਫੂਕਣ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਸਕੱਤਰ ਹਰਵਿੰਦਰ ਰੱਖੜਾ, ਰਾਮਸ਼ਰਨ ਨਾਭਾ, 1158 ਸਹਾਇਕ ਪ੍ਰੋਫੈਸਰ ਫਰੰਟ ਤੋਂ ਪਰਮਜੀਤ ਸਿੰਘ ਅਤੇ ਪੀਐੱਸਯੂ ਤੋਂ ਅਮਨਦੀਪ ਸਿੰਘ ਨੇ ਕਿਹਾ ਮੌਜੂਦਾ ‘ਆਪ’ ਸਰਕਾਰ ਵੀ ਨਿੱਜੀਕਰਨ ਦੀਆਂ ਨੀਤੀਆਂ ’ਤੇ ਅੱਗੇ ਵਧਦੀ ਹੋਈ ਉਚੇਰੀ ਸਿੱਖਿਆ ਵਿੱਚ ਨਵੀਂ ਭਰਤੀ ਕਰਨ ਤੋਂ ਇਨਕਾਰੀ ਚੱਲੀ ਆ ਰਹੀ ਹੈ। ਖੁਦਕੁਸ਼ੀ ਮਾਮਲੇ ਸਬੰਧੀ ਆਗੂਆਂ ਨੇ ਮੰਗ ਕੀਤੀ ਕਿ ਮ੍ਰਿਤਕਾ ਵੱਲੋਂ ਲਿਖੇ ਆਤਮ ਹੱਤਿਆ ਨੋਟ ਮੁਤਾਬਕ ਦੋਸ਼ੀਆਂ ਖ਼ਿਲਾਫ਼ ਫੌਰੀ ਕੇਸ ਦਰਜ ਕਰ ਕੇ ਕਰਵਾਈ ਕੀਤੀ ਜਾਵੇ। ਇਸ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫਾ ਲੈਣ ਦੀ ਵੀ ਮੰਗ ਕੀਤੀ ਗਈ। ਡੀਟੀਐੱਫ ਆਗੂਆਂ ਗਗਨ ਰਾਣੂ, ਹਰਿੰਦਰ ਪਟਿਆਲਾ, ਕ੍ਰਿਸ਼ਨ ਚੌਹਾਨਕੇ, ਜਗਪਾਲ ਚਹਿਲ, ਡੀਐੱਮਐੱਫ ਤੋਂ ਗੁਰਜੀਤ ਘੱਗਾ ਅਤੇ ਕੰਪਿਊਟਰ ਅਧਿਆਪਕ ਕਮੇਟੀ ਤੋਂ ਪਰਮਵੀਰ ਸਿੰਘ ਨੇ ਦੋਸ਼ ਲਾਇਆ ਕਿ ਪਿਛਲੇ 2 ਮਹੀਨੇ ਤੋਂ ਉਚੇਰੀ ਅਤੇ ਸਕੂਲ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਪੱਕੇ ਧਰਨੇ ’ਤੇ ਬੈਠੇ ਸਹਾਇਕ ਪ੍ਰੋਫੈਸਰਾਂ ਨਾਲ ਸਿੱਖਿਆ ਮੰਤਰੀ ਵੱਲੋਂ ਵਾਜ਼ਬਿ ਢੰਗ ਨਾਲ ਮੀਟਿੰਗ ਤੱਕ ਨਹੀਂ ਕੀਤੀ। ਫਰੰਟ ਨੇ ਮੰਗ ਕੀਤੀ ਕਿ ਖ਼ੁਦਕੁਸ਼ੀ ਕਰਨ ਵਾਲੀ ਅਧਿਆਪਕਾ ਦੇ ਪਰਿਵਾਰ ਨਾਲ ਇਨਸਾਫ ਕੀਤਾ ਜਾਵੇ ਅਤੇ ਸੰਘਰਸ਼ੀ 1158 ਸਹਾਇਕ ਪ੍ਰੋਫੈਸਰਾਂ ਨਾਲ ਗੱਲਬਾਤ ਰਾਹੀ ਮਾਮਲੇ ਦਾ ਵਾਜ਼ਬਿ ਹੱਲ ਕੱਢਿਆ ਜਾਵੇ।
ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਵੱਲੋਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ
ਲਹਿਰਾਗਾਗਾ (ਰਮੇਸ਼ ਭਾਰਦਵਾਜ): 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਭਰਤੀ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਵਿੱਚੋਂ ਅਧਿਆਪਕਾ ਬਲਵਿੰਦਰ ਕੌਰ ਦੀ ਆਤਮ ਹੱਤਿਆ ਦੇ ਦੋਸ਼ੀਆ ਨੂੰ ਸ਼ਜਾ ਦਿਵਾਉਣ ਅਤੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਸਿੱਖਿਆ ਮੰਤਰੀ ਦੀਆਂ ਅਰਥੀਆ ਫੂਕਣ ਦੇ ਦਿੱਤੇ ਸੱਦੇ ਤਹਿਤ ਲਹਿਰਾਗਾਗਾ ਇਕਾਈ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਆਗੂਆਂ ਮਨੋਜ ਕੁਮਾਰ ਨੇ ਮਸਲੇ ਦਾ ਵਾਜ਼ਬਿ ਹੱਲ ਕੱਢਣ ਦੀ ਮੰਗ ਵੀ ਕੀਤੀ ਹੈ।