‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ-ਦਫ਼ਤਰਾਂ ਅੱਗੇ ਧਰਨੇ
ਗੁਰਿੰਦਰ ਸਿੰਘ
ਲੁਧਿਆਣਾ, 10 ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਵਿੱਚ ਸੱਤਾਧਾਰੀ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਧਰਨੇ ਦੇ ਕੇ ਘਿਰਾਓ ਕਰਨ ਦੇ ਸੱਦੇ ਤਹਿਤ ਕਿਸਾਨਾਂ ਨੇ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੂੰਡੀਆਂ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਦਫ਼ਤਰ ਅਤੇ ਘਰ ਬਾਹਰ ਧਰਨਾ ਦੇ ਕੇ ਘਿਰਾਓ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਅਵਤਾਰ ਸਿੰਘ ਮੇਹਲੋਂ ਸਰਪਰਸਤ ਦੀ ਅਗਵਾਈ ਹੇਠ ਕਿਸਾਨਾਂ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਫ਼ਤਰ ਅੱਗੇ ਦਿੱਤੇ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਨੇ ਕਿਸਾਨਾਂ ਨਾਲ 5 ਮਾਰਚ ਦੀ ਚੰਡੀਗੜ੍ਹ ਮੀਟਿੰਗ ਵਿੱਚ ਜੋ ਵਿਵਹਾਰ ਕੀਤਾ ਹੈ ਤੇ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ ਅਤੇ ਝੂਠੇ ਇਲਜ਼ਾਮ ਲਗਾ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਪੰਜਾਬ ਨੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਹਲਕਾ ਸਾਹਨੇਵਾਲ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਫ਼ਤਰ ਅੱਗੇ ਸੈਂਕੜੇ ਕਿਸਾਨਾਂ ਸਮੇਤ ਪੰਜਾਬ ਸਰਕਾਰ ਵੱਲੋਂ 5 ਮਾਰਚ ਦੇ ਚੰਡੀਗੜ੍ਹ ਧਰਨੇ ਨੂੰ ਅਸਫਲ ਬਣਾਉਣ ਲਈ ਕਿਸਾਨ ਆਗੂਆਂ ਤੇ ਕਿਸਾਨਾਂ ਦੀ ਘਰਾਂ ’ਚ ਕੀਤੀ ਨਜ਼ਰਬੰਦੀ ਤੇ ਜੇਲਾਂ ਵਿਚ ਭੇਜਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਲੱਖੋਵਾਲ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਨੇ ਜੋ ਕਿਸਾਨਾਂ ਨਾਲ 5 ਮਾਰਚ ਦੀ ਚੰਡੀਗੜ੍ਹ ਮੀਟਿੰਗ ਵਿਚ ਜੋ ਵਿਵਹਾਰ ਕੀਤਾ ਤੇ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ, ਝੂਠੇ ਇਲਜ਼ਾਮ ਲਗਾ ਕੇ ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਕਿ ਕਿਸਾਨ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤੇ ਜੋ ਕਿਸਾਨਾਂ ਦੀਆਂ ਮੰਗਾਂ ਹਨ ਉਹ ਕੇਂਦਰ ਸਰਕਾਰ ਨਾਲ ਸੰਬਧਿਤ ਹਨ ਪੰਜਾਬ ਨਾਲ ਨਹੀਂ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਭਾਰਤੀ ਕਿਸਾਨ ਯੂਨੀਅਨ ਦੇ ਸੈਂਕੜੇ ਵਰਕਰਾਂ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਮੰਗਾਂ ਸਬੰਧੀ ਧਰਨਾ ਦਿੱਤਾ ਜਿਸ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਜਿਵੇਂ ਲੋਹਾ ਲਾਖਾ ਹੋਏ ਹਨ ਅਜਿਹਾ ਉਹ ਜ਼ਿੰਦਗੀ ’ਚ ਪਹਿਲੀ ਵਾਰ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਝੂਠ ਬੋਲਣਾ ਬੰਦ ਕਰੇ, ਉਹ ਸੱਚ ਦੇ ਨਿਤਾਰੇ ਲਈ ਮੁੱਖ ਮੰਤਰੀ ਵੱਲੋਂ ਦਿੱਤੇ ਸਮਾਂ ਅਤੇ ਸਥਾਨ ’ਤੇ ਬੈਠਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਮੰਗਾਂ ’ਤੇ ਚਰਚਾ ਕੀਤੀ ਗਈ ਹੈ ਜਿਨ੍ਹਾਂ ਨੂੰ ਕੇਂਦਰ ਨਾਲ ਸਬੰਧਤ ਦੱਸ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।

ਸਮਰਾਲਾ (ਡੀਪੀਐੱਸ ਬੱਤਰਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਘਰ ਅੱਗੇ 11 ਵਜੇ ਤੋਂ ਤਿੰਨ ਵਜੇ ਤੱਕ ਧਰਨਾ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਵੀ ਕੇੰਦਰ ਸਰਕਾਰ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਛੱਡ ਕੇ ਜਾਣਾ ਅਤੇ ਕਿਸਾਨੀ ਮੰਗਾਂ ਸਬੰਧੀ ਝੂਠ ਪਰੋਸਣ ਦੇ ਵਿਰੋਧ ਵਜੋਂ ਅੱਜ ਸੰਕੇਤਕ ਧਰਨੇ ਦਿੱਤੇ ਜਾ ਰਹੇ ਹਨ।
ਪਾਇਲ (ਦੇਵਿੰਦਰ ਸਿੰਘ ਜੱਗੀ): ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਮੀਟਿੰਗ ‘ਚ ਤਲਖੀ ਨਾਲ ਗੱਲ ਕਰਨ ਅਤੇ 5 ਮਾਰਚ ਨੂੰ ਚੰਡੀਗੜ੍ਹ ਨਾ ਜਾਣ ਦੇਣ ਲਈ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਕਰਕੇ ਜੇਲ੍ਹਾ ਚ’ ਸੁੱਟਣ ਦੇ ਰੋਸ ਵਜੋ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਵੀ ਕੇੰਦਰ ਸਰਕਾਰ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵੀ ਐੱਮਐਸਪੀ ਦਾ ਕਾਨੂੰਨ ਬਣਾਇਆ ਜਾਵੇ, ਖੇਤੀ ਨੀਤੀ ਖਰੜੇ ਨੂੰ ਕਿਸਾਨ ਜਥੇਬੰਦੀਆਂ ਦੇ ਸੁਝਾਅ ਲੈ ਕੇ ਲਾਗੂ ਕਰੇ, ਜੱਦੀ ਪੁਸ਼ਤੀ ਮੁਜਾਰੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ।
ਕੁੱਪ ਕਲਾਂ (ਕੁਲਵਿੰਦਰ ਸਿੰਘ ਗਿੱਲ): ਸੰਯੁਕਤ ਕਿਸਾਨ ਮੋਰਚਾ ਅਮਰਗੜ੍ਹ ਦੇ ਕਿਸਾਨਾਂ ਨੇ ਹਲਕਾ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਅੱਗੇ ਧਰਨਾ ਲਗਾਇਆ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਸਬੰਧਤ 18 ਕਿਸਾਨੀ ਮੰਗਾਂ ਮਸਲਿਆਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਮੋਰਚਾ ਲਗਾਉਣ ਸੀ। ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ ਗਿਆ ਅਤੇ ਕਿਸਾਨਾਂ ਦੀਆਂ ਘਰਾਂ ਵਿੱਚੋਂ ਗਿਰਫ਼ਤਾਰੀਆਂ ਕੀਤੀਆਂ ਉਸ ਦੇ ਖਿਲਾਫ ਕਿਸਾਨਾਂ ਮਜ਼ਦੂਰਾਂ ਵਿੱਚ ਕਾਫੀ ਰੋਸ ਹੈ।
ਰਾਏਕੋਟ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਘਰ ਅਤੇ ਦਫ਼ਤਰ ਦੇ ਸਾਹਮਣੇ ਕਿਸਾਨਾਂ ਨੇ 11 ਵਜੇ ਤੋਂ 3 ਵਜੇ ਤੱਕ ਰੋਸ ਧਰਨਾ ਦਿੱਤਾ। ਧਰਨਾਕਾਰੀ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਠਧਰਮੀ ਛੱਡ ਕੇ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਅਪੀਲ ਕੀਤੀ ਅਤੇ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਭਵਿੱਖ ਵਿੱਚ ਸਖ਼ਤ ਐਕਸ਼ਨ ਕੀਤੇ ਜਾਣਗੇ।
ਧਰਨੇ ਦੌਰਾਨ ਮਾਣੂੰਕੇ ਦੇ ਘਰ ਅੱਗੇ ਬਿਜਲੀ ਦੀ ਤਾਰ ਨੂੰ ਪਾਈ ਕੁੰਡੀ ਦਾ ਮਾਮਲਾ ਭਖਿਆ

ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੀ ਸਥਾਨਕ ਰਿਹਾਇਸ਼ ਦਾ ਕਿਸਾਨ ਜਥੇਬੰਦੀਆਂ ਨੇ ਘਿਰਾਓ ਕੀਤਾ। ਧਰਨੇ ਦੌਰਾਨ ਇਕ ਵਾਰ ਬਿਜਲੀ ਦੀ ਕੁੰਡੀ ਦਾ ਰੌਲਾ ਪੈ ਗਿਆ। ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ, ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਹੋਰਨਾਂ ਦੇ ਨਾਲ ਇਕ ਖੰਭੇ ’ਤੇ ਬਿਜਲੀ ਦੀਆਂ ਤਾਰਾਂ ’ਤੇ ਪਾਈ ਕੁੰਡੀ ਦਿਖਾਈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਚੋਰੀ ਦਾ ਮਾਮਲਾ ਹੈ ਜੋ ਕਥਿਤ ਵਿਧਾਇਕਾ ਦੀ ਰਿਹਾਇਸ਼ ’ਤੇ ਹੁੰਦੀ ਹੈ। ਇਸ ਬਾਰੇ ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੀਟਰ ਟਰਾਂਸਫਾਰਮਰ ਜਾਂ ਕੋਠੀ ਦੇ ਪਿੱਛੇ ਲੱਗਿਆ ਹੋਵੇਗਾ। ਆਏ ਹੋਏ ਬਿੱਲਾਂ ਬਾਰੇ ਉਨ੍ਹਾਂ ਖਾਤਾ ਚੈੱਕ ਕਰਨ ਤੋਂ ਬਾਅਦ ਹੀ ਕੁਝ ਦੱਸਣ ਦੀ ਗੱਲ ਕਹੀ। ਦੂਜੇ ਪਾਸੇ ਵਿਧਾਇਕਾ ਮਾਣੂੰਕੇ ਨੇ ਕੁੰਡੀ ਲਾਉਣ ਸਬੰਧੀ ਦੋਸ਼ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਨਾਂ ’ਤੇ ਮੀਟਰ ਲੱਗਿਆ ਹੋਇਆ ਹੈ। ਧਰਨੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸਮੇਂ ਅਖਤਿਆਰ ਕੀਤੇ ਵਤੀਰੇ, ਮੀਟਿੰਗ ਅੱਧ ਵਿਚਾਲੇ ਛੱਡ ਕੇ ਭੱਜਣ ਅਤੇ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਰੋਸ ਵਜੋਂ ਇਹ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸਮੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ’ਤੇ ਨਿਸ਼ਾਨਾ ਸੇਧਿਆ।