ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਸੂਬਾਈ ਧਰਨਾ 27 ਨੂੰ
ਨਿੱਜੀ ਪੱਤਰ ਪ੍ਰੇਰਕ
ਦੇਵੀਗੜ੍ਹ, 23 ਜੂਨ
ਸੰਯੁਕਤ ਕਿਸਾਨ ਮੋਰਚਾ ਨੇ ਆਨਲਾਈਨ ਮੀਟਿੰਗ ਕਰ ਕੇ ਮੱਕੀ ਤੇ ਮੂੰਗੀ ਦੀ ਫਸਲ ‘ਤੇ ਕਿਸਾਨਾਂ ਦੀ ਹੋ ਰਹੀ ਲੁੱਟ ਵਿਰੁੱਧ ਅਤੇ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਸੰਘਰਸ਼ ਕਰਨ ਦਾ ਫ਼ੈਸਲਾ ਲਿਆ। ਇਸ ਦੀ ਪਹਿਲੀ ਲੜੀ ਦੇ ਤੌਰ ‘ਤੇ 27 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 33 ਜਥੇਬੰਦੀਆਂ ਦੀ ਲੀਡਰਸ਼ਿਪ ਵੱਲੋਂ ਮੁਹਾਲੀ ਵਿੱਚ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਮੱਕੀ ਅਤੇ ਮੂੰਗੀ ਦੀ ਖ਼ਰੀਦ ਵਿੱਚ ਕੀਤੀ ਜਾਂਦੀ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ ਅਤੇ ਇਨ੍ਹਾਂ ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲੀ ਵਿਭਿੰਨਤਾ ਲਿਆਉਣ ਅਤੇ ਪੰਜਾਬ ਦਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਮੱਕੀ ਤੇ ਮੂੰਗੀ ਦੀ ਫ਼ਸਲ ਬੀਜਣ ਲਈ ਕਿਹਾ ਸੀ ਤੇ ਇਨ੍ਹਾਂ ਫ਼ਸਲਾਂ ਨੂੰ ਐੱਮਐੱਸਪੀ ‘ਤੇ ਖਰੀਦਣ ਦੀ ਗਾਰੰਟੀ ਵੀ ਦਿੱਤੀ ਸੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਵੀ ਕਿਸਾਨਾਂ ਦੀ ਫਸਲ ਦੀ ਖਰੀਦ ਐੱਮਐੱਸਪੀ ‘ਤੇ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਸਾਨਾਂ ਨੇ ਫਸਲੀ ਵਿਭਿੰਨਤਾ ਜਾਰੀ ਰੱਖਦੇ ਹੋਏ ਵੱਡੇ ਪੱਧਰ ‘ਤੇ ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੱਕੀ ਫ਼ਸਲ ਮੰਡੀਆਂ ਵਿੱਚ ਆ ਰਹੀ ਹੈ ਪਰ ਸਰਕਾਰ ਸਮਰਥਨ ਕੀਮਤ ‘ਤੇ ਖਰੀਦ ਨਹੀਂ ਕਰ ਰਹੀ।