ਪੀਐੱਸਯੂ ਗੈਸਟ ਫੈਕਲਟੀ ਅਧਿਆਪਕਾਂ ਦੇ ਹੱਕ ’ਚ ਕਰੇਗੀ ਗੇਟ ਰੈਲੀ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 2 ਸਤੰਬਰ
ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਕਾਲਜ ਕਮੇਟੀ ਦੇ ਵਿਦਿਆਰਥੀਆਂ ਦੀ ਮੀਟਿੰਗ ’ਚ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਗੈਸਟ ਫੈਕਲਟੀ ਅਧਿਆਪਕਾਂ ਦੇ ਹੱਕ ਵਿੱਚ ਗੇਟ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ, ਗੁਰਦਾਤ ਸਿੰਘ, ਅਕਾਸ਼ਦੀਪ ਸਿੰਘ, ਨਵਜੋਤ ਸਿੰਘ, ਮਲਕੀਤ ਸਿੰਘ, ਰਾਣਾ, ਹੈਪੀ, ਜਸਪ੍ਰੀਤ ਅਤੇ ਵਿਵੇਕ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਕਾਲਜ ਘੁੱਦਾ ਵਿੱਚੋਂ 22 ਦੇ ਕਰੀਬ ਅਧਿਆਪਕ ਗ਼ੈਰਹਾਜ਼ਰ ਹਨ, ਜਿਸ ਕਾਰਨ ਵਿਦਿਆਰਥੀਆਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ। ਉਨ੍ਹਾਂ ਕਿਹਾ ਕਿ ਅੱਧੇ ਦੇ ਲਗਭਗ ਸਮੈਸਟਰ ਲੰਘ ਜਾਣ ’ਤੇ ਵੀ ਹਾਲੇ ਤੱਕ ਕਾਲਜਾਂ ’ਚ ਅਧਿਆਪਕ ਨਹੀਂ ਆਏ ਤੇ ਕਲਾਸਾਂ ਸ਼ੁਰੂ ਨਹੀਂ ਹੋਈਆਂ, ਜਿਸ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ। ਵਿਦਿਆਰਥੀ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪੱਕੇ ਮੋਰਚੇ ਦੀ ਹਮਾਇਤ ਕਰਨ ਦਾ ਵੀ ਐਲਾਨ ਕੀਤਾ।