ਪੀਯੂ: ਵਿਦਿਆਰਥੀ ਜਥੇਬੰਦੀਆਂ ਵੱਲੋਂ ਉਪ ਕੁਲਪਤੀ ਦਫ਼ਤਰ ਅੱਗੇ ਪ੍ਰਦਰਸ਼ਨ
ਪੱਤਰ ਪ੍ਰੇਰਕ
ਚੰਡੀਗੜ੍ਹ, 22 ਜੁਲਾਈ
ਪੰਜਾਬ ਯੂਨੀਵਰਸਿਟੀ ਕੈਂਪਸ ਅਤੇ ਇਸ ਦੇ ਕਾਂਸਟੀਚੁਐਂਟ ਕਾਲਜਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਸੱਦੇ ਉੱਤੇ ਉਪ ਕੁਲਪਤੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਐੱਸਐੱਫਐੱਸ ਸਣੇ ਹੋਰਨਾਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਤੋਂ ਗੌਤਮ ਭੌਰੀਆ, ਐੱਸਐੱਫਐੱਸ ਤੋਂ ਸੰਦੀਪ ਅਤੇ ਹੋਰਨਾਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੀਯੂ ਅਥਾਰਟੀ ਹਰ ਸਾਲ ਜਾਤੀਵਾਦੀ ਵਤੀਰਾ ਅਪਣਾਉਂਦੇ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਆਉਂਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਦੇ ਨਵੇਂ-ਨਵੇਂ ਢੰਗ ਤਰੀਕੇ ਲੱਭਦੀ ਹੈ। ਇਸ ਸਾਲ ਵੀ ਉਨ੍ਹਾਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫ਼ਾ ਜਮ੍ਹਾਂ ਹੋਣ ਤੋਂ ਪਹਿਲਾਂ ਫੀਸਾਂ ਦਾ ਭੁਗਤਾਨ ਕਰਨ ਲਈ ਮਜਬੂਰ ਕੀਤਾ। ਇਸ ਹੁਕਮ ਤੋਂ ਵਿਦਿਆਰਥੀਆਂ ਤੋਂ ਫੀਸਾਂ ਵਸੂਲਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਅਥਾਰਟੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਲਿਖਤੀ ਸਹਿਮਤੀ
ਵਿਦਿਆਰਥੀ ਆਗੂ ਸੰਦੀਪ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਅੱਜ ਪੀਯੂ ਅਥਾਰਟੀ ਨੇ ਲਿਖਤੀ ਤੌਰ ’ਤੇ ਸਹਿਮਤੀ ਦਿੱਤੀ ਕਿ ਪੀਐੱਮਐੱਸ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਬੰਧਤ ਖਾਤਿਆਂ ਵਿੱਚ ਵਜ਼ੀਫ਼ਾ ਜਮ੍ਹਾਂ ਹੋਣ ਤੋਂ ਬਾਅਦ ਹੀ ਫ਼ੀਸ ਅਦਾ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇੱਕ ਵਾਰ ਸਕਾਲਰਸ਼ਿਪ ਕ੍ਰੈਡਿਟ ਹੋ ਜਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਤੁਰੰਤ ਆਪਣੇ ਸਬੰਧਤ ਅਦਾਰਿਆਂ ਕੋਲ ਫੀਸ ਜਮ੍ਹਾਂ ਕਰਾਉਣੀ ਚਾਹੀਦੀ ਹੈ।