ਪੀਯੂ: ਐੱਸਐੱਫਐੱਸ ਦੇ ਹੱਕ ’ਚ ਨਿੱਤਰੀਆਂ ਵਿਦਿਆਰਥੀ ਜਥੇਬੰਦੀਆਂ
ਕੁਲਦੀਪ ਸਿੰਘ
ਚੰਡੀਗੜ੍ਹ, 30 ਜੁਲਾਈ
ਪੰਜਾਬ ਯੂਨੀਵਰਸਿਟੀ ਅਥਾਰਿਟੀ ਵੱਲੋਂ ਸਟੂਡੈਂਟਸ ਫਾਰ ਸੁਸਾਇਟੀ (ਐੱਸਐੱਫਐੱਸ) ਖ਼ਿਲਾਫ਼ ਦਰਜ ਕੀਤੇ ਗਏ ਅਦਾਲਤੀ ਕੇਸ ਖਿਲਾਫ਼ ਅੱਜ ਵੱਡੀ ਗਿਣਤੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਕਤ ਜਥੇਬੰਦੀ ਖ਼ਿਲਾਫ਼ ਦਾਇਰ ਕੇਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ, ਸੀਵਾਈਐੱਸਐੱਸ, ਇਨਸੋ, ਆਈਐੱਸਓ, ਆਈਐੱਸਏ, ਅੰਬੇਡਕਰ ਸਟੂਡੈਂਟਸ ਫੋਰਮ, ਪੀਐੱਫਯੂਐੱਸ, ਐੱਚਪੀਐੱਸਯੂ, ਐੱਨਐੱਸਯੂਆਈ, ਸੱਥ, ਐੱਸਓਆਈ, ਪੀਐੱਸਯੂ (ਲਲਕਾਰ), ਪੂਸੂ, ਐੱਸਐੱਫਐੱਸ, ਯੂਐੱਸਯੂ, ਸੋਪੂ ਦੇ ਨੁਮਾਇੰਦੇ ਅਤੇ ਵਿਦਿਆਰਥੀ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਇਕੱਠੇ ਹੋਏ। ਜਥੇਬੰਦੀਆਂ ਦੇ ਆਗੂਆਂ ਨੇ ਯੂਨੀਵਰਸਿਟੀ ਅਧਿਕਾਰੀਆਂ ਦੀ ਇਸ ਕਾਰਵਾਈ ਨੂੰ ਤਾਨਾਸ਼ਾਹੀ ਅਤੇ ਸ਼ਰਮਨਾਕ ਦੱਸਦਿਆਂ ਵਿਰੋਧ ਕੀਤਾ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੀਯੂ ਅਥਾਰਿਟੀ ਨੇ ਅਦਾਲਤ ਵਿੱਚ ਦਾਇਰ ਕੀਤੇ ਕੇਸ ਵਿੱਚ ਦਾਅਵਾ ਕੀਤਾ ਹੈ ਕਿ ਐੱਸਐੱਫਐੱਸ ਨੂੰ ਛੱਡ ਕੇ ਬਾਕੀ ਸਾਰੀਆਂ ਵਿਦਿਆਰਥੀ ਜਥੇਬੰਦੀਆਂ ਨੇ ਵਾਈਸ ਚਾਂਸਲਰ ਦੇ ਦਫ਼ਤਰ ਤੇ ਕੈਂਪਸ ’ਚ ਹੋਰ ਥਾਵਾਂ ’ਤੇ ਰੋਸ ਪ੍ਰਦਰਸ਼ਨ ਨਾ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਹਾਲਾਂਕਿ ਧਰਨੇ ਵਿੱਚ ਮੌਜੂਦ ਜਥੇਬੰਦੀਆਂ ਨੇ ਖੁਲਾਸਾ ਕੀਤਾ ਕਿ ਅਥਾਰਿਟੀ ਨੇ ਅਦਾਲਤੀ ਕੇਸ ਵਿੱਚ ਇਹ ਵੱਡਾ ਝੂਠ ਬੋਲਿਆ ਹੈ ਕਿਉਂਕਿ ਕਿਸੇ ਵੀ ਜਮਹੂਰੀਅਤ ਪਸੰਦ ਜਥੇਬੰਦੀ ਨੇ ਅਜਿਹੀ ਸਹਿਮਤੀ ਨਹੀਂ ਦਿੱਤੀ ਹੈ।
ਐੱਸਐੱਫਐੱਸ ਦੇ ਪ੍ਰਧਾਨ ਸੰਦੀਪ ਨੇ ਕਿਹਾ ਕਿ ਯੂਨੀਵਰਸਿਟੀ ਅਧਿਕਾਰੀ ਜਥੇਬੰਦੀ ਦੇ ਵਿਰੋਧ ਅਤੇ ਮੰਗਾਂ ਨੂੰ ਗੈਰ-ਕਾਨੂੰਨੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਅਥਾਰਿਟੀ ਨੇ ਦੋ ਦਿਨ ਦਾ ਸਮਾਂ ਮੰਗਿਆ
ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਜਦੋਂ ਅਥਾਰਿਟੀ ਵੱਲੋਂ ਕੋਈ ਵੀ ਅਧਿਕਾਰੀ ਵਿਦਿਆਰਥੀਆਂ ਨਾਲ ਗੱਲ ਕਰਨ ਲਈ ਨਹੀਂ ਆਇਆ ਤਾਂ ਉਨ੍ਹਾਂ ਨੇ ਪ੍ਰਬੰਧਕੀ ਬਲਾਕ ਵੱਲ ਪੈਦਲ ਮਾਰਚ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਡੀਐੱਸਡਬਲਿਯੂ ਅਤੇ ਐਸੋਸੀਏਟ ਡੀਐੱਸਡਬਲਿਯੂ ਮੌਕੇ ’ਤੇ ਪਹੁੰਚੇ ਅਤੇ ਇਸ ਮੁੱਦੇ ਉੱਤੇ ਵਿਚਾਰ ਕਰਨ ਲਈ ਦੋ ਦਿਨ ਦਾ ਸਮਾਂ ਮੰਗਿਆ, ਜਿਸ ਉਪਰੰਤ ਰੋਸ ਪ੍ਰਦਰਸ਼ਨ ਸਮਾਪਤ ਕੀਤਾ ਗਿਆ।