ਜਨਤਕ ਜਥੇਬੰਦੀਆਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਿਜਦਾ
ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਘਰ ਵਿੱਚ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਸਰਪ੍ਰਸਤ ਮਾਸਟਰ ਕੇਹਰ ਸਿੰਘ ਜੋਸ਼ਨ, ਮਾਸਟਰ ਹਰਨੇਕ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਡਾਕਟਰ ਸਿਕੰਦਰ ਸਿੰਘ ਸੇਵਾਮੁਕਤ ਪ੍ਰਿੰਸੀਪਲ ਅਤੇ ਪਰਮਜੀਤ ਸਿੰਘ ਪੰਮਾ ਸਿੱਧੂਪੁਰ ਲੋਹੀਆਂ ਖਾਸ ਸ਼ਾਮਲ ਹੋਏ। ਪ੍ਰੋਗਰਾਮ ਦੇ ਸ਼ੁਰੂ ਵਿੱਚ ਮਨਦੀਪ ਸਿੰਘ ਜੋਸ਼ਨ ਨੇ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਕਿਹਾ। ਮਾਸਟਰ ਕੇਹਰ ਸਿੰਘ ਜੋਸ਼ਨ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ। ਕਮੇਟੀ ਅਤੇ ਇਲਾਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਵੀ ਦਿੱਤਾ ਜਿਸ ਵਿੱਚ ਮੰਗ ਕੀਤੀ ਗਈ ਕਿ ਸ਼ਹੀਦ ਊਧਮ ਸਿੰਘ ਦੀ ਤਸਵੀਰ ਸਰਕਾਰੀ ਦਫ਼ਤਰਾਂ ਵਿੱਚ ਲਗਾਈ ਜਾਵੇ। ਪਟਿਆਲਾ ਅਤੇ ਬਠਿੰਡਾ ਰੋਡ ਕੈਂਚੀਆਂ ਵਿਖੇ ਸ਼ਹੀਦ ਊਧਮ ਸਿੰਘ ਯਾਦਗਾਰੀ ਗੇਟ ਬਣਾਏ ਜਾਣ, ਪੁਲ ਨੇੜਲੇ ਸ਼ਹੀਦ ਦੇ ਬੁੱਤ ਦਾ ਸੁੰਦਰੀਕਰਨ ਕੀਤਾ ਜਾਵੇ ਅਤੇ ਰੌਸ਼ਨੀ ਦਾ ਖਾਸ ਪ੍ਰਬੰਧ ਕੀਤਾ ਜਾਵੇ। ਮੁੱਖ ਮਹਿਮਾਨ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਕੋਲੋਂ ਮੰਗਾਂ ਪੂਰੀਆਂ ਕਰਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਮੇਂ ਅਮਨ ਅਰੋੜਾ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਿਤਾਬਚਾ ਰਿਲੀਜ਼ ਕੀਤਾ ਗਿਆ। ਇਸ ਮੌਕੇ ਮੈਰਿਟ ਪ੍ਰਾਪਤ ਵਿਦਿਆਰਥੀ ਪ੍ਰਿਅੰਕਾ, ਬੇਅੰਤ ਕੌਰ, ਚਾਹਤ ਵਰਮਾ, ਗਗਨਦੀਪ ਕੌਰ, ਦੀਕਸ਼ਾ ਰਾਣੀ, ਵਿਸ਼ਵਜੀਤ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਸਮੇਤ ਸੁਦਰਸ਼ਨ ਡੋਗਰਾ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਨਿਸ਼ਕਾਮ ਸੇਵਾ ਸੰਸਥਾ ਦੇ ਆਗੂ ਬਿੱਟੂ ਬੀਰਕਲਾ, ਗਿਆਨ ਸਿੰਘ ਦਾ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਨੇ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿੱਚ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਸ਼ਰਧਾਂਜ਼ਲੀਆਂ ਭੇਟ ਕੀਤੀਆਂ। ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਪ੍ਰਧਾਨਗੀ ਮੰਡਲ ’ਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਕੰਵਲਜੀਤ ਸਿੰਘ ਤੇ ਕਿਸ਼ੋਰੀ ਲਾਲ, ਡਾ. ਮਨਮੋਹਨ ਸਿੰਘ ਆਦਿ ਮੌਜੂਦ ਸਨ। ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।
ਸਮਾਣਾ (ਪੱਤਰ ਪ੍ਰੇਰਕ): ਪਬਲਿਕ ਕਾਲਜ ਅਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਐੱਨਐੱਸਐੱਸ ਵਿਭਾਗ ਅਤੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਭਾਸ਼ਣ ਕਰਵਾਏ ਗਏ।
ਇਸ ਮੌਕੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਕਰਵਾਏ
ਸ਼ੇਰਪੁਰ (ਪੱਤਰ ਪ੍ਰੇਰਕ): ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਵਿੱਚ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਕੁਇਜ਼ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਵੱਖ-ਵੱਖ ਹਾਊਸਾਂ ਨੇ ਹਿੱਸਾ ਲਿਆ ਅਤੇ ਮੇਜਰ ਧਿਆਨ ਸਿੰਘ ਹਾਊਸ ਨੇ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਕੁਲਵਿੰਦਰ ਸਿੰਘ ਖੇੜੀ ਅਨੁਸਾਰ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਤੋਂ ਸ਼ਹੀਦ ਊਧਮ ਸਿੰਘ ਦੀ ਜੀਵਨੀ ਨਾਲ ਸਬੰਧਤ ਦਿੱਤੇ ਕੁੱਲ 40 ਪ੍ਰਸ਼ਨਾਂ ਸਬੰਧੀ ਸਕੂਲ ਮੁਖੀ ਕੁਲਵਿੰਦਰ ਸਿੰਘ ਅਤੇ ਅਧਿਆਪਕਾ ਸਤਵੰਤ ਕੌਰ ਨੇ ਸਵਾਲ ਪੁੱਛੇ। ਇਸ ਮੁਕਾਬਲੇ ਵਿੱਚ ਡਾਕਟਰ ਭੀਮ ਰਾਓ ਅੰਬੇਡਕਾਰ ਹਾਊਸ ਨੇ ਦੂਜਾ, ਡਾਕਟਰ ਏਪੀਜੇ ਅਬਦੁਲ ਕਲਾਮ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਕੁਇਜ਼ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੈਡਮ ਜਸਪ੍ਰੀਤ ਕੌਰ, ਪਰਮਜੀਤ ਕੌਰ ਅਤੇ ਰਜਿੰਦਰ ਕੌਰ ਹਾਜ਼ਰ ਸਨ।