ਜਨਤਕ ਜਥੇਬੰਦੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਜੋਗਿੰਦਰ ਸਿੰਘ ਓਬਰਾਏ
ਖੰਨਾ, 5 ਸਤੰਬਰ
ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਰੈਗੂਲਰ ਮੁਲਾਜ਼ਮਾਂ, ਠੇਕਾ ਕਾਮਿਆਂ ਅਤੇ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਪੰਜਾਬ ਤੇ ਕੇਂਦਰ ਸਰਕਾਰਾਂ ਦੀ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਆਮ ਲੋਕਾਂ ਅੱਗੇ ਨੰਗਾ ਕੀਤਾ। ਇਸ ਦੌਰਾਨ ਅਧਿਕਾਰੀਆਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਦਿਆਂ ਜਗਦੇਵ ਸਿੰਘ, ਬੁੱਧ ਸਿੰਘ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਦੀ ਮੰਗ ਪ੍ਰਵਾਨ ਕਰਨ ਅਤੇ ਖੇਤੀ ਤੇ ਸਨਅਤ ਦੇ ਹੱਕ ਵਿੱਚ ਫ਼ੈਸਲੇ ਲਏ ਜਾਣ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫ਼ੇ ਦੀ ਲੋੜ ਨੂੰ ਮੁੱਖ ਰੱਖਦਿਆਂ ਸੰਸਾਰੀਕਰਨ, ਉਦਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਲਈ ਸਨਅਤੀ, ਖੇਤੀ ਅਤੇ ਆਰਥਿਕ ਨੀਤੀਆਂ ਵਿੱਚ ਤਬਦੀਲੀਆਂ ਕੀਤੀਆਂ ਹਨ। ਇਸ ਦੌਰਾਨ ਸਰਕਾਰੀ ਵਿਭਾਗਾਂ ਤੇ ਮੰਡੀਆਂ ਦਾ ਨਿੱਜੀਕਰਨ ਕਰਕੇ ਘੱਟੋ-ਘੱਟ ਸਮਰਥਨ ਮੁੱਲ ਤੇ ਘੱਟੋ-ਘੱਟ ਤਨਖਾਹ ਦੀ ਨੀਤੀ ਰੱਦ ਕਰ ਕੇ ਲੁੱਟ ਦਾ ਰਾਹ ਪੱਧਰਾ ਕੀਤਾ ਗਿਆ ਹੈ। ਬੁਲਾਰਿਆਂ ਸੁਖਪ੍ਰੀਤ ਸਿੰਘ, ਤਰਸੇਮ ਲਾਲ ਅਤੇ ਬਲਵੀਰ ਸਿੰਘ ਨੇ ਕਿਹਾ ਕਿ ਪੱਕੇ ਰੁਜ਼ਗਾਰ ਦਾ ਖਾਤਮਾ ਕਰਕੇ, ਸਰਕਾਰੀ ਖ੍ਰੀਦ ਬੰਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।