ਜਨਤਕ ਜਥੇਬੰਦੀਆਂ ਨੇ ਸਾਈਬਾਬਾ ਦੀ ਮੌਤ ਨੂੰ ਰਾਜਸੀ ਕਤਲ ਕਰਾਰ ਦਿੱਤਾ
ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਕਤੂਬਰ
ਇੱਥੇ ਜਨਤਕ ਜਮਹੂਰੀ ਜਥੇਬੰਦੀਆਂ ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਜਮਹੂਰੀ ਅਧਿਕਾਰ ਸਭਾ, ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ, ਇਨਕਲਾਬੀ ਮਜ਼ਦੂਰ ਕੇਂਦਰ ਦੇ ਆਗੂਆਂ ਨੇ ਪ੍ਰੋ. ਜੀਐੱਨ ਸਾਈਬਾਬਾ ਦੀ ਮੌਤ ਨੂੰ ਰਾਜਸੀ ਕਤਲ ਕਰਾਰ ਦਿੱਤਾ ਹੈ। ਜਥੇਬੰਦੀਆਂ ਦੇ ਆਗੂਆਂ ਪ੍ਰੋ. ਏ ਕੇ ਮਲੇਰੀ, ਜਸਵੰਤ ਜੀਰਖ, ਡਾ. ਹਰਬੰਸ ਗਰੇਵਾਲ ਅਤੇ ਕਾਮਰੇਡ ਸੁਰਿੰਦਰ ਨੇ ਦੋਸ਼ ਲਾਇਆ ਕਿ ਭਾਰਤੀ ਹਾਕਮਾਂ ਵੱਲੋਂ ਇਲਾਜ ਵਿੱਚ ਜਾਣਬੁੱਝ ਕੇ ਕੀਤੀ ਕੁਤਾਹੀ ਕਾਰਨ ਉਹ ਗੰਭੀਰ ਬਿਮਾਰੀਆਂ ਦੀ ਜਕੜ ਵਿੱਚ ਆ ਗਏ ਸਨ, ਜਿਸ ਕਾਰਨ ਸਮਾਜ ਲਈ ਜਮਹੂਰੀ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸਾਈਬਾਬਾ ਦੀ ਮੌਤ ਹੋ ਗਈ। ਸਾਈਬਾਬਾ ਇੱਕ ਵਿਦਵਾਨ, ਲੇਖਕ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਸਨ। ਉਨ੍ਹਾਂ ਵੱਲੋਂ ਆਦਿਵਾਸੀ ਲੋਕਾਂ ’ਤੇ ਹੁੰਦੇ ਹਕੂਮਤੀ ਜਬਰ ਖਿਲਾਫ਼ ਅਤੇ ਮਨੁੱਖੀ ਹੱਕਾਂ ਲਈ ਲਗਾਤਾਰ ਆਵਾਜ਼ ਉਠਾਈ ਜਾਂਦੀ ਰਹੀ ਸੀ, ਜਿਸ ਕਾਰਨ ਮਾਓਵਾਦੀ ਸੰਗਠਨ ਨਾਲ ਕਥਿਤ ਸਬੰਧਾਂ ਲਈ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਆਗੂਆਂ ਨੇ ਕਿਹਾ ਕਿ ਭਾਵੇਂ ਸਾਈਬਾਬਾ ਅਤੇ ਪੰਜ ਹੋਰਾਂ ਨੂੰ ਅਕਤੂਬਰ 2022 ਵਿੱਚ ਬਰੀ ਕਰ ਦਿੱਤਾ ਗਿਆ ਸੀ, ਪਰ ਜੇਲ੍ਹ ਵਿੱਚ ਰਹਿੰਦਿਆਂ ਜਿਹੜੀਆਂ ਬਿਮਾਰੀਆਂ ਨਾਲ ਉਹ ਪੀੜਤ ਹੋਏ, ਉਨ੍ਹਾਂ ਤੋਂ ਬਰੀ ਨਹੀਂ ਹੋ ਸਕੇ, ਜਿਨ੍ਹਾਂ ਲਈ ਸਰਕਾਰੀ ਤੰਤਰ ਜ਼ਿੰਮੇਵਾਰ ਹੈ।
ਪੰਜਾਬੀ ਸਾਹਿਤ ਅਕਾਡਮੀ ਵੱਲੋਂ ਦੁੱਖ ਦਾ ਪ੍ਰਗਟਾਵਾ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਪ੍ਰੋ. ਜੀ.ਐੱਨ. ਸਾਈਬਾਬਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਅਤੇ ਦਿੱਲੀ, ਯੂਨੀਵਰਸਿਟੀ ਦੇ ਸਾਬਕਾ ਪ੍ਰੋ. ਜੀ. ਐਨ. ਸਾਈਬਾਬਾ ਨੇ ਇੱਕ ਮਨੁੱਖੀ ਅਧਿਕਾਰ ਕਾਰਕੁਨ ਵਜੋਂ ਆਪਣੀ ਪੂਰੀ ਜ਼ਿੰਦਗੀ ਲੋਕ ਘੋਲਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਪ੍ਰੋ. ਜੀ. ਐੱਨ. ਸਾਈਬਾਬਾ ਦੀ ਬੇਵਕਤੀ ਮੌਤ ਇੱਕ ਸੰਸਥਾਗਤ ਕਤਲ ਦੀ ਮਿਸਾਲ ਪੇਸ਼ ਕਰਦਾ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਜਨਮੇਜਾ ਸਿੰਘ ਜੌਹਲ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ ਅਤੇ ਕਰਮਜੀਤ ਸਿੰਘ ਗਰੇਵਾਲ ਸਮੇਤ ਸਮੂਹ ਮੈਂਬਰ ਸ਼ਾਮਲ ਹਨ। -ਖੇਤਰੀ ਪ੍ਰਤੀਨਿਧ