ਪੰਜਾਬ: 20 ਗਊਆਂ ਦੀ ਮੌਤ, ਕਈ ਬਿਮਾਰ; ਹਿੰਦੂ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ
ਫਗਵਾੜਾ, 9 ਦਸੰਬਰ
ਇੱਥੇ ਇੱਕ ਗਊਸ਼ਾਲਾ ਵਿੱਚ ਅਚਾਨਕ 20 ਗਊਆਂ ਦੀ ਮੌਤ ਅਤੇ 28 ਗਊਆਂ ਦੇ ਬਿਮਾਰ ਹੋ ਜਾਣ ਕਾਰਨ ਵੱਖ-ਵੱਖ ਹਿੰਦੂ ਸੰਗਠਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਗਊਆਂ ਦੀ ਖੁਰਾਕ ਵਿੱਚ ਜ਼ਹਿਰ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ ਸੋਮਵਾਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਸੀ।
ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਪਿੱਛੇ ਕਿਸੇ ਵੀ ਤਰ੍ਹਾਂ ਦੇ ਮਾੜੇ ਇਰਾਦੇ ਦਾ ਸ਼ੱਕ ਨਹੀਂ ਹੈ। ਇੱਕ ਪੁਲੀਸ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਇਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਗਵਾੜਾ ਦੀ ਪੁਲੀਸ ਸੁਪਰਡੈਂਟ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਐਤਵਾਰ ਰਾਤ ਇੱਥੇ ਮੇਹਲੀ ਗੇਟ ਸਥਿਤ ਸ੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ 20 ਗਾਵਾਂ ਦੀ ਮੌਤ ਹੋ ਗਈ ਅਤੇ 28 ਹੋਰ ਬਿਮਾਰ ਹੋ ਗਈਆਂ।
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਵਿਖੇ ਪਸ਼ੂਆਂ ਦੇ ਡਾਕਟਰਾਂ ਦਾ ਇਕ ਬੋਰਡ ਲਾਸ਼ਾਂ ਦਾ ਪੋਸਟਮਾਰਟਮ ਕਰ ਰਿਹਾ ਹੈ। ਭੱਟੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ, ‘‘ਸਾਨੂੰ ਘਟਨਾ ਦੇ ਪਿੱਛੇ ਕੋਈ ਮਾੜਾ ਇਰਾਦਾ ਨਹੀਂ ਮਿਲਿਆ ਹੈ ਪਰ ਅਸੀਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ।’’
ਗਊਸ਼ਾਲਾ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਸ ਘਟਨਾ ਪਿੱਛੇ ਕੋਈ ਸ਼ਰਾਰਤ ਸੀ। ਬਿਮਾਰ ਗਊਆਂ ਦਾ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਗਊਸ਼ਾਲਾ ਦੇ ਪ੍ਰਬੰਧਕ ਸਤਨਾਮ ਸਿੰਘ ਦੀ ਸ਼ਿਕਾਇਤ ’ਤੇ ਇਸ ਮਾਮਲੇ 'ਚ ਧਾਰਾ 299 ਅਤੇ 325 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਧਰ ਇਸ ਘਟਨਾ ਦੇ ਵਿਰੋਧ 'ਚ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਸੱਦੇ ’ਤੇ ਫਗਵਾੜਾ ਬੰਦ ਰੱਖਿਆ ਗਿਆ। ਹਿੰਦੂ ਸੰਗਠਨਾਂ ਨੇ ਦੋਸ਼ ਲਾਇਆ ਕਿ ਗਾਵਾਂ ਦੇ ਚਾਰੇ ਵਿੱਚ ਜ਼ਹਿਰ ਦਿੱਤਾ ਗਿਆ ਸੀ ਅਤੇ ਘਟਨਾ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਸੀ। ਵੱਡੀ ਗਿਣਤੀ ਵਿੱਚ ਹਿੰਦੂ ਜਥੇਬੰਦੀਆਂ ਦੇ ਕਾਰਕੁਨਾਂ ਨੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ। ਪੀਟੀਆਈ