Punjab and Haryana Farmers: ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰੇਗਾ ਕੇਂਦਰ
ਨਵੀਂ ਦਿੱਲੀ, 4 ਫਰਵਰੀ
ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਹੈ ਤੇ ਕਿਸਾਨਾਂ ਨਾਲ ਛੇਵੇਂ ਗੇੜ ਦੀ ਗੱਲਬਾਤ 14 ਫਰਵਰੀ ਨੂੰ ਹੋਵੇਗੀ। ਉਨ੍ਹਾਂ ਲੋਕ ਸਭਾ ਵਿਚ ਇਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਕਿਹਾ ਕਿ ਪਿਛਲੇ ਮਹੀਨੇ ਹੋਈ ਗੱਲਬਾਤ ਵਿੱਚ ਸਰਕਾਰ ਨੇ ਕੁਝ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਲਈ ਪੰਜ ਸਾਲਾ ਯੋਜਨਾ ਦੀ ਤਜਵੀਜ਼ ਰੱਖੀ ਸੀ ਪਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੀ ਸੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ ਅਤੇ ਸਿਖਰਲੀ ਅਦਾਲਤ ਨੇ ਇਸ ਸਬੰਧੀ ਕਮੇਟੀ ਵੀ ਬਣਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 8 ਫਰਵਰੀ 2024 ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪਹਿਲ ਸ਼ੁਰੂ ਕੀਤੀ ਸੀ। ਬਾਅਦ ਵਿੱਚ ਪਿਛਲੇ ਸਾਲ 12, 15, 18 ਫਰਵਰੀ ਅਤੇ ਇਸ ਸਾਲ 18 ਜਨਵਰੀ ਨੂੰ ਗੱਲਬਾਤ ਹੋਈ ਪਰ ਸਾਰੀਆਂ ਮੰਗਾਂ ’ਤੇ ਸਹਿਮਤੀ ਨਹੀਂ ਬਣੀ। -ਪੀਟੀਆਈ