For the best experience, open
https://m.punjabitribuneonline.com
on your mobile browser.
Advertisement

Punjab Big Breaking: ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ, ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ

06:22 PM Jan 10, 2025 IST
punjab big breaking  ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ  ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ
ਸੁਖਬੀਰ ਸਿੰਘ ਬਾਦਲ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ/ਪੀਟੀਆਈ
ਚੰਡੀਗੜ੍ਹ, 10 ਜਨਵਰੀ
Punjab News: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਵਰਕਿੰਗ ਕਮੇਟੀ ਨੇ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇਥੇ ਦਲ ਦੇ ਮੁੱਖ ਦਫ਼ਤਰ ਵਿਖੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ। ਇਹ ਜਾਣਕਾਰੀ ਪਾਰਟੀ ਆਗੂਆਂ ਨੇ ਦਿੱਤੀ ਹੈ। ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ। ਵਰਕਿੰਗ ਕਮੇਟੀ ਨੇ 20 ਜਨਵਰੀ ਨੂੰ ਨਵੀਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਅਤੇ 1 ਮਾਰਚ ਨੂੰ ਨਵੇਂ ਪ੍ਰਧਾਨ ਦੇ ਅਹੁਦੇ ਲਈ ਚੋਣ ਕਰਵਾਉਣ ਦਾ ਐਲਾਨ ਕੀਤਾ ਹੈ।
ਮੀਟਿੰਗ 'ਚ ਵਰਕਿੰਗ ਕਮੇਟੀ ਨੇ ਕਾਫ਼ੀ ਵਿਚਾਰ-ਵਟਾਂਦਰਾ ਕਰਨ ਮਗਰੋਂ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਹੈ। ਸ੍ਰੀ ਬਾਦਲ ਨੇ ਬੀਤੀ 16 ਨਵੰਬਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਵਰਕਿੰਗ ਕਮੇਟੀ ਨੇ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਤੋਂ ਇਲਾਵਾ ਬਾਕੀ ਲੀਡਰਾਂ ਦੇ ਅਸਤੀਫੇ ਵੀ ਮਨਜ਼ੂਰ ਕਰ ਲਏ ਜਾਣਗੇ। ਇਸ ਮੌਕੇ ਕਮੇਟੀ ਨੇ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਸੁਖਬੀਰ ਸਿੰਘ ਬਾਦਲ 2008 ’ਚ ਸਭ ਤੋਂ ਛੋਟੀ ਉਮਰ ਦੇ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ। ਉਨ੍ਹਾਂ ਨੇ 16 ਨਵੰਬਰ ਨੂੰ ਅਸਤੀਫਾ ਦਿੱਤਾ ਸੀ। ਇਸ ਦੌਰਾਨ 2 ਦਸੰਬਰ, 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ 5 ਸਿੰਘ ਸਾਹਿਬਾਨ ਨੇ ਹੁਕਮਨਾਮਾ ਜਾਰੀ ਕਰਦੇ ਦਾਗੀ ਅਕਾਲੀ ਨੇਤਾਵਾਂ ਦੇ ਅਸਤੀਫ਼ੇ ਮਨਜ਼ੂਰ ਕਰ ਕੇ ਅਕਾਲ ਤਖ਼ਤ ਉਤੇ ਭੇਜਣ ਦਾ ਹੁਕਮ ਜਾਰੀ ਕੀਤਾ ਸੀ। ਸ੍ਰੀ ਅਕਾਲ ਤਖ਼ਤ ਨੇ ਇਸ ਤੋਂ ਪਹਿਲਾਂ ਬੀਤੀ 30 ਅਗਸਤ ਨੂੰ ਸ੍ਰੀ ਬਾਦਲ ਨੂੰ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਹੋਈਆਂ ‘ਗ਼ਲਤੀਆਂ’ ਲਈ ‘ਤਨਖ਼ਾਹੀਆ’ ਕਰਾਰ ਦੇ ਦਿੱਤਾ ਸੀ ਤੇ ਬਾਅਦ ਵਿਚ ਇਸ ਸਬੰਧੀ ਉਨ੍ਹਾਂ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਹਾਲੇ ਤੱਕ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਕਰਨ ਸਬੰਧੀ ਅਕਾਲ ਤਖ਼ਤ ਦੇ ਹੁਕਮਾਂ ਤਹਿਤ ਕਾਰਵਾਈ ਨਾ ਕੀਤੇ ਜਾਣ ਕਾਰਨ ਦਲ ਉਤੇ ਸਵਾਲ ਉੱਠ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀਆਂ ਵੱਲੋਂ ਅਕਾਲੀ ਦਲ ਤੇ ਸੁਖਬੀਰ ਬਾਦਲ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਸੀ।
ਇਸ ਦੌਰਾਨ ਸੁਖਬੀਰ ਬਾਦਲ ਨੇ ਵਰਕਿੰਗ ਕਮੇਟੀ ਵੱਲੋਂ ਆਪਣਾ ਅਸਤੀਫ਼ਾ ਮਨਜ਼ੂਰ ਕਰ ਲਏ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਵਰਕਰਾਂ ਤੇ ਆਗੂਆਂ ਦਾ ਉਨ੍ਹਾਂ ਤੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਹੈ।

Advertisement

Advertisement
Advertisement
Author Image

Balwinder Singh Sipray

View all posts

Advertisement