Punjab Budget ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ; ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
ਚਰਨਜੀਤ ਭੁੱਲਰ/ਆਤਿਸ਼ ਗੁਪਤਾ
ਚੰਡੀਗੜ੍ਹ, 26 ਮਾਰਚ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਪੇਸ਼ ਬਜਟ ਵਿਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ 2,30,080 ਕਰੋੜ ਦੇ ਅਨੁਮਾਨਾਂ ਵਾਲਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਹੋਵੇਗਾ ਤੇ ਹਰੇਕ ਪਰਿਵਾਰ ਨੂੰ ਸਕੀਮ ਦਾ ਲਾਭ ਮਿਲੇਗਾ। ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਬਜਟ ਵਿਚ ਪਹਿਲੀ ਡਰੱਗ ਸੈਂਸਿਜ਼ ਸ਼ੁਰੂ ਕਰਨ ਸਮੇਤ ਹੋਰ ਕਈ ਐਲਾਨ ਕੀਤੇ ਗਏ ਹਨ। ਸਿੱਖਿਆ ਲਈ 12 ਫੀਸਦ ਦੇ ਵਾਧੇ ਨਾਲ 17,975 ਕਰੋੜ ਦਾ ਬਜਟ ਰੱਖਿਆ ਗਿਆ ਹੈ। ਖੇਤੀ ਸੈਕਟਰ ਲਈ 14524 ਕਰੋੜ ਰੁਪਏ ਤੇ 300 ਯੂਨਿਟ ਮੁਫ਼ਤ ਬਿਜਲੀ ਲਈ 7614 ਕਰੋੜ ਰੱਖੇ ਗਏ ਹਨ। ਖੇਤੀ ਸੈਕਟਰ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰਾਖਵੇਂ ਰੱਖੇ ਗਏ ਹਨ।
ਔਰਤਾਂ ਲਈ 1100 ਰੁਪਏ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ। ਮਹਿਲਾਵਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਸੂਬੇ ਨੂੰ ਦਰਪੇਸ਼ ਆਰਥਿਕ ਤੰਗੀ ਦੇ ਮੱਦੇਨਜ਼ਰ ਫੈਸਲਾ ਫਿਲਹਾਲ ਅੱਗੇ ਪੈ ਗਿਆ ਹੈ।
ਬਜਟ ਤਜਵੀਜ਼ਾਂ ਮੁੱਖ ਤੌਰ ’ਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ, ਜਨਤਕ ਸਿੱਖਿਆ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਉਦਯੋਗਿਕ ਨਿਵੇਸ਼ ਲਈ ਅਨੁਕੂਲ ਮਾਹੌਲ ਸਿਰਜਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵੱਲ ਕੇਂਦਰਿਤ ਹਨ।
ਮਹਿਲਾਵਾਂ ਨੂੰ 1100 ਰੁਪਏ ਵਾਲੀ ਗਾਰੰਟੀ ਜਲਦੀ ਪੂਰੀ ਕਰਾਂਗੇ: ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ 1100 ਰੁਪਏ ਮਾਸਿਕ ਦੇਣ ਦੀ ਗਾਰੰਟੀ ਜਲਦੀ ਪੂਰੀ ਕਰੇਗੀ। ਚੀਮਾ ਨੇ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਵਿੱਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਫੰਡਾਂ ਦੇ ਪ੍ਰਬੰਧ ਬਾਰੇ ਅਧਿਐਨ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਗਾਰੰਟੀ ਪੂਰੀ ਕੀਤੀ ਜਾਵੇਗੀ।’’
ਬਜਟ ਵਿੱਚ ਅੰਕੜਿਆਂ ਦੇ ਹੇਰਫੇਰ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਪਰਗਟ ਸਿੰਘ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਬਜਟ ਵਿੱਚ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਸਿਰ ਇੱਕ ਲੱਖ 20 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੜ੍ਹ ਚੁੱਕਾ ਹੈ ਜੋ ਕਿ ਲਗਾਤਾਰ ਵੱਧ ਰਿਹਾ ਹੈ। ਇਸ ਨਾਲ ਸੂਬੇ ਦੀ ਆਰਥਿਕ ਹਾਲਤ ਲਗਾਤਾਰ ਮਾੜੀ ਹੁੰਦੀ ਜਾ ਰਹੀ ਹੈ। ਇਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ ਦੇ ਬਜਟ ਵਿੱਚ ਵਾਧੇ ਕਰਨ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਉਸ ਪਾਸੇ ਵੀ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਘੇਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਕੋਈ ਵੀ ਸੜਕ ਬੰਦ ਨਹੀਂ ਹੈ, ਪਰ ਇਸ ਦੇ ਬਾਵਜੂਦ ਪੁਲੀਸ ਵੱਲੋਂ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਨਿਖੇਧੀਯੋਗ ਹੈ।
ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ: ਅਮਨ ਅਰੋੜਾ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਤਕੀਂ ਬਜਟ ਵਿੱਚ ਖੇਡਾਂ, ਸਿੱਖਿਆ, ਸਿਹਤ, ਉਦਯੋਗ ਸਣੇ ਹਰ ਵਰਗ ਨੂੰ ਵੱਡੇ ਫੰਡ ਦਿੱਤੇ ਗਏ ਹਨ। ਖੇਡਾਂ ਲਈ 979 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ ਜੋ ਕਿ ਸਾਲ 2010 ਤੋਂ 2022 ਤੱਕ ਦੇ ਫੰਡਾ ਨਾਲੋਂ ਕਿਤੇ ਵੱਧ ਹੈ। ਇਸੇ ਤਰ੍ਹਾਂ ਸਿਹਤ ਸਹੂਲਤਾਂ ਲਈ 5600 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਤੇ ਸੜਕਾਂ ਦੇ ਨਿਰਮਾਣ ਲਈ 28 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ। ਅਰੋੜਾ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ।
ਪੇਂਡੂ ਵਸੋਂ ਲਈ ਪੀਣ ਵਾਲੇ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ: ਮੁੰਡੀਆਂ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਹੈ।
ਸ੍ਰੀ ਮੁੰਡੀਆਂ ਨੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।
ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਈਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹੱਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।
ਪੰਜਾਬ ਵਿੱਚ ਬਿਨਾ ਲਾਇਸੈਂਸ ਤੋਂ ਈ-ਰਿਕਸ਼ਾ ਚਲਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ: ਲਾਲਜੀਤ ਭੁੱਲਰ
ਪੰਜਾਬ ਦੇ ਟਰਾਂਸਪੋਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਪੰਜਾਬ ਵਿੱਚ ਬਿਨਾਂ ਲਾਇਸੈਂਸ ਤੋਂ ਈ-ਰਿਕਸ਼ਾ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਂਗਰਸੀ ਵਿਧਾਇਕ ਅਵਤਾਰ ਹੈਨਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਈ ਰਿਕਸ਼ਾ ਸਬੰਧੀ ਪਹਿਲਾਂ ਹੀ ਨਿਯਮ ਤਿਆਰ ਕੀਤੇ ਗਏ ਹਨ ਜੇਕਰ ਕੋਈ ਨਿਯਮ ਦੇ ਵਿਰੁੱਧ ਜਾਵੇਗਾ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਚੀਮਾ ਵੱਲੋਂ ਸਵੇਰੇ 11 ਵਜੇ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕੀਤਾ ਜਾਵੇਗਾ।
ਪੰਜਾਬ ਸਰਕਾਰ ਔਰਤਾਂ ਲਈ ਇੱਕ-ਇੱਕ ਹਜ਼ਾਰ ਰੁਪਏ ਜਾਰੀ ਕਰੇ: ਸੁਖਵਿੰਦਰ ਕੋਟਲੀ
ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸੂਬੇ ਸਿਰ ਲਗਾਤਾਰ ਵੱਧ ਰਹੇ ਕਰਜ਼ੇ ਲਈ ‘ਆਪ’ ਸਰਕਾਰ ਨੂੰ ਘੇਰਿਆ ਹੈ। ਕੋਟਲੀ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋ ਸਕਿਆ। ਇਸ ਤਰ੍ਹਾਂ ਪੰਜਾਬ ਸਰਕਾਰ ਵੱਲ ਸੂਬੇ ਦੀਆਂ ਔਰਤਾਂ ਦਾ ਹੁਣ ਤੱਕ ਦਾ 36 ਹਜ਼ਾਰ ਕਰੋੜ ਰੁਪਏ ਬਕਾਇਆ ਖੜਾ ਹੈ, ਜਿਸ ਨੂੰ ਸਰਕਾਰ ਵੱਲੋਂ ਜਲਦੀ ਜਾਰੀ ਕੀਤਾ ਜਾਦਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦੇ ਬਜਟ ਵਿੱਚ ਔਰਤਾਂ ਲਈ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ।