For the best experience, open
https://m.punjabitribuneonline.com
on your mobile browser.
Advertisement

ਪੰਜਾਬ ਬਜਟ ਇਜਲਾਸ ਹੰਗਾਮੇ ਨਾਲ ਸ਼ੁਰੂ

07:18 AM Mar 02, 2024 IST
ਪੰਜਾਬ ਬਜਟ ਇਜਲਾਸ ਹੰਗਾਮੇ ਨਾਲ ਸ਼ੁਰੂ
ਵਿਧਾਨ ਸਭਾ ’ਚ ਬਜਟ ਇਜਲਾਸ ਦੌਰਾਨ ਰਾਸ਼ਟਰੀ ਗਾਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਆਗੂ।
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 1 ਮਾਰਚ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਹੰਗਾਮੇ ਭਰੇ ਮਾਹੌਲ ’ਚ ਸ਼ੁਰੂ ਹੋ ਗਿਆ ਹੈ ਜੋ 15 ਮਾਰਚ ਤੱਕ ਚੱਲੇਗਾ। ਸਦਨ ’ਚ ਜਿਵੇਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਸ਼ਨ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਨੇ ਵਿਘਨ ਪਾਉਣਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੌਜੂਦਾ ਕਿਸਾਨੀ ਘੋਲ ਦੇ ਸੰਦਰਭ ਵਿਚ ਕਿਸਾਨੀ ਮੁੱਦਿਆਂ ’ਤੇ ਚਰਚਾ ਦੀ ਮੰਗ ਕੀਤੀ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਵੱਲੋਂ ਹੱਦਾਂ ਸੀਲ ਕੀਤੇ ਜਾਣ ’ਤੇ ਇਤਰਾਜ਼ ਜਤਾਇਆ। ਵਿਰੋੋਧੀ ਧਿਰ ਦੇ ਵਿਧਾਇਕਾਂ ਨੇ ਸਦਨ ਵਿਚ ਤਖ਼ਤੀਆਂ ਦਿਖਾਈਆਂ ਅਤੇ ਰਾਜਪਾਲ ਨੂੰ ਕਿਸਾਨ ਮਸਲਿਆਂ ’ਤੇ ਬੋਲਣ ਲਈ ਕਿਹਾ। ਰਾਜਪਾਲ ਨੇ ਵਿਰੋਧੀ ਧਿਰ ਨੂੰ ਪਹਿਲਾਂ ਭਾਸ਼ਨ ਸੁਣਨ ਦੀ ਨਸੀਹਤ ਦਿੱਤੀ ਪਰ ਕਾਂਗਰਸੀ ਵਿਧਾਇਕ ਬਿਨਾਂ ਰੁਕੇ ਨਾਅਰੇਬਾਜ਼ੀ ਕਰਦੇ ਰਹੇ। ਰਾਜਪਾਲ ਨੇ ਉਨ੍ਹਾਂ ਨੂੰ ਸੀਟਾਂ ’ਤੇ ਬੈਠਣ ਦੀ ਤਾਕੀਦ ਕੀਤੀ ਅਤੇ ਵਿਰੋਧੀ ਧਿਰ ਦੇ ਵਿਵਹਾਰ ’ਤੇ ਇਤਰਾਜ਼ ਕੀਤਾ।
ਸਪੀਕਰ ਦੇ ਆਸਣ ਅੱਗੇ ਜਦੋਂ ਵਿਰੋਧੀ ਧਿਰ ਨੇ ਰੌਲਾ-ਰੱਪਾ ਜਾਰੀ ਰੱਖਿਆ ਤਾਂ ਰਾਜਪਾਲ ਨੇ ਪਹਿਲਾ ਅਤੇ ਆਖਰੀ ਪੈਰ੍ਹਾ ਪੜ੍ਹ ਕੇ 11 ਮਿੰਟਾਂ ’ਚ ਹੀ ਭਾਸ਼ਨ ਸਮੇਟ ਦਿੱਤਾ। ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਭਾਸ਼ਨ ਅੱਜ ਰਾਜਪਾਲ ਸਦਨ ਵਿਚ ਮੁਕੰਮਲ ਰੂਪ ਵਿਚ ਪੜ੍ਹ ਨਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਸਦਨ ਵਿਚ ਹਾਜ਼ਰੀ ਦੌਰਾਨ ਵਿਰੋਧੀ ਧਿਰ ਨੇ ਕਿਸਾਨੀ ਘੋਲ ਦੌਰਾਨ ਜਿਥੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ, ਉਥੇ ਪੰਜਾਬ ਸਰਕਾਰ ਨੂੰ ਵੀ ਘੇਰਿਆ। ਰਾਜਪਾਲ ਦੇ ਭਾਸ਼ਨ ਮਗਰੋਂ ਜਿਵੇਂ ਹੀ ਰਾਸ਼ਟਰੀ ਗਾਣ ਸ਼ੁੁਰੂ ਹੋਇਆ ਤਾਂ ਵਿਰੋਧੀ ਧਿਰ ਸ਼ਾਂਤ ਹੋ ਗਈ। ਰਾਸ਼ਟਰੀ ਗਾਣ ਦੇ ਖਤਮ ਹੋਣ ਮਗਰੋਂ ਨਾਅਰੇਬਾਜ਼ੀ ਮੁੜ ਸ਼ੁਰੂ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਧਾਇਕਾਂ ਤੋਂ ਇਲਾਵਾ ਬਸਪਾ ਦੇ ਵਿਧਾਇਕ ਸਮੇਤ ਸੰਦੀਪ ਜਾਖੜ ਨੇ ਸਦਨ ਵਿਚ ਕਾਂਗਰਸ ਦਾ ਸਾਥ ਦੇਣ ਦੀ ਥਾਂ ਰਾਜਪਾਲ ਦਾ ਭਾਸ਼ਨ ਸੁਣਨ ਨੂੰ ਤਰਜੀਹ ਦਿੱਤੀ। ਬਜਟ ਸੈਸ਼ਨ ਦੀ ਸ਼ੁਰੂਆਤ ’ਚ ਹੀ ਅਸਿੱਧੇ ਤੌਰ ’ਤੇ ਅਗਾਮੀ ਲੋਕ ਸਭਾ ਚੋਣਾਂ ਦਾ ਪਰਛਾਵਾਂ ਦੇਖਣ ਨੂੰ ਮਿਲਿਆ। ਇਸੇ ਕਾਰਨ ਵਿਰੋਧੀ ਧਿਰ ਨੇ ਕੋਈ ਮੌਕਾ ਖੁੰਝਣ ਨਹੀਂ ਦਿੱਤਾ। ਰਾਜਪਾਲ ਦੇ ਸੰਖੇਪ ਭਾਸ਼ਨ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

Advertisement

ਸ਼ੁਭਕਰਨ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੌਜੂਦਾ ਕਿਸਾਨੀ ਘੋਲ ’ਚ ਸ਼ਹੀਦ ਹੋਏ ਪਿੰਡ ਬੱਲ੍ਹੋ (ਬਠਿੰਡਾ) ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਅਤੇ ਅਗਨੀਵੀਰ ਅਜੈ ਕੁਮਾਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸਿਪਾਹੀ ਹਰਸਿਮਰਨ ਸਿੰਘ, ਗਨਰ ਗੁਰਪ੍ਰੀਤ ਸਿੰਘ ਅਤੇ ਹੋਮ ਗਾਰਡ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਘੋਲ ਦੌਰਾਨ ਫੌਤ ਹੋਏ ਅੱਠ ਹੋਰ ਕਿਸਾਨਾਂ ਨੂੰ ਇਸ ਸੂਚੀ ਵਿਚ ਸ਼ਾਮਲ ਕਰਨ ਦੀ ਗੱਲ ਆਖੀ।

Advertisement

ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ ਮੁੱਖ ਮੰਤਰੀ: ਬਾਜਵਾ

ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਦਨ ਵਿਚ ਰਾਜਪਾਲ ਨੇ ਵਿਰੋਧੀ ਧਿਰ ਦੀ ਮੰਗ ਨੂੰ ਕਬੂਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਤਿਆਰ ‘ਝੂਠ ਦਾ ਪੁਲੰਦਾ’ ਪੜ੍ਹਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਅਣਪਛਾਤਿਆਂ ’ਤੇ ਦਰਜ ਪੁਲੀਸ ਕੇਸ ਸਰਕਾਰ ਦੀ ਨੀਅਤ ਨੂੰ ਦਰਸਾਉਂਦਾ ਹੈ ਅਤੇ ਸਮੁੱਚੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਰ ਹੋਈ ਹੈ ਜਿਸ ਕਰਕੇ ਉਨ੍ਹਾਂ ਨੂੰ ਨੈਤਿਕ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨੀ ਘੋਲ ’ਚ ਹੋਈਆਂ ਮੌਤਾਂ ਨੂੰ ਲੈ ਕੇ ਸ਼ੋਕ ਮਤਾ ਲਿਆਉਣ ਦੀ ਮੰਗ ਵੀ ਉਠਾਈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਅਤੇ ਸੀਮਾ ਨੂੰ ਸੁਰੱਖਿਅਤ ਨਹੀਂ ਰੱਖ ਸਕੇ ਹਨ। ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਰਾਹਾਂ ਵਿਚ ਕਿੱਲ ਗੱਡ ਕੇ ਆਪਣਾ ਚਿਹਰਾ ਦਿਖਾ ਦਿੱਤਾ ਹੈ ਅਤੇ ਕੇਂਦਰ ਮੰਨੀਆਂ ਮੰਗਾਂ ਤੋਂ ਹੀ ਪਿਛਾਂਹ ਹਟ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਸਣੇ ਜ਼ਿੰਮੇਵਾਰ ਲੋਕਾਂ ’ਤੇ ਬਾਈਨੇਮ ਕੇਸ ਦਰਜ ਕਰੇ। ਦੋਵੇਂ ਆਗੂਆਂ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਹਿੱਤਾਂ ਖਾਤਰ ਟਿਕ ਕੇ ਨਹੀਂ ਬੈਠੇਗੀ ਅਤੇ ਸੂਬਾ ਸਰਕਾਰ ਨੂੰ ਨੰਗਾ ਕੀਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਫਸਲਾਂ ’ਤੇ ਐੱਮਐੱਸਪੀ ਦੇਵੇ।

ਕਾਂਗਰਸ ਨੇ ਰਾਜਪਾਲ ਦੀ ਤੌਹੀਨ ਕੀਤੀ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਧਿਰ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ ਭਾਸ਼ਨ ਦੌਰਾਨ ਹੰਗਾਮਾ ਕਰਕੇ ਰਾਜਪਾਲ ਅਤੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋੋਧੀਆਂ ਨੂੰ ਰਾਜਪਾਲ ਦਾ ਭਾਸ਼ਨ ਪੂਰਾ ਸੁਣਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਦਰਜ ਪੁਲੀਸ ਕੇਸ ਦੀ ਜਾਂਚ ਦੌਰਾਨ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਰਵਾਈ ਹੋਵੇਗੀ। ਚੀਮਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਵਿਕਾਸਮੁਖੀ ਕਾਰਜਾਂ ਦੀ ਗੱਲ ਹੋਣੀ ਸੀ ਜਿਸ ਨੂੰ ਵਿਰੋਧੀ ਧਿਰ ਬਰਦਾਸ਼ਤ ਨਹੀਂ ਕਰ ਸਕੀ ਅਤੇ ਜਾਣ-ਬੁੱਝ ਕੇ ਰਾਜਪਾਲ ਦੇ ਭਾਸ਼ਨ ਵਿਚ ਅੜਿੱਕਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਕਿਸਾਨੀ ਸੰਘਰਸ਼ ਨੂੰ ਤਾਂ ਇੱਕ ਬਹਾਨਾ ਹੀ ਬਣਾਇਆ ਹੈ ਅਤੇ ਅਸਲ ਗੱਲ ਇਹ ਹੈ ਕਿ ਸਰਕਾਰ ਦੀਆਂ ਪ੍ਰਾਪਤੀਆਂ ਵਿਰੋਧੀਆਂ ਤੋਂ ਹਜ਼ਮ ਨਹੀਂ ਹੋ ਰਹੀਆਂ ਹਨ।

ਕਿਸਾਨੀ ਮੁੱਦਿਆਂ ’ਤੇ ਸਿਆਸਤ ਭਾਰੂ: ਭਾਜਪਾ

ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਸਦਨ ਤੋਂ ਬਾਹਰ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਹਰਿਆਣਾ ਦੀ ਤਰਜ਼ ’ਤੇ 14 ਫਸਲਾਂ ’ਤੇ ਐੱਮਐੱਸਪੀ ਦੇਣੀ ਚਾਹੀਦੀ ਹੈ। ਉਨ੍ਹਾਂ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਕੰਮਾਂ ਦਾ ਜ਼ਿਕਰ ਕਰਦਿਆਂ ਇਹ ਵੀ ਕਿਹਾ ਕਿ ਕਿਸਾਨੀ ਮੁੱਦਿਆਂ ’ਤੇ ਸਿਆਸਤ ਕੀਤੀ ਜਾ ਰਹੀ ਹੈ ਜਦੋਂ ਕਿ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਸੰਭਵ ਹੈ। ਉਨ੍ਹਾਂ ਕਿਹਾ ਕਿ ਕੇਂਦਰ ਹਾਲੇ ਵੀ ਗੱਲਬਾਤ ਲਈ ਤਿਆਰ ਹੈ।

Advertisement
Author Image

sukhwinder singh

View all posts

Advertisement