Punjab Budget session ਪੰਜਾਬ ਵਿੱਚ 52 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਸਰਕਾਰ: ਬਾਜਵਾ
ਆਤਿਸ਼ ਗੁਪਤਾ
ਚੰਡੀਗੜ੍ਹ 24 ਮਾਰਚ
Punjab Budget session ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਮੋਰਚੇ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ 52 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕਰ ਰਹੀ ਹੈ ਤੇ ਇਸ ਬਾਰੇ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਕਿ ਕਿਹੜੇ ਵਿਭਾਗ ਵਿੱਚ ਕਿੰਨੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਹੈ ਅਤੇ ਉਨ੍ਹਾਂ ਵਿੱਚੋਂ ਕਿੰਨੇ ਪੰਜਾਬ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ’ਤੇ ਕਾਰਵਾਈ ਕਰਨਾ ਅਤੇ ਉਨ੍ਹਾਂ ਦਾ ਸਮਾਨ ਗਾਇਬ ਕਰਵਾਉਣਾ ਬਹੁਤ ਮੰਦਭਾਗੀ ਗੱਲ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਰਾਜਪਾਲ ਵੱਲੋਂ ਅਸੈਂਬਲੀ ਵਿਚ ਦਿੱਤਾ ਭਾਸ਼ਣ ਝੂਠ ਦਾ ਪੁਲੰਦਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਚਾਰ ਮਹੀਨਿਆਂ ਵਿੱਚ ਨਸ਼ਿਆਂ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਅਜੇ ਤੱਕ ਉਹ ਖਤਮ ਨਹੀਂ ਹੋ ਸਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਆਖੀ ਸੀ ਉਹ ਵੀ ਅਜੇ ਤੱਕ ਪੂਰੀ ਨਹੀਂ ਹੋ ਸਕੀ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਸਾਰੇ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇਗਾ।