Punjab Vidhan Sabha: ਸੀਚੇਵਾਲ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸ
ਚਰਜਨੀਤ ਭੁੱਲਰ/ਆਤਿਸ਼ ਗੁਪਤਾ
ਚੰਡੀਗੜ੍ਹ, 27 ਮਾਰਚ
ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਤੇ ਸਿਰਫ਼ ਕਾਲ ਦੌਰਾਨ ਹੰਗਾਮਾ ਹੋਇਆ। ਐੱਮਐੱਲਏ ਇੰਦਰਜੀਤ ਕੌਰ ਮਾਨ ਨੇ ਇਸ ਮਾਮਲੇ ’ਤੇ ਵਿਰੋਧੀ ਧਿਰ ਦੇ ਲਾਗੂ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ।
ਉਸ ਸਮੇਂ ਬਾਜਵਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਸੰਬਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਗਈ। ਹੰਗਾਮੇ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਉਠਾ ਦਿੱਤੀ। ਸਦਨ ਮੁੜ ਜੁੜਨ ’ਤੇ ਇਸ ਮਾਮਲੇ ਉਤੇ ਫਿਰ ਹੰਗਾਮਾ ਹੋਇਆ।
52 ਨਵੇਂ ਕਿਰਤ ਇੰਸਪੈਕਟਰ ਛੇਤੀ ਕਰਨਗੇ ਜੁਆਇਨ: ਤਰੁਣਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਨਵੇਂ 52 ਲੇਬਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਦਿਆਂ ਉਨ੍ਹਾਂ ਨੂੰ ਜੁਆਇਨ ਕਰਵਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੀਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੇਬਰ ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ ‘ਪੂਰੀ ਹੋ ਚੁੱਕੀ’ ਹੈ ਤੇ ਉਨ੍ਹਾਂ ਨੂੰ ਜਲਦ ਹੀ ਜੁਆਇਨ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੇਬਰ ਇੰਸਪੈਕਟਰਾਂ ਦੀਆਂ ਕੁੱਲ 95 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਹਾਲੇ 35 ਉੱਤੇ ਹੀ ਕੰਮ ਕੀਤਾ ਜਾ ਰਿਹਾ ਹੈ।
ਕਾਂਗਰਸ ਵੱਲੋਂ ਦੂਸਰੀ ਵਾਰ ਵਿਧਾਨ ਸਭਾ ’ਚੋਂ ਵਾਕਆਊਟ
ਕਾਂਗਰਸ ਵੱਲੋਂ ਅੱਜ ਦੂਸਰੀ ਵਾਰ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਅੱਜ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤੇ ਉਪਰ ਚਰਚਾ ਦੌਰਾਨ ਤਲਖ਼ ਮਾਹੌਲ ਬਣਨ ਮਗਰੋਂ ਵਿਰੋਧੀ ਧਿਰ ਕਾਂਗਰਸ ਨੇ ਸਦਨ ’ਚੋਂ ਵਾਕਆਊਟ ਕੀਤਾ ਸੀ।
ਇਸ ਦੌਰਾਨ ਸਦਨ ’ਚ ਅੱਜ ਤੀਜੀ ਵਾਰ ਰੌਲਾ ਪੈਣ ਮਗਰੋਂ ਸਪੀਕਰ ਨੇ ਸਦਨ ਦੀ ਕਾਰਵਾਈ ਉਠਾ ਦਿੱਤੀ।
2500 ਈਟੀਟੀ ਅਧਿਆਪਕ ਕੀਤੇ ਜਾਣਗੇ ਭਰਤੀ: ਹਰਜੋਤ ਸਿੰਘ ਬੈਂਸ
ਪੰਜਾਬ ਨੂੰ ਜਲਦ ਹੀ 2500 ਨਵੇਂ ਈਟੀਟੀ ਅਧਿਆਪਕ ਮਿਲਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਚ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਇਸ਼ਾਂਕ ਚੱਬੇਵਾਲ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ 2500 ਈਟੀਟੀ ਅਧਿਆਪਕਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤੇ ਜਾਣਗੇ।
ਭਾਜਪਾ ਵਿਧਾਇਕ ਨੇ ਹਾਕਮ ਧਿਰ ਨੂੰ ਘੇਰਿਆ
ਪੰਜਾਬ ਵਿਧਾਨ ਸਭਾ ’ਚ ਅੱਜ ਸਿਫ਼ਰ ਕਾਲ ਦੌਰਾਨ ਭਾਜਪਾ ਐਮਐਲਏ ਅਸ਼ਵਨੀ ਸ਼ਰਮਾ ਨੇ ਹਾਕਮ ਧਿਰ ਨੂੰ ਘੇਰਿਆ। ਉਨ੍ਹਾਂ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਹਵਾਲੇ ਨਾਲ ਕਿਹਾ ਕਿ ਜੰਮੂ ਕਸ਼ਮੀਰ ਦੀ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੰਜਾਬ ’ਤੇ ਦੋਸ਼ ਲਾਇਆ ਹੈ ਕਿ ਪੰਜਾਬੀ ਜੰਮੂ ਕਸ਼ਮੀਰ ’ਚੋਂ ਗ਼ੈਰਕਾਨੂੰਨੀ ਮਾਈਨਿੰਗ ਕਰਦੇ ਹਨ ਅਤੇ ਬਦਲੇ ’ਚ ਪੰਜਾਬੀ ਚਿੱਟਾ ਦਿੰਦੇ ਨੇ। ਉਹਨਾਂ ਨੇ ਹਾਕਮ ਧਿਰ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ ਹੈ।
ਪੰਜਾਬ ਵਿਧਾਨ ਸਭਾ ’ਚ ਬਜਟ ’ਤੇ ਬਹਿਸ ਸ਼ੁਰੂ
ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਬਜਟ ’ਤੇ ਬਹਿਸ ਸ਼ੁਰੂ ਹੋ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤਾ ਸੀ।